- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਿਹਤ ਵਿਭਾਗ ਵੱਲੋਂ ਸਰਕਾਰੀ ਸਿਹਤ

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਮੋਗਾ: ਸਿਹਤ ਵਿਭਾਗ ਵੱਲੋਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਮਰੀਜ਼ਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਹਸਪਤਾਲਾਂ ਵਿਚ ਪ੍ਰਬੰਧਾਂ ਨੂੰ ਹੋਰ ਸੁਚਾਰੂ ਬਣਾਉਣ ਲਈ ਲਗਾਤਾਰ ਨਿਰੀਖਣ ਕੀਤੇ ਜਾ ਰਹੇ ਹਨ। ਇਸੇ ਤਹਿਤ ਸਿਵਲ ਸਰਜਨ ਮੋਗਾ ਡਾ. ਅਸ਼ੋਕ ਸਿੰਗਲਾ ਨੇ ਸਿਵਲ ਹਸਪਤਾਲ ਮੋਗਾ ਦੀ ਅਚਨਚੇਤ ਚੈਕਿੰਗ ਕੀਤੀ। ਚੈਕਿੰਗ ਦੌਰਾਨ ਸਿਵਲ ਸਰਜਨ ਵੱਲੋਂ ਹਸਪਤਾਲ ਦੇ ਵੱਖ-ਵੱਖ ਵਿਭਾਗਾਂ ਦਾ ਦੌਰਾ ਕਰਕੇ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ, ਸਟਾਫ਼ ਦੀ ਹਾਜ਼ਰੀ, ਸਫ਼ਾਈ ਪ੍ਰਬੰਧਾਂ ਅਤੇ ਹਸਪਤਾਲ ਵਿਚ ਚੱਲ ਰਹੀਆਂ ਸੇਵਾਵਾਂ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਨੇ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰਕੇ ਹਸਪਤਾਲ ਵਿਚ ਮਿਲ ਰਹੀਆਂ ਸਹੂਲਤਾਂ ਸਬੰਧੀ ਫੀਡਬੈਕ ਵੀ ਹਾਸਲ ਕੀਤਾ।ਡਾ. ਅਸ਼ੋਕ ਸਿੰਗਲਾ ਨੇ ਹਸਪਤਾਲ ਦੇ ਅਧਿਕਾਰੀਆਂ ਅਤੇ ਸਟਾਫ਼ ਨੂੰ ਹਦਾਇਤ ਕੀਤੀ ਕਿ ਮਰੀਜ਼ਾਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿਚ ਕਿਸੇ ਕਿਸਮ ਦੀ ਲਾਪਰਵਾਹੀ ਨਾ ਵਰਤੀ ਜਾਵੇ। ਉਨ੍ਹਾਂ ਕਿਹਾ ਕਿ ਹਸਪਤਾਲ ਵਿਚ ਆਉਣ ਵਾਲੇ ਹਰ ਮਰੀਜ਼ ਨਾਲ ਸਨਮਾਨਪੂਰਵਕ ਵਿਵਹਾਰ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਸਮੇਂ ਸਿਰ ਲੋੜੀਂਦੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ। ਉਨ੍ਹਾਂ ਨੇ ਹਸਪਤਾਲ ਦੇ ਸਫ਼ਾਈ ਪ੍ਰਬੰਧਾਂ ਵੱਲ ਵਿਸ਼ੇਸ਼ ਧਿਆਨ ਦੇਣ ਅਤੇ ਹਸਪਤਾਲ ਦੇ ਵੱਖ-ਵੱਖ ਵਾਰਡਾਂ ਅਤੇ ਹੋਰ ਸਥਾਨਾਂ ਵਿੱਚ ਸਫ਼ਾਈ ਵਿਵਸਥਾ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ। ਸਿਵਲ ਸਰਜਨ ਨੇ ਸਟਾਫ਼ ਨੂੰ ਆਪਣੀ ਡਿਊਟੀ ਪੂਰੀ ਜ਼ਿੰਮੇਵਾਰੀ, ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਉਣ ਦੀ ਹਦਾਇਤ ਕੀਤੀ। ਸਿਵਲ ਸਰਜਨ ਨੇ ਕਿਹਾ ਕਿ ਸਿਹਤ ਵਿਭਾਗ ਦਾ ਮੁੱਖ ਉਦੇਸ਼ ਲੋਕਾਂ ਨੂੰ ਸਰਕਾਰੀ ਸਿਹਤ ਸੰਸਥਾਵਾਂ ਵਿਚ ਮਿਆਰੀ, ਸੁਚੱਜੀਆਂ ਅਤੇ ਸਮੇਂ ਸਿਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਦੀ ਕਾਰਗੁਜ਼ਾਰੀ ਅਤੇ ਸਹੂਲਤਾਂ ਦੀ ਨਿਰੰਤਰ ਨਿਗਰਾਨੀ ਕੀਤੀ ਜਾ ਰਹੀ ਹੈ ਤਾਂ ਜੋ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਹਸਪਤਾਲ ਦੇ ਸੀਨੀਅਰ ਮੈਡੀਕਲ ਅਧਿਕਾਰੀ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਸਟਾਫ਼ ਹਾਜ਼ਰ ਸਨ।