ਹਰ ਬੂਥ, ਕਾਂਗਰਸ ਮਜ਼ਬੂਤ ਮੁਹਿੰਮ ਨੂੰ ਮੋਗਾ ’ਚ ਮਿਲਿਆ ਭਰਵਾਂ ਹੁੰਗਾਰਾ ਏਆਈਸੀਸੀ ਦੇ ਜਨਰਲ ਸਕੱਤਰ
Publish Date: Wed, 05 Aug 2026 06:23 PM (IST)
Updated Date: Wed, 05 Aug 2026 06:25 PM (IST)
ਭੂਪੇਸ਼ ਬਘੇਲ ਤੇ ਰਾਜਾ ਵੜਿੰਗ ਨੇ ਮਾਨ ਸਰਕਾਰ ਤੇ ਕੀਤੇ ਤਿੱਖੇ ਸਿਆਸੀ ਹਮਲੇ ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਏਆਈਸੀਸੀ ਦੇ ਜਨਰਲ ਸਕੱਤਰ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਨੇ ਮੋਗਾ ਵਿਖੇ ਕਰਵਾਏ ਹਰ ਬੂਥ, ਕਾਂਗਰਸ ਮਜ਼ਬੂਤ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਤੋਂ ਨਿਰਾਸ਼ ਹੋ ਚੁੱਕੇ ਹਨ ਅਤੇ ਹੁਣ ਕਾਂਗਰਸ ਨੂੰ ਮੁੜ ਸੱਤਾ ਵਿਚ ਦੇਖਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਸੂਬੇ ਦੇ 12 ਜ਼ਿਲ੍ਹਿਆਂ ਦੇ ਦੌਰੇ ਦੌਰਾਨ ਉਨ੍ਹਾਂ ਨੂੰ ਲੋਕਾਂ ਵੱਲੋਂ ਭਰਵਾਂ ਸਮਰਥਨ ਮਿਲਿਆ ਹੈ, ਜਿਸ ਤੋਂ ਸਪੱਸ਼ਟ ਹੈ ਕਿ ਪੰਜਾਬ ਵਿਚ ਬਦਲਾਅ ਦੀ ਲਹਿਰ ਬਣ ਰਹੀ ਹੈ। ਭੂਪੇਸ਼ ਬਘੇਲ ਨੇ ਕਿਹਾ ਕਿ ਆਪਣੇ ਲੰਮੇ ਰਾਜਨੀਤਿਕ ਤਜਰਬੇ ਦੇ ਆਧਾਰ ਤੇ ਉਹ ਇਹ ਮਹਿਸੂਸ ਕਰਦੇ ਹਨ ਕਿ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਪੂਰੀ ਤਰ੍ਹਾਂ ਨਿਰਾਸ਼ ਹਨ ਕਿਉਂਕਿ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿਚ ਨਾਕਾਮ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪੰਜਾਬ ਨੂੰ ਕਰਜ਼ੇ ਅਤੇ ਨਸ਼ਿਆਂ ਦੀ ਦਲਦਲ ਵਿਚ ਧੱਕ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਆਰਥਿਕ ਹਾਲਤ ਲਗਾਤਾਰ ਵਿਗੜ ਰਹੀ ਹੈ ਅਤੇ ਕਾਨੂੰਨ-ਵਿਵਸਥਾ ਦੀ ਸਥਿਤੀ ਵੀ ਚਿੰਤਾਜਨਕ ਬਣ ਚੁੱਕੀ ਹੈ। ਗੈਂਗਸਟਰਾਂ ਦਾ ਖੌਫ਼ ਵਧ ਰਿਹਾ ਹੈ ਅਤੇ ਆਮ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਬਘੇਲ ਨੇ ਕਿਹਾ ਕਿ ਪੰਜਾਬ ਨੇ ਇਸ ਤਰ੍ਹਾਂ ਦੀ ਬਦਅਮਨੀ ਪਹਿਲਾਂ ਕਦੇ ਨਹੀਂ ਵੇਖੀ। ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਦੀ ਲੋੜ ’ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਏਆਈਸੀਸੀ ਦੇ ਸੰਗਠਨ ਸਿਰਜਣ ਪ੍ਰੋਗਰਾਮ ਤਹਿਤ ਹਰ ਬੂਥ ਤੱਕ ਪਾਰਟੀ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਪੰਜਾਬ ਕਾਂਗਰਸ ਦੀ ਲੀਡਰਸ਼ਿਪ ਵੱਲੋਂ ਹਰ ਬੂਥ ਤੇ ਬੂਥ ਲੈਵਲ ਏਜੰਟ ਨਿਯੁਕਤ ਕਰਨ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਕਾਂਗਰਸ ਦੀ ਅਸਲ ਤਾਕਤ ਉਸ ਦੇ ਜ਼ਮੀਨੀ ਵਰਕਰ ਹਨ। ਬਘੇਲ ਨੇ ਆਮ ਆਦਮੀ ਪਾਰਟੀ ਅਤੇ ਭਾਜਪਾ ਤੇ ਨਿਸ਼ਾਨਾ ਸਾਧਦਿਆਂ ਦੋਸ਼ ਲਗਾਇਆ ਕਿ ਦੋਵੇਂ ਪਾਰਟੀਆਂ ਕਾਂਗਰਸ ਦੇ ਪ੍ਰੋਗਰਾਮਾਂ ਨੂੰ ਵਿਘਨ ਪਾਉਣ ਅਤੇ ਲੋਕਾਂ ਦਾ ਧਿਆਨ ਭਟਕਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਖ਼ਿਲਾਫ਼ ਲਗਾਏ ਗਏ ਹੋਰਡਿੰਗ ਵਿਰੋਧੀਆਂ ਦੀ ਘਬਰਾਹਟ ਨੂੰ ਦਰਸਾਉਂਦੇ ਹਨ ਅਤੇ ਇਹ ਸਾਬਤ ਕਰਦੇ ਹਨ ਕਿ ਕਾਂਗਰਸ ਦੀਆਂ ਗਤੀਵਿਧੀਆਂ ਤੋਂ ਸਿਆਸੀ ਵਿਰੋਧੀ ਚਿੰਤਤ ਹਨ। ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਾ ਵੜਿੰਗ ਨੇ ਵੀ ਮਾਨ ਸਰਕਾਰ ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਬਦਲਾਅ ਚਾਹੁੰਦੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਪਾਰਟੀ ਦੇ ਪ੍ਰੋਗਰਾਮਾਂ ਨੂੰ ਮਿਲ ਰਿਹਾ ਵੱਡਾ ਜਨ ਸਮਰਥਨ ਇਹ ਸਾਬਤ ਕਰਦਾ ਹੈ ਕਿ ਕਾਂਗਰਸ ਮੁੜ ਮਜ਼ਬੂਤੀ ਨਾਲ ਲੋਕਾਂ ਦੇ ਵਿਚਕਾਰ ਖੜ੍ਹੀ ਹੈ। ਰਾਜਾ ਵੜਿੰਗ ਨੇ ਕਿਹਾ ਕਿ ਪਾਰਟੀ ਨੇ ਇੰਨੇ ਵੱਡੇ ਇਕੱਠ ਦੀ ਯੋਜਨਾ ਨਹੀਂ ਬਣਾਈ ਸੀ ਪਰ ਲੋਕ ਆਪਣੇ ਆਪ ਵੱਡੀ ਗਿਣਤੀ ਵਿਚ ਪ੍ਰੋਗਰਾਮਾਂ ਵਿਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਇਸ ਕਾਰਨ ਕੁਝ ਬਾਹਰੀ ਅਤੇ ਅੰਦਰੂਨੀ ਵਿਰੋਧੀ ਘਬਰਾਏ ਹੋਏ ਹਨ ਅਤੇ ਕਾਂਗਰਸ ਦੇ ਪ੍ਰੋਗਰਾਮਾਂ ਵਿਚ ਰੁਕਾਵਟਾਂ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸਭ ਕਾਂਗਰਸ ਦੀ ਵਧਦੀ ਲੋਕਪ੍ਰਿਯਤਾ ਦਾ ਪ੍ਰਮਾਣ ਹੈ। ਵੜਿੰਗ ਨੇ ਕਿਹਾ ਕਿ ਭਗਵੰਤ ਮਾਨ ਨੇ ਆਪਣੇ ਕਾਰਜਕਾਲ ਦੌਰਾਨ ਆਪਣੇ ਆਪ ਨੂੰ ਪੰਜਾਬ ਦੇ ਹੁਣ ਤੱਕ ਦੇ ਸਭ ਤੋਂ ਮਾੜੇ ਮੁੱਖ ਮੰਤਰੀ ਵਜੋਂ ਸਾਬਤ ਕੀਤਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸੂਬੇ ਵਿਚ ਕਾਨੂੰਨ-ਵਿਵਸਥਾ ਲਗਾਤਾਰ ਵਿਗੜ ਰਹੀ ਹੈ, ਗੈਂਗਸਟਰ ਸੱਭਿਆਚਾਰ ਵਧ ਰਿਹਾ ਹੈ ਅਤੇ ਨਸ਼ਿਆਂ ਦੀ ਸਮੱਸਿਆ ਭਿਆਨਕ ਰੂਪ ਧਾਰ ਚੁੱਕੀ ਹੈ। ਉਨ੍ਹਾਂ ਮਾਨ ਸਰਕਾਰ ਵੱਲੋਂ ਸ਼ਾਂਤਮਈ ਢੰਗ ਨਾਲ ਆਪਣੀਆਂ ਮੰਗਾਂ ਰੱਖ ਰਹੇ ਅਧਿਆਪਕਾਂ, ਮਨਰੇਗਾ ਵਰਕਰਾਂ, ਸਫ਼ਾਈ ਕਰਮਚਾਰੀਆਂ, ਕਿਸਾਨਾਂ ਅਤੇ ਸਰਕਾਰੀ ਮੁਲਾਜ਼ਮਾਂ ਨਾਲ ਕਥਿਤ ਸਖ਼ਤੀ ਦੀ ਵੀ ਨਿੰਦਾ ਕੀਤੀ ਅਤੇ ਕਿਹਾ ਕਿ ਲੋਕਤੰਤਰ ਵਿਚ ਲੋਕਾਂ ਦੀ ਆਵਾਜ਼ ਨੂੰ ਦਬਾਉਣਾ ਠੀਕ ਨਹੀਂ। ਇਸ ਮੌਕੇ ਰਵਿੰਦਰ ਦਲਵੀ, ਹਰੀ ਸਿੰਘ ਖਾਈ, ਕੁਲਬੀਰ ਸਿੰਘ ਜ਼ੀਰਾ, ਮਾਲਵਿਕਾ ਸੂਦ, ਮਾਲਤੀ ਥਾਪਰ , ਵਿਨੋਦ ਬਾਂਸਲ ਮਨਜੀਤ ਸਿੰਘ ਮਾਨ ਸਮੇਤ ਕਾਂਗਰਸ ਦੇ ਕਈ ਸੀਨੀਅਰ ਆਗੂ, ਅਹੁਦੇਦਾਰ ਅਤੇ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਸਨ।