
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਪਿੰਡ ਘੱਲ ਕਲਾਂ ਪੱਤੀ

ਕੁਲਵਿੰਦਰ ਸਿੰਘ ਸਹੋਤਾ ਪੰਜਾਬੀ ਜਾਗਰਣ ਘੱਲ ਕਲਾਂ : ਪਿੰਡ ਘੱਲ ਕਲਾਂ ਪੱਤੀ ਮਹਿਰ ਦੀ ਪੰਚਾਇਤ ਵੱਲੋਂ ਪਿੰਡ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣ ਦੇ ਮਕਸਦ ਨਾਲ ਵਿਸ਼ੇਸ਼ ਸਫਾਈ ਮੁਹਿੰਮ ਚਲਾਈ ਜਾ ਰਹੀ ਹੈ। ਪੰਚਾਇਤ ਵੱਲੋਂ ਪਿੰਡ ਦੀਆਂ ਗਲੀਆਂ, ਰਸਤਿਆਂ, ਜਨਤਕ ਥਾਵਾਂ ਅਤੇ ਹੋਰ ਲੋੜੀਂਦੇ ਸਥਾਨਾਂ ਦੀ ਸਫਾਈ ਕਰਵਾਈ ਜਾ ਰਹੀ ਹੈ। ਸਫਾਈ ਮੁਹਿੰਮ ਤਹਿਤ ਜਿੱਥੇ ਕੂੜਾ-ਕਰਕਟ ਅਤੇ ਗੰਦਗੀ ਨੂੰ ਹਟਾਇਆ ਜਾ ਰਿਹਾ ਹੈ, ਉੱਥੇ ਪਿੰਡ ਦੇ ਆਲੇ-ਦੁਆਲੇ ਦੇ ਵਾਤਾਵਰਨ ਨੂੰ ਵੀ ਸਾਫ਼ ਰੱਖਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਪਿੰਡ ਦੇ ਸਰਪੰਚ ਸੁਖਚੈਨ ਸਿੰਘ ਨੇ ਕਿਹਾ ਕਿ ਪਿੰਡ ਦੀ ਸਫਾਈ ਅਤੇ ਸੁੰਦਰਤਾ ਪੰਚਾਇਤ ਦੀਆਂ ਮੁੱਖ ਤਰਜੀਹਾਂ ਵਿੱਚ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਸਾਫ਼-ਸੁਥਰਾ ਵਾਤਾਵਰਨ ਸਿਹਤਮੰਦ ਜੀਵਨ ਲਈ ਬਹੁਤ ਜ਼ਰੂਰੀ ਹੈ ਅਤੇ ਇਸ ਲਈ ਪੰਚਾਇਤ ਵੱਲੋਂ ਸਮੇਂ-ਸਮੇਂ ’ਤੇ ਸਫਾਈ ਕਾਰਜ ਕਰਵਾਏ ਜਾ ਰਹੇ ਹਨ। ਸਰਪੰਚ ਸੁਖਚੈਨ ਸਿੰਘ ਨੇ ਕਿਹਾ ਕਿ ਸਫਾਈ ਸਿਰਫ਼ ਪੰਚਾਇਤ ਦੀ ਜ਼ਿੰਮੇਵਾਰੀ ਨਹੀਂ, ਸਗੋਂ ਪਿੰਡ ਦੇ ਹਰੇਕ ਵਸਨੀਕ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਦੇ ਨਾਲ-ਨਾਲ ਗਲੀਆਂ ਅਤੇ ਜਨਤਕ ਥਾਵਾਂ ਨੂੰ ਵੀ ਸਾਫ਼ ਰੱਖਣ ਅਤੇ ਕੂੜਾ ਇੱਧਰ-ਉੱਧਰ ਸੁੱਟਣ ਦੀ ਬਜਾਏ ਨਿਰਧਾਰਤ ਥਾਂ ’ਤੇ ਪਾਉਣ। ਉਨ੍ਹਾਂ ਕਿਹਾ ਕਿ ਪੰਚਾਇਤ ਵੱਲੋਂ ਪਿੰਡ ਨੂੰ ਹੋਰ ਸੁੰਦਰ ਬਣਾਉਣ ਅਤੇ ਸਫਾਈ ਵਿਵਸਥਾ ਨੂੰ ਬਿਹਤਰ ਕਰਨ ਲਈ ਭਵਿੱਖ ਵਿਚ ਵੀ ਲੋੜੀਂਦੇ ਕਦਮ ਚੁੱਕੇ ਜਾਣਗੇ। ਉਨ੍ਹਾਂ ਪਿੰਡ ਵਾਸੀਆਂ ਨੂੰ ਪੰਚਾਇਤ ਵੱਲੋਂ ਚਲਾਈ ਜਾ ਰਹੀ ਸਫਾਈ ਮੁਹਿੰਮ ਵਿੱਚ ਵੱਧ ਤੋਂ ਵੱਧ ਸਹਿਯੋਗ ਦੇਣ ਦੀ ਅਪੀਲ ਕੀਤੀ। ਇਸ ਮੌਕੇ ਸਰਪੰਚ ਸੁਖਚੈਨ ਸਿੰਘ ਤੋਂ ਇਲਾਵਾ ਪੰਚਾਇਤ ਮੈਂਬਰ ਕਰਮਜੀਤ ਸਿੰਘ, ਜਗਤਾਰ ਸਿੰਘ, ਅਜਮੇਰ ਸਿੰਘ ਅਤੇ ਹੋਰ ਵੀ ਹਾਜ਼ਰ ਸਨ।