ਕੰਪਿਊਟਰ ਅਧਿਆਪਕ 26 ਨੂੰ ਕਰਨਗੇ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ
ਪੰਜਾਬ ਦੇ ਹਜ਼ਾਰਾਂ ਕੰਪਿਊਟਰ ਅਧਿਆਪਕਾਂ ਨੇ ਸਰਕਾਰ
Publish Date: Fri, 24 Apr 2026 03:36 PM (IST)
Updated Date: Sat, 25 Apr 2026 04:01 AM (IST)

ਯੂਨੀਅਨ ਆਗੂਆਂ ਨੇ ਪੰਜਾਬ ਸਰਕਾਰ ਦੀਆਂ ਨੀਤੀਆਂ ਦਾ ਕੀਤਾ ਵਿਰੋਧ ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਮੋਗਾ : ਪੰਜਾਬ ਦੇ ਹਜ਼ਾਰਾਂ ਕੰਪਿਊਟਰ ਅਧਿਆਪਕਾਂ ਨੇ ਸਰਕਾਰ ਦੇ ਝੂਠੇ ਵਾਅਦਿਆਂ ਅਤੇ ਲਗਾਤਾਰ ਹੋ ਰਹੀ ਅਣਦੇਖੀ ਵਿਰੁੱਧ ਆਰ-ਪਾਰ ਦੀ ਲੜਾਈ ਲੜਨ ਦਾ ਐਲਾਨ ਕਰ ਦਿੱਤਾ ਹੈ। ਕੰਪਿਊਟਰ ਟੀਚਰਜ ਯੂਨੀਅਨ ਪੰਜਾਬ ਵੱਲੋਂ ਲਏ ਗਏ ਫੈਸਲੇ ਅਨੁਸਾਰ 26 ਅਪ੍ਰੈਲ ਨੂੰ ਮੁੱਖ ਮੰਤਰੀ ਦੀ ਸੰਗਰੂਰ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ। ਪੰਜਾਬ ਦੇ 6640 ਕੰਪਿਊਟਰ ਅਧਿਆਪਕਾਂ ਨੂੰ 2 ਦਸੰਬਰ 2010 ਵਿਚ ਰਾਜਪਾਲ ਦੀ ਪ੍ਰਵਾਨਗੀ ਨਾਲ ਪੰਜਾਬ ਸਰਕਾਰ ਵੱਲੋਂ ਜਾਰੀ ਰੈਗੂਲਰ ਨੋਟੀਫਿਕੇਸ਼ਨ ਅਤੇ 2011 ਵਿਚ ਰੈਗੂਲਰ ਨਿਯੁਕਤੀ ਪੱਤਰ ਮਿਲਣ ਦੇ ਬਾਵਜੂਦ, ਸੁਸਾਇਟੀ ਦੇ ਨਾਂ ਤੇ ਗੁਮਰਾਹ ਕੀਤਾ ਜਾ ਰਿਹਾ ਹੈ। ਮਾਨਯੋਗ ਹਾਈਕੋਰਟ ਵਿਚ ਕੰਪਿਊਟਰ ਅਧਿਆਪਕਾਂ ਦੇ ਹੱਕ ਵਿਚ ਫੈਸਲਾ ਆਉਣ ਦੇ ਬਾਵਜੂਦ ਪੰਜਾਬ ਸਰਕਾਰ ਉਸ ਨੂੰ ਲਾਗੂ ਕਰਨ ਦੀ ਥਾਂ ਸੁਪਰੀਮ ਕੋਰਟ ਚਲੀ ਗਈ ਹੈ ਅਤੇ ਕੰਪਿਊਟਰ ਅਧਿਆਪਕਾਂ ਦੀਆਂ ਹੱਕੀ ਮੰਗਾਂ ਨੂੰ ਲਾਗੂ ਕਰਨ ਤੋਂ ਭੱਜ ਰਹੀ ਹੈ। ਇਸ ਸਬੰਧੀ ਕੰਪਿਊਟਰ ਟੀਚਰਜ ਯੂਨੀਅਨ ਜਿਲ੍ਹਾ ਮੋਗਾ ਦੇ ਆਗੂਆਂ ਰਾਕੇਸ਼ ਸਿੰਘ ਖਾਲਸਾ, ਹਰਭਗਵਾਨ ਸਿੰਘ, ਇਕਬਾਲ ਸਿੰਘ ਗਿੱਲ, ਸੁਖਜਿੰਦਰ ਸਿੰਘ ਵੱਲੋਂ ਸਾਂਝਾ ਬਿਆਨ ਜਾਰੀ ਕਰਦਿਆਂ ਦੱਸਿਆ ਗਿਆ ਕਿ ਸਰਕਾਰ ਸਿਰਫ਼ ਵੋਟਾਂ ਵੇਲੇ ਵਾਅਦੇ ਕਰਦੀ ਹੈ ਪਰ ਅਮਲੀ ਰੂਪ ਵਿਚ ਹਮੇਸ਼ਾ ਉਨਾਂ ਨੂੰ ਲਾਗੂ ਕਰਨ ਤੋਂ ਭੱਜ ਜਾਂਦੀ ਹੈ। 6640 ਕੰਪਿਊਟਰ ਅਧਿਆਪਕ ਪਿਛਲੇ 21 ਸਾਲਾਂ ਤੋਂ ਸਰਕਾਰੀ ਸਕੂਲਾਂ ਵਿੱਚ ਪੂਰੀ ਤਨਦੇਹੀ ਨਾਲ ਆਪਣੀ ਸੇਵਾ ਨਿਭਾ ਰਹੇ ਹਨ ਪਰ ਰੈਗੂਲਰ ਨੋਟੀਫਿਕੇਸ਼ਨ ਅਤੇ ਨਿਯੁਕਤੀ ਪੱਤਰਾਂ ਨੂੰ ਅੱਜ ਤੱਕ ਕਿਸੇ ਵੀ ਸਰਕਾਰ ਨੇ ਇੰਨ ਬਿੰਨ ਲਾਗੂ ਨਹੀਂ ਕੀਤਾ ਹੈ। ਇਸ ਦੌਰਾਨ 112 ਕੰਪਿਊਟਰ ਅਧਿਆਪਕ ਇਸ ਦੁਨੀਆ ਤੋਂ ਰੁਖ਼ਸਤ ਹੋ ਗਏ ਹਨ ਅਤੇ 4 ਕੰਪਿਊਟਰ ਅਧਿਆਪਕ ਬਿਨਾਂ ਕੋਈ ਲਾਭ ਪ੍ਰਾਪਤ ਕੀਤੇ ਰਿਟਾਇਰ ਵੀ ਹੋ ਚੁੱਕੇ ਹਨ ਪਰ ਉਨਾਂ ਦੇ ਪਰਿਵਾਰ ਅੱਜ ਵੀ ਸਮਾਜਿਕ ਸੁਰੱਖਿਆ ਅਤੇ ਬਣਦੇ ਹੱਕਾਂ ਲਈ ਤਰਸ ਰਹੇ ਹਨ। ਅਧਿਆਪਕਾਂ ਨੇ ਸਪੱਸ਼ਟ ਕੀਤਾ ਹੈ ਕਿ ਜਦੋਂ ਤੱਕ 2 ਦਸੰਬਰ 2010 ਦਾ ਨੋਟੀਫਿਕੇਸ਼ਨ, ਚੋਣ ਮੈਨੀਫੈਸਟੋ ਵਿਚ ਕੀਤਾ ਵਾਅਦਾ ਅਤੇ 15 ਸਤੰਬਰ 2022 ਨੂੰ ਸਿੱਖਿਆ ਮੰਤਰੀ ਵੱਲੋ ਕੀਤਾ ਅਧਿਕਾਰਤ ਐਲਾਨ ਇਨ-ਬਿਨ ਲਾਗੂ ਨਹੀਂ ਹੁੰਦਾ ਸੰਘਰਸ਼ ਜਾਰੀ ਰਹੇਗਾ। ਇਸ ਸਮੇਂ ਵਿਚੋਂ ਪਰਮਿੰਦਰ ਸਿੰਘ, ਗੁਰਪਿਆਰ ਸਿੰਘ, ਰਾਜਪ੍ਰੀਤ ਸਿੰਘ, ਕੁਲਵਿੰਦਰ ਸਿੰਘ, ਮੈਡਮ ਬਲਜੀਤ ਕੌਰ, ਆਰਤੀ, ਗੁਰਜੀਤ ਕੌਰ, ਦਵਿੰਦਰ ਕੌਰ, ਰਵਿੰਦਰਪਾਲ ਸਿੰਘ, ਹਰਜਿੰਦਰ ਸਿੰਘ, ਗਗਨਦੀਪ ਸਿੰਘ, ਅਜਮੇਰ ਸਿੰਘ, ਸੁਭਾਸ਼ ਪਲਤਾ, ਗੁਰਪ੍ਰੀਤ ਸਿੰਘ, ਗੁਰਮੀਤ ਸਿੰਘ ਆਦਿ ਹਾਜ਼ਰ ਸਨ।