ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਦੀ ਦਰਿੰਦਗੀ ਖ਼ਿਲਾਫ਼ ਕਾਂਗਰਸ ਪਾਰਟੀ ਵੱਲੋਂ ਰੋਸ ਪ੍ਰਦਰਸ਼ਨ ਜ਼ਿਲ੍ਹਾ ਕਾਂਗਰਸ ਕਮੇਟੀ ਮੋਗਾ ਵੱਲੋਂ
Publish Date: Wed, 22 Jul 2026 05:26 PM (IST)
Updated Date: Thu, 23 Jul 2026 04:05 AM (IST)
ਕੇਂਦਰ ਅਤੇ ਪੰਜਾਬ ਦੇ ਸਿੱਖਿਆ ਮੰਤਰੀਆਂ ਦੇ ਅਸਤੀਫ਼ਿਆਂ ਦੀ ਮੰਗ ਵਕੀਲ ਮਹਿਰੋਂ, ਪੰਜਾਬੀ ਜਾਗਰਣ, ਮੋਗਾ : ਜ਼ਿਲ੍ਹਾ ਕਾਂਗਰਸ ਕਮੇਟੀ ਮੋਗਾ ਵੱਲੋਂ ਜ਼ਿਲ੍ਹਾ ਪ੍ਰਧਾਨ ਹਰੀ ਸਿੰਘ ਹਾਈ ਦੀ ਅਗਵਾਈ ਹੇਠ ਸੈਂਕੜਿਆਂ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਵਾਰ-ਵਾਰ ਹੋ ਰਹੇ ਪੇਪਰ ਲੀਕ ਅਤੇ ਦਿੱਲੀ ਵਿਚ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਤੇ ਪੁਲਿਸ ਵੱਲੋਂ ਕੀਤੀ ਗਈ ਦਰਿੰਦਗੀ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ ਕਰਕੇ ਪੁਤਲਾ ਫੂਕਿਆ ਗਿਆ। ਉਨ੍ਹਾਂ ਨੇ ਪੇਪਰ ਲੀਕ ਮਾਮਲਿਆਂ ਨੂੰ ਲੈ ਕੇ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਅਸਤੀਫ਼ਿਆਂ ਦੀ ਮੰਗ ਕੀਤੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਹਰੀ ਸਿੰਘ ਖਾਈ ਹਲਕਾ ਇੰਚਾਰਜ ਮਾਲਵਿਕਾ ਸੂਦ ਸਾਬਕਾ ਮੰਤਰੀ ਮਾਲਤੀ ਥਾਪਰ ਐੱਮਸੀ ਮਨਜੀਤ ਸਿੰਘ ਮਾਨ ਆਦਿ ਨੇ ਸੰਬੋਧਨ ਕਰਦਿਆਂ ਸੀਨੀਅਰ ਕਾਂਗਰਸੀ ਆਗੂ ਨੇ ਕਿਹਾ ਕਿ ਦੇਸ਼ ਵਿਚ ਲਗਭਗ ਹਰ ਮੁਕਾਬਲੇ ਦੀ ਪ੍ਰੀਖਿਆ ਦਾ ਪੇਪਰ ਲੀਕ ਹੋ ਰਿਹਾ ਹੈ ਅਤੇ ਸਿੱਖਿਆ ਪ੍ਰਣਾਲੀ ਦੇ ਪ੍ਰਬੰਧ ਵਿਚ ਪੂਰੀ ਤਰ੍ਹਾਂ ਅਵਿਵਸਥਾ ਫੈਲੀ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਸੀਬੀਐੱਸਈ ਵੀ ਗਲਤ ਮੁਲਾਂਕਣ ਕਰਕੇ ਵਿਦਿਆਰਥੀਆਂ ਨਾਲ ਇਨਸਾਫ਼ ਕਰਨ ਵਿਚ ਨਾਕਾਮ ਰਹੀ ਹੈ, ਲੇਕਿਨ ਸਰਕਾਰ ਨੂੰ ਇਸਦੀ ਕੋਈ ਪਰਵਾਹ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਜਦੋਂ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਵਿਦਿਆਰਥੀ ਪੇਪਰ ਲੀਕ ਲਈ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕਰ ਰਹੇ ਸਨ ਤਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਿਰਦੇਸ਼ਾਂ ਤੇ ਦਿੱਲੀ ਪੁਲਿਸ ਨੇ ਉਨ੍ਹਾਂ ਨਾਲ ਬੇਰਹਿਮੀ ਨਾਲ ਧੱਕਾ-ਮੁੱਕੀ ਅਤੇ ਕੁੱਟਮਾਰ ਕੀਤੀ। ਉਨ੍ਹਾਂ ਨੇ ਜ਼ੋਰ ਦਿੰਦਿਆਂ, ਕਿਹਾ ਕਿ ਭਾਜਪਾ ਲੋਕਤੰਤਰੀ ਸਰਕਾਰ ਨਹੀਂ, ਸਗੋਂ ਤਾਨਾਸ਼ਾਹੀ ਚਲਾ ਰਹੀ ਹੈ, ਜਿੱਥੇ ਵਿਰੋਧ ਦੀ ਹਰ ਆਵਾਜ਼ ਨੂੰ ਕੁਚਲਿਆ ਜਾ ਰਿਹਾ ਹੈ।ਸੀਨੀਅਰ ਕਾਂਗਰਸੀ ਆਗੂ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਤੇ ਵੀ ਤੰਜ ਕੱਸਦਿਆਂ ਕਿਹਾ ਕਿ ਇਕ ਪਾਸੇ ਉਹ ਕੇਂਦਰੀ ਸਿੱਖਿਆ ਮੰਤਰੀ ਤੋਂ ਪੇਪਰ ਲੀਕ ਮਾਮਲਿਆਂ ਤੇ ਅਸਤੀਫ਼ੇ ਦੀ ਮੰਗ ਕਰ ਰਹੀ ਹੈ, ਜਦਕਿ ਦੂਜੇ ਧਿਰ ਪੰਜਾਬ ਵਿਚ ਹੋਏ ਕਈ ਪੇਪਰ ਲੀਕ ਮਾਮਲਿਆਂ ਦੇ ਬਾਵਜੂਦ ਆਪਣੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਬਚਾਅ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਆਪ ਨੂੰ ਵੀ ਉਹੀ ਕਰਨਾ ਚਾਹੀਦਾ ਹੈ, ਜੋ ਉਹ ਦੂਜਿਆਂ ਨੂੰ ਕਰਨ ਲਈ ਕਹਿੰਦੀ ਹੈ। ਉਨ੍ਹਾਂ ਨੇ ਖ਼ੁਲਾਸਾ ਕੀਤਾ ਕਿ ਆਪ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਵਿਚ ਕਈ ਵੱਡੇ ਪੱਧਰ ’ਤੇ ਪੇਪਰ ਲੀਕ ਦੇ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਵਿਚ ਫਾਰਮਾਸਿਸਟ ਭਰਤੀ ਪ੍ਰੀਖਿਆ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਬਾਰ੍ਹਵੀਂ ਜਮਾਤ ਦੇ ਅੰਗਰੇਜ਼ੀ ਦੇ ਪੇਪਰ ਦਾ ਲੀਕ ਹੋਣਾ ਸ਼ਾਮਲ ਹੈ। ਉਨ੍ਹਾਂ ਨੇ ਪੁੱਛਿਆ ਕਿ ਪੰਜਾਬ ਸਰਕਾਰ ਨੇ ਇਨ੍ਹਾਂ ਮਾਮਲਿਆਂ ਵਿਚ ਕੀ ਕਾਰਵਾਈ ਕੀਤੀ ਹੈ। ਕਾਂਗਰਸੀ ਆਗੂਆਂ ਨੇ ਕਿਹਾ ਕਿ ਭਾਜਪਾ ਅਤੇ ਆਮ ਆਦਮੀ ਪਾਰਟੀ ਇਕੋ ਸਿੱਕੇ ਦੇ ਦੋ ਪਹਿਲੂ ਹਨ। ਕੇਂਦਰ ਵਿਚ ਜੋ ਕੁਝ ਭਾਜਪਾ ਕਰ ਰਹੀ ਹੈ, ਉਹੀ ਕੁੱਝ ਪੰਜਾਬ ਵਿਚ ਆਪ ਸਰਕਾਰ ਕਰ ਰਹੀ ਹੈ। ਇਸ ਸਮੇਂ ਸਾਬਕਾ ਮੰਤਰੀ ਮਾਲਤੀ ਥਾਪਰ, ਹਲਕਾ ਮੋਗਾ ਤੋਂ ਮਾਲਵਿਕਾ ਸੂਦ, ਐੱਮਸੀ ਮਨਜੀਤ ਸਿੰਘ ਮਾਨ, ਪਰਮਿੰਦਰ ਸਿੰਘ ਡਿੰਪਲ, ਗੁਰਦੇਵ ਕੌਰ ਪ੍ਰਧਾਨ ਇਸਤਰੀ ਵਿੰਗ, ਇੰਦਰਜੀਤ ਸਿੰਘ ਬੀੜ ਚੜਿੱਕ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ।