ਬਲਵਿੰਦਰ ਸਿੰਘ ਸੰਧੂ ਦੀ ਬਰਸੀ ਸੰਘਰਸ਼ ਦੇ ਜਜ਼ਬੇ ਨਾਲ ਮਨਾਈ
ਅੱਜ ਸਥਾਨਕ ਸ਼ਹੀਦ ਨਛੱਤਰ ਸਿੰਘ
Publish Date: Sun, 28 Jun 2026 03:32 PM (IST)
Updated Date: Mon, 29 Jun 2026 04:01 AM (IST)

ਕਿਰਤੀ ਹੱਕਾਂ ਲਈ ਇਕੱਠੇ ਹੋਣ ਦਾ ਦਿੱਤਾ ਸੱਦਾ, ਨਿੱਜੀਕਰਨ ਤੇ ਬੇਰੁਜ਼ਗਾਰੀ ਖ਼ਿਲਾਫ਼ ਸੰਘਰਸ਼ ’ਤੇ ਜ਼ੋਰ ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ : ਅੱਜ ਸਥਾਨਕ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਯਾਦਗਾਰੀ ਭਵਨ ਵਿਖੇ ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰ ਯੂਨੀਅਨ ਅਤੇ ਪੰਜਾਬ ਪੈਨਸ਼ਨਰ ਯੂਨੀਅਨ ਵੱਲੋਂ ਕਿਰਤੀਆਂ ਦੇ ਮਹਾਨ ਆਗੂ ਕਾਮਰੇਡ ਬਲਵਿੰਦਰ ਸਿੰਘ ਸੰਧੂ ਦੀ 23ਵੀਂ ਬਰਸੀ ਬਹੁਤ ਹੀ ਜੋਸ਼ੋ-ਖਰੋਸ਼ ਅਤੇ ਸ਼ਰਧਾ ਨਾਲ ਮਨਾਈ ਗਈ। ਇਸ ਸਮਾਗਮ ਵਿਚ ਪੰਜਾਬ ਰੋਡਵੇਜ਼ ਦੇ 18 ਡੀਪੂਆਂ ਤੋਂ ਵੱਡੀ ਗਿਣਤੀ ਵਿਚ ਰੋਡਵੇਜ਼ ਕਰਮਚਾਰੀ, ਪੈਨਸ਼ਨਰ ਸਾਥੀ ਅਤੇ ਵੱਖ-ਵੱਖ ਭਰਾਤਰੀ ਜਥੇਬੰਦੀਆਂ ਦੇ ਆਗੂ ਅਤੇ ਵਰਕਰ ਸ਼ਾਮਲ ਹੋਏ। ਸਮਾਗਮ ਦੀ ਸ਼ੁਰੂਆਤ ਕਾਮਰੇਡ ਬਲਵਿੰਦਰ ਸਿੰਘ ਸੰਧੂ ਦੀ ਤਸਵੀਰ ਅੱਗੇ ਫੁੱਲ ਮਾਲਾਵਾਂ ਭੇਟ ਕਰਕੇ ਅਤੇ ਸ਼ਰਧਾਂਜਲੀ ਅਰਪਿਤ ਕਰਕੇ ਕੀਤੀ ਗਈ। ਇਸ ਮੌਕੇ ਰੁਜ਼ਗਾਰ ਪ੍ਰਾਪਤੀ ਮੁਹਿੰਮ ਦੇ ਮੁੱਖ ਸਲਾਹਕਾਰ ਕਾਮਰੇਡ ਜਗਰੂਪ ਸਿੰਘ ਨੇ ਕਿਹਾ ਕਿ ਕਾਮਰੇਡ ਸੰਧੂ ਕਿਰਤੀ ਵਰਗ ਦੇ ਬੇਖ਼ੌਫ਼, ਦੂਰਅੰਦੇਸ਼, ਸਮਰੱਥ ਅਤੇ ਚੇਤਨ ਆਗੂ ਸਨ, ਜਿਨ੍ਹਾਂ ਨੇ ਆਪਣੀ ਜ਼ਿੰਦਗੀ ਮਜ਼ਦੂਰ ਹੱਕਾਂ ਲਈ ਸਮਰਪਿਤ ਕੀਤੀ। ਉਨ੍ਹਾਂ ਕਿਹਾ ਕਿ ਕਾਮਰੇਡ ਸੰਧੂ ਦੇ ਬੇਵਕਤੀ ਵਿਛੋੜੇ ਨਾਲ ਰੋਡਵੇਜ਼ ਕਰਮਚਾਰੀਆਂ, ਟਰੇਡ ਯੂਨੀਅਨ ਲਹਿਰ ਅਤੇ ਸਮੂਹ ਕਿਰਤੀ ਵਰਗ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ। ਉਨ੍ਹਾਂ ਕਿਹਾ ਕਿ ਅੱਜ ਦੇ ਦੌਰ ਵਿਚ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਇਹੀ ਹੋਵੇਗੀ ਕਿ ਉਨ੍ਹਾਂ ਦੇ ਸੰਘਰਸ਼ੀ ਮਿਸ਼ਨ ਨੂੰ ਅੱਗੇ ਵਧਾਇਆ ਜਾਵੇ। ਕਾਮਰੇਡ ਜਗਰੂਪ ਸਿੰਘ ਨੇ ਕਿਹਾ ਕਿ ਅੱਜ ਪੈਦਾਵਾਰ ਦੇ ਸਾਧਨ ਆਧੁਨਿਕ ਤਕਨੀਕ ਅਤੇ ਏਆਈ ਤੱਕ ਪਹੁੰਚ ਚੁੱਕੇ ਹਨ, ਜਿਸ ਕਾਰਨ ਮਨੁੱਖੀ ਕਿਰਤ ਦੀ ਲੋੜ ਲਗਾਤਾਰ ਘਟਦੀ ਜਾ ਰਹੀ ਹੈ। ਇਸ ਹਾਲਤ ਵਿਚ ਸਰਕਾਰਾਂ ਨੂੰ ਕੰਮ ਦੇ ਘੰਟੇ ਘਟਾ ਕੇ ਛੇ ਘੰਟੇ ਕਰਨੇ ਚਾਹੀਦੇ ਹਨ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਰੁਜ਼ਗਾਰ ਮਿਲ ਸਕੇ ਪਰ ਇਸਦੇ ਉਲਟ ਸਰਮਾਏਦਾਰ ਹਿਤਾਂ ਨੂੰ ਧਿਆਨ ਵਿਚ ਰੱਖਦਿਆਂ ਕੰਮ ਦੇ ਘੰਟੇ 12 ਤੱਕ ਵਧਾਏ ਜਾ ਰਹੇ ਹਨ, ਜਿਸ ਨਾਲ ਬੇਰੁਜ਼ਗਾਰੀ ਅਤੇ ਸਮਾਜਿਕ ਬੁਰਾਈਆਂ ਵਿਚ ਵਾਧਾ ਹੋਵੇਗਾ। ਉਨ੍ਹਾਂ ਚਿੰਤਾ ਜਤਾਈ ਕਿ ਸਰਕਾਰਾਂ ਦੀਆਂ ਲੋਕ ਵਿਰੋਧੀ ਨੀਤੀਆਂ ਨੂੰ ਲਾਗੂ ਕਰਵਾਉਣ ਵਿਚ ਦੇਸ਼ ਦੀ ਨਿਆਂ ਪ੍ਰਣਾਲੀ ਵੀ ਭੂਮਿਕਾ ਨਿਭਾ ਰਹੀ ਹੈ। ਇਸ ਲਈ ਕਾਮਰੇਡ ਸੰਧੂ ਦੀ ਸੋਚ ’ਤੇ ਚੱਲਣ ਵਾਲੀਆਂ ਤਾਕਤਾਂ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਹੈ ਤਾਂ ਜੋ ਲੋਕ ਹਿੱਤਾਂ ਵਾਲਾ ਸਮਾਜਵਾਦੀ ਪ੍ਰਬੰਧ ਸਥਾਪਿਤ ਕੀਤਾ ਜਾ ਸਕੇ। ਇਸ ਮੌਕੇ ਸਾਬਕਾ ਮੁਲਾਜ਼ਮ ਆਗੂ ਚਰਨ ਸਿੰਘ ਸਰਾਭਾ ਅਤੇ ਪੰਜਾਬ ਪੈਨਸ਼ਨਰ ਯੂਨੀਅਨ ਦੇ ਪ੍ਰਧਾਨ ਜਗਦੀਸ਼ ਸਿੰਘ ਚਾਹਲ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰਾਂ ਨਿੱਜੀਕਰਨ ਅਤੇ ਉਦਾਰੀਕਰਨ ਦੀਆਂ ਨੀਤੀਆਂ ਰਾਹੀਂ ਪਬਲਿਕ ਸੈਕਟਰ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਹਾਲਤ ਵਿਚ ਸਮੂਹ ਮੁਲਾਜ਼ਮਾਂ ਅਤੇ ਮਜ਼ਦੂਰਾਂ ਨੂੰ ਇਕੱਠਾ ਹੋ ਕੇ ਪਬਲਿਕ ਸੈਕਟਰ ਦੀ ਰੱਖਿਆ ਲਈ ਸੰਘਰਸ਼ ਕਰਨਾ ਚਾਹੀਦਾ ਹੈ। ਭਾਰਤੀ ਕਮਿਊਨਿਸਟ ਪਾਰਟੀ ਦੇ ਜ਼ਿਲ੍ਹਾ ਸਕੱਤਰ ਕਾਮਰੇਡ ਕੁਲਦੀਪ ਸਿੰਘ ਭੋਲਾ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਦੇਸ਼ ਦੀ ਰਾਜਨੀਤੀ ਵਿਚ ਵੱਡਾ ਬਦਲਾਅ ਆਇਆ ਹੈ। ਪਹਿਲਾਂ ਲੋਕ ਸਰਕਾਰਾਂ ਚੁਣਦੇ ਸਨ ਪਰ ਹੁਣ ਹਾਲਾਤ ਇਸ ਤਰ੍ਹਾਂ ਦੇ ਬਣ ਰਹੇ ਹਨ ਕਿ ਸਰਕਾਰਾਂ ਹੀ ਵੋਟਰ ਚੁਣ ਰਹੀਆਂ ਹਨ, ਤਾਂ ਜੋ ਆਪਣੀਆਂ ਹਿਤੈਸ਼ੀ ਨੀਤੀਆਂ ਲਾਗੂ ਕਰ ਸਕਣ। ਉਨ੍ਹਾਂ ਦਾਅਵਾ ਕੀਤਾ ਕਿ ਦੇਸ਼ ਵਿਚ ਲੱਖਾਂ ਨਹੀਂ, ਕਰੋੜਾਂ ਵੋਟਾਂ ਕੱਟੀਆਂ ਜਾ ਚੁੱਕੀਆਂ ਹਨ, ਜੋ ਲੋਕਤੰਤਰ ਲਈ ਚਿੰਤਾ ਦਾ ਵਿਸ਼ਾ ਹੈ। ਇਸ ਦੌਰਾਨ ਇਪਟਾ ਮੋਗਾ ਵੱਲੋਂ ਅਵਤਾਰ ਚੜਿੱਕ ਅਤੇ ਸ਼ੰਕਰ ਨੇ ਭੰਡਾਂ ਦੀ ਪੇਸ਼ਕਾਰੀ ਰਾਹੀਂ ਸਰਕਾਰਾਂ ਦੀਆਂ ਨੀਤੀਆਂ ਉੱਤੇ ਤਿੱਖੇ ਵਿਅੰਗ ਕੀਤੇ। ਸਰਬ ਭਾਰਤ ਨੌਜਵਾਨ ਸਭਾ ਦੇ ਨੈਸ਼ਨਲ ਜਨਰਲ ਸਕੱਤਰ ਸੁਖਜਿੰਦਰ ਸਿੰਘ ਮੇਹੇਸ਼ਰੀ ਨੇ ਨੌਜਵਾਨਾਂ ਲਈ ਰੁਜ਼ਗਾਰ ਗਰੰਟੀ ਕਾਨੂੰਨ ਬਣਾਉਣ ਲਈ ਇਕੱਠੇ ਹੋਣ ਦਾ ਸੱਦਾ ਦਿੱਤਾ। ਸਮਾਗਮ ਦੀ ਸਟੇਜ ਸਕੱਤਰ ਦੀ ਜ਼ਿੰਮੇਵਾਰੀ ਸੁਰਿੰਦਰ ਸਿੰਘ ਬਰਾੜ ਨੇ ਬਾਖੂਬੀ ਨਿਭਾਈ। ਅੰਤ ਵਿਚ ਯੂਨੀਅਨ ਦੇ ਸੂਬਾ ਪ੍ਰਧਾਨ ਦੀਦਾਰ ਸਿੰਘ ਮੰਡ ਨੇ ਸਾਰੇ ਹਾਜ਼ਰ ਸਾਥੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਬੂਟਾ ਸਿੰਘ ਭੱਟੀ, ਭੁਪਿੰਦਰ ਸਿੰਘ ਸੇਖੋਂ, ਗੁਰਮੇਲ ਸਿੰਘ ਨਾਹਰ, ਬਲਕਾਰ ਸਿੰਘ ਵਲਟੋਹਾ, ਗੁਰਜੰਟ ਸਿੰਘ ਕੋਕਰੀ, ਬਚਿੱਤਰ ਸਿੰਘ ਧੋਥੜ, ਅਵਤਾਰ ਸਿੰਘ ਗਗੜਾ, ਗੁਰਮੇਲ ਸਿੰਘ ਮੈਡਲੇ, ਜਗਜੀਤ ਸਿੰਘ, ਸਵਰਨ ਸਿੰਘ ਖੋਸਾ, ਸਵਰਨ ਸਿੰਘ ਹਠੂਰ, ਪ੍ਰਿੰਸੀਪਲ ਪੂਰਨ ਸਿੰਘ ਸੰਧੂ, ਅੰਗਰੇਜ਼ ਸਿੰਘ ਮੁਕਤਸਰ ਅਤੇ ਜਗਸੀਰ ਸਿੰਘ ਖੋਸਾ ਸਮੇਤ ਕਈ ਹੋਰ ਆਗੂ ਵੀ ਮੌਜੂਦ ਰਹੇ।