- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਵਿਚ ਵੋਟਰ ਸੂਚੀਆਂ ਦੀ ਵਿਸ਼ੇਸ਼

ਪੱਤਰ ਪ੍ਰੇਰਕ ਪੰਜਾਬੀ ਜਾਗਰਣ ਮੋਗਾ: ਪੰਜਾਬ ਵਿਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰਾਈ ਨਾਲ ਸੋਧ ਐੱਸਆਈਆਰ ਦੀ ਪ੍ਰਕਿਰਿਆ ਨੂੰ ਲੈ ਕੇ ਸਿਆਸੀ ਮਾਹੌਲ ਭਖਦਾ ਜਾ ਰਿਹਾ ਹੈ। ਇਸੇ ਮੁੱਦੇ ਨੂੰ ਲੈ ਕੇ ਅੱਜ ਆਲ ਇੰਡੀਆ ਕਾਂਗਰਸ ਕਮੇਟੀ ਦੇ ਸਕੱਤਰ ਅਤੇ ਪੰਜਾਬ ਕਾਂਗਰਸ ਦੇ ਸਹਿ-ਇੰਚਾਰਜ ਰਵਿੰਦਰ ਡਾਲਵੀ ਦੀ ਅਗਵਾਈ ਹੇਠ ਜ਼ਿਲਾ ਕਾਂਗਰਸ ਪ੍ਰਧਾਨ ਹਰੀ ਸਿੰਘ ਖਾਈ ਅਤੇ ਵਿਧਾਨ ਸਭਾ ਹਲਕਾ ਮੋਗਾ ਦੇ ਇੰਚਾਰਜ ਮਾਲਵਿਕਾ ਸੂਦ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਅਤੇ ਵਰਕਰਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕ ਕੇ ਨਾਅਰੇਬਾਜ਼ੀ ਕੀਤੀ ਗਈ। ਰੋਸ ਪ੍ਰਦਰਸ਼ਨ ਵਿਚ ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ ਦੇ ਇੰਚਾਰਜ ਭੁਪਿੰਦਰ ਸਿੰਘ ਸਾਹੋਕੇ ਤੋਂ ਇਲਾਵਾ ਸੀਨੀਅਰ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਵੀ ਸ਼ਮੂਲੀਅਤ ਕੀਤੀ। ਇਸ ਮੌਕੇ ਕਾਂਗਰਸੀ ਆਗੂਆਂ ਨੇ ਐੱਸਆਈਆਰ ਦੀ ਪ੍ਰਕਿਰਿਆ ਅਤੇ ਵੋਟਰ ਸੂਚੀਆਂ ਨਾਲ ਜੁੜੇ ਮਾਮਲਿਆਂ ਨੂੰ ਲੈ ਕੇ ਕੇਂਦਰ ਸਰਕਾਰ ਅਤੇ ਚੋਣ ਕਮਿਸ਼ਨ ਵਿਰੁੱਧ ਆਪਣਾ ਰੋਸ ਪ੍ਰਗਟ ਕੀਤਾ। ਜ਼ਿਲਾ ਪ੍ਰਧਾਨ ਹਰੀ ਸਿੰਘ ਖਾਈ ਅਤੇ ਮਾਲਵਿਕਾ ਸੂਦ ਨੇ ਕਿਹਾ ਕਿ ਭਾਰਤ ਦੁਨੀਆਂ ਦਾ ਇਕ ਵੱਡਾ ਲੋਕਤੰਤਰਿਕ ਦੇਸ਼ ਹੈ ਅਤੇ ਇੱਥੋਂ ਦੀ ਲੋਕਤੰਤਰਿਕ ਪ੍ਰਣਾਲੀ ਦੀ ਮਿਸਾਲ ਦੁਨੀਆ ਭਰ ਵਿਚ ਦਿੱਤੀ ਜਾਂਦੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਵੋਟਰ ਸੂਚੀਆਂ ਵਿਚ ਹੋ ਰਹੀ ਕਥਿਤ ਛੇੜਛਾੜ ਲੋਕਤੰਤਰ ਨਾਲ ਸਿੱਧੇ ਤੌਰ ’ਤੇ ਜੁੜਿਆ ਗੰਭੀਰ ਮਾਮਲਾ ਹੈ। ਉਨ੍ਹਾਂ ਕਿਹਾ ਕਿ ਵੋਟ ਪਾਉਣਾ ਕਿਸੇ ਦੀ ਖੈਰਾਤ ਨਹੀਂ, ਸਗੋਂ ਭਾਰਤੀ ਸੰਵਿਧਾਨ ਵੱਲੋਂ ਯੋਗ ਨਾਗਰਿਕਾਂ ਨੂੰ ਦਿੱਤਾ ਗਿਆ ਅਧਿਕਾਰ ਹੈ ਅਤੇ ਇਸ ਅਧਿਕਾਰ ਨੂੰ ਪ੍ਰਭਾਵਿਤ ਕਰਨ ਵਾਲੀ ਕਿਸੇ ਵੀ ਕਾਰਵਾਈ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮਾਲਵਿਕਾ ਸੂਦ ਨੇ ਦੋਸ਼ ਲਗਾਇਆ ਕਿ ਕੇਂਦਰ ਦੀ ਭਾਜਪਾ ਸਰਕਾਰ ਦੇ ਇਸ਼ਾਰੇ ’ਤੇ ਚੋਣ ਕਮਿਸ਼ਨ ਵਰਗੀ ਸੰਵਿਧਾਨਕ ਸੰਸਥਾ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਤਕਨੀਕੀ ਕਾਰਨਾਂ ਦਾ ਹਵਾਲਾ ਦੇ ਕੇ ਵੱਡੀ ਗਿਣਤੀ ਵਿਚ ਯੋਗ ਵੋਟਰਾਂ ਦੇ ਨਾਮ ਵੋਟਰ ਸੂਚੀਆਂ ’ਚੋਂ ਹਟਾਏ ਜਾਣ ਦਾ ਖਦਸ਼ਾ ਪੈਦਾ ਹੋਇਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਕਾਂਗਰਸ ਪਾਰਟੀ ਆਪਣੀ ਆਵਾਜ਼ ਬੁਲੰਦ ਕਰਦੀ ਰਹੇਗੀ। ਕਾਂਗਰਸੀ ਆਗੂਆਂ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਵਿਰੁੱਧ ਕਾਰਵਾਈ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਜੇਕਰ ਇਸ ਮਾਮਲੇ ਵਿੱਚ ਤੁਰੰਤ ਕਾਰਵਾਈ ਨਾ ਕੀਤੀ ਗਈ ਤਾਂ ਕਾਂਗਰਸ ਵੱਲੋਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਦੌਰਾਨ ਇਹ ਵੀ ਸਪੱਸ਼ਟ ਕੀਤਾ ਗਿਆ ਕਿ ਵੋਟਰ ਸੂਚੀਆਂ ਦੀ ਸੋਧ ਬਾਰੇ ਕਾਂਗਰਸ ਵੱਲੋਂ ਗੰਭੀਰ ਸਵਾਲ ਉਠਾਏ ਜਾ ਰਹੇ ਹਨ, ਜਦਕਿ ਚੋਣ ਕਮਿਸ਼ਨ ਦਾ ਪੱਖ ਹੈ ਕਿ ਵੋਟਰ ਸੂਚੀਆਂ ਦੀ ਸੋਧ ਦੀ ਪ੍ਰਕਿਰਿਆ ਨਿਰਧਾਰਤ ਕਾਨੂੰਨੀ ਪ੍ਰਬੰਧਾਂ ਤਹਿਤ ਕੀਤੀ ਜਾ ਰਹੀ ਹੈ। ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਵੀ ਵੋਟਰ ਸੂਚੀਆਂ ਦੀ ਵਿਸ਼ੇਸ਼ ਸੋਧ ਦੀ ਪ੍ਰਕਿਰਿਆ ਨੂੰ ਪੰਜਾਬ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੱਕ ਮੁਲਤਵੀ ਕਰਨ ਦੀ ਮੰਗ ਕੀਤੀ ਜਾ ਚੁੱਕੀ ਹੈ।