- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਸਰਕਾਰ ਵੱਲੋਂ ਸੂਬੇ ਭਰ

ਸਫ਼ਾਈ ਕਰਮਚਾਰੀਆਂ ਦੀ ਕੀਤੀ ਸ਼ਲਾਘਾ, ਅਧਿਕਾਰੀਆਂ ਨੂੰ ਦਿੱਤੇ ਸਖ਼ਤ ਨਿਰਦੇਸ਼
ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਮੋਗਾ : ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿਚ ਸ਼ੁਰੂ ਕੀਤੇ ਗਏ “ਮਿਸ਼ਨ ਕਲੀਨ ਪੰਜਾਬ” ਅਭਿਆਨ ਨੂੰ ਜ਼ਮੀਨੀ ਪੱਧਰ ’ਤੇ ਸਫ਼ਲ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸ ਮਹੱਤਵਪੂਰਨ ਮੁਹਿੰਮ ਦਾ ਮੁੱਖ ਉਦੇਸ਼ ਪੰਜਾਬ ਦੇ ਸ਼ਹਿਰਾਂ ਅਤੇ ਕਸਬਿਆਂ ਨੂੰ ਸਾਫ਼-ਸੁਥਰਾ, ਪ੍ਰਦੂਸ਼ਣ ਮੁਕਤ ਅਤੇ ਸੁੰਦਰ ਬਣਾਉਣਾ ਹੈ ਤਾਂ ਜੋ ਆਮ ਲੋਕਾਂ ਨੂੰ ਇਕ ਸਿਹਤਮੰਦ ਅਤੇ ਸਾਫ਼ ਵਾਤਾਵਰਣ ਮੁਹੱਈਆ ਕਰਵਾਇਆ ਜਾ ਸਕੇ। ਪੰਜਾਬ ਸਰਕਾਰ ਵੱਲੋਂ ਸਫ਼ਾਈ ਪ੍ਰਬੰਧਾਂ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਸਥਾਨਕ ਸਰਕਾਰ ਵਿਭਾਗ ਦੇ ਅਧਿਕਾਰੀਆਂ ਨੂੰ ਸਮੇਂ-ਸਮੇਂ ’ਤੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾ ਰਹੇ ਹਨ। ਸਥਾਨਕ ਸਰਕਾਰ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਖੁਦ ਵੱਖ-ਵੱਖ ਸ਼ਹਿਰਾਂ ਦਾ ਦੌਰਾ ਕਰਕੇ ਸਫ਼ਾਈ ਵਿਵਸਥਾ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਇਸੇ ਲੜੀ ਤਹਿਤ ਅੱਜ ਕਮਿਸ਼ਨਰ ਗੁਰਵਿੰਦਰ ਸਿੰਘ ਜੋਹਲ ਨੇ ਮੋਗਾ ਸ਼ਹਿਰ ਦੇ ਵੱਖ-ਵੱਖ ਖੇਤਰਾਂ ਦਾ ਦੌਰਾ ਕਰਕੇ ਸਫ਼ਾਈ ਪ੍ਰਬੰਧਾਂ ਦੀ ਅਚਨਚੇਤ ਜਾਂਚ ਕੀਤੀ। ਇਸ ਦੌਰੇ ਦਾ ਮਕਸਦ ਸ਼ਹਿਰ ਵਿਚ ਚੱਲ ਰਹੀਆਂ ਸਫਾਈ ਗਤੀਵਿਧੀਆਂ ਦੀ ਹਕੀਕਤ ਨੂੰ ਮੌਕੇ ’ਤੇ ਜਾ ਕੇ ਵੇਖਣਾ ਅਤੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਦੀ ਗੁਣਵੱਤਾ ਨੂੰ ਪਰਖਣਾ ਸੀ। ਨਿਰੀਖਣ ਦੌਰਾਨ ਕਮਿਸ਼ਨਰ ਵੱਲੋਂ ਕੋਟਕਪੂਰਾ ਰੋਡ, ਬਾਬਾ ਟੇਕ ਸਿੰਘ ਪਾਰਕ, ਦੇਵ ਹੋਟਲ ਦੇ ਆਸ-ਪਾਸ ਦਾ ਇਲਾਕਾ, ਮੇਨ ਬਾਜ਼ਾਰ, ਸਿਵਲ ਹਸਪਤਾਲ, ਨਿਊ ਟਾਊਨ ਅਤੇ ਹੋਰ ਕਈ ਅਹਿਮ ਸਥਾਨਾਂ ਦਾ ਦੌਰਾ ਕੀਤਾ ਗਿਆ। ਉਨ੍ਹਾਂ ਸੜਕਾਂ ਦੀ ਸਫਾਈ, ਕੂੜਾ ਚੁੱਕਣ ਦੀ ਵਿਵਸਥਾ, ਨਾਲਿਆਂ ਦੀ ਸਥਿਤੀ, ਜਨਤਕ ਥਾਵਾਂ ਦੀ ਸਾਫ਼-ਸਫ਼ਾਈ ਅਤੇ ਨਗਰ ਨਿਗਮ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਬਾਰੀਕੀ ਨਾਲ ਜਾਂਚ ਕੀਤੀ। ਦੌਰੇ ਦੌਰਾਨ ਵੱਖ-ਵੱਖ ਬੀਟਾਂ ਵਿਚ ਤਾਇਨਾਤ ਸਫ਼ਾਈ ਕਰਮਚਾਰੀ ਆਪਣੀਆਂ ਡਿਊਟੀਆਂ ਨਿਭਾਉਂਦੇ ਹੋਏ ਮਿਲੇ। ਕਮਿਸ਼ਨਰ ਜੋਹਲ ਨੇ ਕਰਮਚਾਰੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀ ਮਿਹਨਤ ਅਤੇ ਸਮਰਪਣ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸਫ਼ਾਈ ਕਰਮਚਾਰੀ ਸ਼ਹਿਰ ਨੂੰ ਸੁੰਦਰ ਬਣਾਉਣ ਵਿਚ ਅਹਿਮ ਭੂਮਿਕਾ ਨਿਭਾ ਰਹੇ ਹਨ ਅਤੇ ਉਨ੍ਹਾਂ ਦੀ ਸੇਵਾ ਸਮਾਜ ਲਈ ਬਹੁਤ ਕੀਮਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਰਮਚਾਰੀਆਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਹੋਰ ਵੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ। ਕਮਿਸ਼ਨਰ ਨੇ ਮੌਕੇ ’ਤੇ ਮੌਜੂਦ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ਦੇ ਕਿਸੇ ਵੀ ਹਿੱਸੇ ਵਿਚ ਕੂੜੇ ਦੇ ਢੇਰ, ਗੰਦਗੀ ਜਾਂ ਸੀਵਰੇਜ ਨਾਲ ਸਬੰਧਤ ਸਮੱਸਿਆ ਨਹੀਂ ਰਹਿਣੀ ਚਾਹੀਦੀ। ਉਨ੍ਹਾਂ ਕਿਹਾ ਕਿ ਸਫ਼ਾਈ ਵਿਵਸਥਾ ਵਿਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਲੋਕਾਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣਾ ਨਗਰ ਨਿਗਮ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਕਿਹਾ ਕਿ “ਮਿਸ਼ਨ ਕਲੀਨ ਪੰਜਾਬ” ਸਿਰਫ਼ ਸਰਕਾਰੀ ਮੁਹਿੰਮ ਨਹੀਂ, ਸਗੋਂ ਲੋਕ ਭਾਗੀਦਾਰੀ ਨਾਲ ਜੁੜਿਆ ਇਕ ਜਨ ਅੰਦੋਲਨ ਹੈ। ਜਦੋਂ ਤੱਕ ਆਮ ਲੋਕ ਆਪਣਾ ਯੋਗਦਾਨ ਨਹੀਂ ਪਾਉਣਗੇ, ਉਦੋਂ ਤੱਕ ਕਿਸੇ ਵੀ ਸ਼ਹਿਰ ਨੂੰ ਪੂਰੀ ਤਰ੍ਹਾਂ ਸਾਫ਼ ਅਤੇ ਸੁੰਦਰ ਨਹੀਂ ਬਣਾਇਆ ਜਾ ਸਕਦਾ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੂੜਾ ਸੜਕਾਂ ਜਾਂ ਖੁੱਲ੍ਹੀਆਂ ਥਾਵਾਂ ’ਤੇ ਨਾ ਸੁੱਟਣ, ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ-ਵੱਖ ਰੱਖਣ, ਪਲਾਸਟਿਕ ਦੀ ਵਰਤੋਂ ਘੱਟ ਕਰਨ ਅਤੇ ਸਫਾਈ ਪ੍ਰਤੀ ਆਪਣੀ ਸਮਾਜਿਕ ਜ਼ਿੰਮੇਵਾਰੀ ਨੂੰ ਸਮਝਣ। ਕਮਿਸ਼ਨਰ ਨੇ ਕਿਹਾ ਕਿ ਸਾਫ਼-ਸੁਥਰਾ ਵਾਤਾਵਰਣ ਨਾ ਸਿਰਫ਼ ਬਿਮਾਰੀਆਂ ਨੂੰ ਰੋਕਣ ਵਿਚ ਸਹਾਇਕ ਹੁੰਦਾ ਹੈ, ਸਗੋਂ ਸ਼ਹਿਰ ਦੀ ਸੁੰਦਰਤਾ ਅਤੇ ਵਿਕਾਸ ਨੂੰ ਵੀ ਨਵੀਂ ਦਿਸ਼ਾ ਦਿੰਦਾ ਹੈ। ਸਫਾਈ ਨਾਲ ਲੋਕਾਂ ਦੀ ਜੀਵਨ ਸ਼ੈਲੀ ਵਿਚ ਸੁਧਾਰ ਆਉਂਦਾ ਹੈ ਅਤੇ ਸ਼ਹਿਰ ਦੀ ਚੰਗੀ ਛਵੀ ਬਣਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਫ਼ਾਈ ਨੂੰ ਲੈ ਕੇ ਚਲਾਈ ਜਾ ਰਹੀ ਮੁਹਿੰਮ ਦੇ ਬਹੁਤ ਹੀ ਸਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿਚ ਇਸ ਨੂੰ ਹੋਰ ਮਜ਼ਬੂਤ ਬਣਾਇਆ ਜਾਵੇਗਾ। ਇਸ ਮੌਕੇ ਨਗਰ ਨਿਗਮ ਦੀ ਸੈਨੀਟੇਸ਼ਨ ਸ਼ਾਖਾ ਦੇ ਚੀਫ਼ ਸੈਨਿਟਰੀ ਇੰਸਪੈਕਟਰ ਇਕਬਾਲ ਸਿੰਘ, ਸੈਨਿਟਰੀ ਇੰਸਪੈਕਟਰ ਸੁਮਨ ਕੁਮਾਰ, ਅਮਰਜੀਤ ਸਿੰਘ, ਜਗਸੀਰ ਸਿੰਘ ਅਤੇ ਸੁਨੀਲ ਕੁਮਾਰ ਸਮੇਤ ਨਗਰ ਨਿਗਮ ਦੇ ਵੱਖ-ਵੱਖ ਵਿਭਾਗਾਂ ਦੇ ਐਕਸੀਅਨ, ਐੱਸਡੀਓ ਅਤੇ ਜੇਈ ਵੀ ਮੌਜੂਦ ਸਨ। ਅਧਿਕਾਰੀਆਂ ਨੇ ਆਪਣੇ-ਆਪਣੇ ਖੇਤਰਾਂ ਵਿਚ ਚੱਲ ਰਹੇ ਵਿਕਾਸ ਅਤੇ ਸਫ਼ਾਈ ਕਾਰਜਾਂ ਬਾਰੇ ਜਾਣਕਾਰੀ ਦਿੱਤੀ ਅਤੇ ਭਰੋਸਾ ਦਵਾਇਆ ਕਿ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਨਗਰ ਨਿਗਮ ਦੇ ਅਧਿਕਾਰੀਆਂ ਨੇ ਕਿਹਾ ਕਿ ਮੋਗਾ ਸ਼ਹਿਰ ਨੂੰ ਸਾਫ਼, ਸਵੱਛ, ਹਰਿਆ-ਭਰਿਆ ਅਤੇ ਸੁੰਦਰ ਬਣਾਉਣ ਲਈ ਵਿਸ਼ੇਸ਼ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ ਅਤੇ ਆਉਣ ਵਾਲੇ ਦਿਨਾਂ ਵਿਚ ਵੀ ਸਫ਼ਾਈ ਪ੍ਰਬੰਧਾਂ ਦੀ ਨਿਰੰਤਰ ਨਿਗਰਾਨੀ ਜਾਰੀ ਰਹੇਗੀ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪ੍ਰਸ਼ਾਸਨ ਦਾ ਸਾਥ ਦੇਣ ਅਤੇ ਮਿਸ਼ਨ ਕਲੀਨ ਪੰਜਾਬ ਨੂੰ ਕਾਮਯਾਬ ਬਣਾਉਣ ਵਿਚ ਆਪਣਾ ਯੋਗਦਾਨ ਪਾਉਣ।