ਕਾਕਾ ਲੋਹਗੜ੍ਹ ਨੇ ਚੰਨੀ ਨਾਲ ਕੀਤੀ ਮੁਲਾਕਾਤ
ਪੰਜਾਬ ਦੀਆਂ 2027 ਦੀਆਂ
Publish Date: Sun, 07 Jun 2026 03:38 PM (IST)
Updated Date: Mon, 08 Jun 2026 04:02 AM (IST)

ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਪੰਜਾਬ ਦੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਨੇ ਆਪਣੀਆਂ ਸਿਆਸੀ ਸਰਗਰਮੀਆਂ ਨੂੰ ਤੇਜ਼ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸੇ ਕੜੀ ਤਹਿਤ ਧਰਮਕੋਟ ਤੋਂ ਸਾਬਕਾ ਵਿਧਾਇਕ ਅਤੇ ਸੀਨੀਅਰ ਕਾਂਗਰਸੀ ਆਗੂ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਇਕ ਅਹਿਮ ਅਤੇ ਲੰਮੀ ਰਣਨੀਤਕ ਮੀਟਿੰਗ ਕੀਤੀ। ਇਸ ਮੁਲਾਕਾਤ ਦੌਰਾਨ ਪੰਜਾਬ ਦੀ ਮੌਜੂਦਾ ਸਿਆਸੀ ਸਥਿਤੀ, ਕਾਂਗਰਸ ਪਾਰਟੀ ਦੇ ਭਵਿੱਖ, ਲੋਕਾਂ ਦੇ ਮੁੱਦਿਆਂ ਅਤੇ 2027 ਦੀਆਂ ਚੋਣਾਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਦੋਵਾਂ ਆਗੂਆਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਦਲਦਲ ’ਚੋਂ ਬਾਹਰ ਕੱਢ ਕੇ ਖੇਡਾਂ, ਸਿੱਖਿਆ, ਉਦਯੋਗ ਅਤੇ ਰੁਜ਼ਗਾਰ ਦੇ ਮੌਕਿਆਂ ਨਾਲ ਜੋੜਨਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਕਾਕਾ ਲੋਹਗੜ੍ਹ ਨੇ ਕਿਹਾ ਕਿ ਜੇਕਰ 2027 ਵਿਚ ਕਾਂਗਰਸ ਪਾਰਟੀ ਨੂੰ ਲੋਕ ਸੇਵਾ ਦਾ ਮੌਕਾ ਮਿਲਦਾ ਹੈ ਤਾਂ ਨੌਜਵਾਨਾਂ ਦੇ ਭਵਿੱਖ ਨੂੰ ਸੁਰੱਖਿਅਤ ਬਣਾਉਣ ਲਈ ਵਿਸ਼ੇਸ਼ ਯੋਜਨਾਵਾਂ ਲਾਗੂ ਕੀਤੀਆਂ ਜਾਣਗੀਆਂ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਕਾ ਲੋਹਗੜ੍ਹ ਨੇ ਦੋਸ਼ ਲਗਾਇਆ ਕਿ ਮੌਜੂਦਾ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦੀ ਬਜਾਏ ਵਿਰੋਧੀ ਧਿਰ ਨੂੰ ਤੰਗ-ਪਰੇਸ਼ਾਨ ਕਰਨ ਦੀ ਨੀਤੀ ਅਪਣਾਈ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਵਾਅਦਿਆਂ ਦੇ ਆਧਾਰ ’ਤੇ ਸਰਕਾਰ ਸੱਤਾ ਵਿਚ ਆਈ ਸੀ, ਉਨ੍ਹਾਂ ਵਿਚੋਂ ਬਹੁਤੇ ਅਜੇ ਤੱਕ ਧਰਾਤਲ ’ਤੇ ਨਜ਼ਰ ਨਹੀਂ ਆ ਰਹੇ ਇਸ ਮੌਕੇ ਚਰਨਜੀਤ ਸਿੰਘ ਚੰਨੀ ਨੇ ਭਰੋਸਾ ਦਿੱਤਾ ਕਿ ਕਾਂਗਰਸ ਪਾਰਟੀ ਕਿਸਾਨਾਂ ਦੀ ਬਿਹਤਰੀ ਲਈ ਇਕ ਵਿਸਥਾਰਤ ਅਤੇ ਪ੍ਰਭਾਵਸ਼ਾਲੀ ਰੋਡਮੈਪ ਤਿਆਰ ਕਰੇਗੀ, ਜਿਸ ਨਾਲ ਖੇਤੀਬਾੜੀ ਨੂੰ ਲਾਭਕਾਰੀ ਧੰਦਾ ਬਣਾਇਆ ਜਾ ਸਕੇ। ਬੈਠਕ ਦੌਰਾਨ ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ, ਵਰਕਰਾਂ ਨੂੰ ਇਕਜੁੱਟ ਕਰਨ ਅਤੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਲਈ ਵੀ ਵਿਸ਼ੇਸ਼ ਰਣਨੀਤੀ ਤਿਆਰ ਕੀਤੀ ਗਈ। ਅਖੀਰ ਵਿਚ ਕਾਕਾ ਲੋਹਗੜ੍ਹ ਨੇ ਵਿਸ਼ਵਾਸ ਪ੍ਰਗਟ ਕਰਦਿਆਂ ਕਿਹਾ ਕਿ ਧਰਮਕੋਟ ਦੇ ਲੋਕਾਂ ਨੇ ਹਮੇਸ਼ਾ ਕਾਂਗਰਸ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ’ਤੇ ਭਰੋਸਾ ਜਤਾਇਆ ਹੈ ਅਤੇ 2027 ਵਿਚ ਵੀ ਕਾਂਗਰਸ ਪਾਰਟੀ ਦੀ ਜਿੱਤ ਦਾ ਝੰਡਾ ਲਹਿਰਾਇਆ ਜਾਵੇਗਾ।