- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਅੰਦਰ ਨਸ਼ਿਆਂ ਦੇ ਵਧ ਰਹੇ

ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਪੰਜਾਬ ਅੰਦਰ ਨਸ਼ਿਆਂ ਦੇ ਵਧ ਰਹੇ ਪ੍ਰਕੋਪ ਨੂੰ ਲੈ ਕੇ ਕਾਂਗਰਸ ਪਾਰਟੀ ਦੀ ਮੋਗਾ ਵਿਧਾਨ ਸਭਾ ਹਲਕਾ ਇੰਚਾਰਜ ਮਾਲਵਿਕਾ ਸੂਦ ਨੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ ਪਰ ਜ਼ਮੀਨੀ ਹਕੀਕਤ ਇੰਨ੍ਹਾਂ ਦਾਅਵਿਆਂ ਦੇ ਬਿਲਕੁਲ ਉਲਟ ਨਜ਼ਰ ਆ ਰਹੀ ਹੈ। ਸੂਬੇ ਅੰਦਰ ਆਏ ਦਿਨ ਵਾਪਰ ਰਹੀਆਂ ਅਪਰਾਧਿਕ ਘਟਨਾਵਾਂ ਸਰਕਾਰ ਦੇ ਨਸ਼ਾ ਵਿਰੋਧੀ ਦਾਅਵਿਆਂ ਦੀ ਪੋਲ੍ਹ ਖੋਲ੍ਹ ਰਹੀਆਂ ਹਨ। ਮਾਲਵਿਕਾ ਸੂਦ ਨੇ ਕਿਹਾ ਕਿ ਮੋਗਾ ਸ਼ਹਿਰ ਵਿਚ ਬੀਤੇ ਦਿਨੀਂ ਵਾਪਰੀ ਪਿਉ ਦੇ ਕਤਲ ਦੀ ਘਟਨਾ ਅਤੇ ਬੀਤੀ ਰਾਤ ਕਟਿੰਗ ਵਾਲੀ ਦੁਕਾਨ ’ਤੇ ਹੋਈ ਭੰਨਤੋੜ ਵਰਗੀਆਂ ਘਟਨਾਵਾਂ ਨੇ ਸ਼ਹਿਰ ਵਾਸੀਆਂ ਵਿਚ ਚਿੰਤਾ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਪਿੱਛੇ ਨਸ਼ਿਆਂ ਦਾ ਮਾੜਾ ਪ੍ਰਭਾਵ ਵੀ ਇਕ ਗੰਭੀਰ ਸਮਾਜਿਕ ਚਿੰਤਾ ਹੈ, ਜਿਸ ਨੂੰ ਅੱਖੋਂ-ਪਰੋਖੇ ਨਹੀਂ ਕੀਤਾ ਜਾ ਸਕਦਾ। ਨਸ਼ਿਆਂ ਕਾਰਨ ਨੌਜਵਾਨਾਂ ਦੀ ਜ਼ਿੰਦਗੀ ਬਰਬਾਦ ਹੋ ਰਹੀ ਹੈ ਅਤੇ ਪਰਿਵਾਰਾਂ ਨੂੰ ਵੀ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ ਪਰ ਸਰਕਾਰ ਸਿਰਫ਼ ਬਿਆਨਾਂ ਰਾਹੀਂ ਨਸ਼ਾ ਖ਼ਤਮ ਕਰਨ ਦੇ ਦਾਅਵੇ ਕਰ ਰਹੀ ਹੈ। ਜੇਕਰ ਸਰਕਾਰ ਵੱਲੋਂ ਨਸ਼ਿਆਂ ਦੀ ਸਪਲਾਈ ਕਰਨ ਵਾਲੇ ਤਸਕਰਾਂ ਅਤੇ ਇਸ ਗੈਰ-ਕਾਨੂੰਨੀ ਕਾਰੋਬਾਰ ਵਿਚ ਸ਼ਾਮਲ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਇਸ ਸਮੱਸਿਆ ’ਤੇ ਕਾਬੂ ਪਾਇਆ ਜਾ ਸਕਦਾ ਹੈ। ਮਾਲਵਿਕਾ ਸੂਦ ਨੇ ਮੰਗ ਕੀਤੀ ਕਿ ਸਰਕਾਰ ਨਸ਼ਿਆਂ ਵਿਰੁੱਧ ਸਿਰਫ਼ ਮੁਹਿੰਮ ਚਲਾਉਣ ਦੀ ਬਜਾਏ ਠੋਸ ਅਤੇ ਪ੍ਰਭਾਵਸ਼ਾਲੀ ਕਦਮ ਚੁੱਕੇ। ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਤੋੜਿਆ ਜਾਵੇ, ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਦਿੱਤੇ ਜਾਣ ਅਤੇ ਨਸ਼ੇ ਦੀ ਲਪੇਟ ਵਿਚ ਆਏ ਨੌਜਵਾਨਾਂ ਦੇ ਇਲਾਜ ਤੇ ਮੁੜ ਵਸੇਬੇ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਸਿਰਫ਼ ਵਾਅਦੇ ਨਹੀਂ ਸਗੋਂ ਨਸ਼ਾ ਮੁਕਤ ਪੰਜਾਬ ਦੇ ਰੂਪ ਵਿਚ ਠੋਸ ਨਤੀਜੇ ਦੇਖਣਾ ਚਾਹੁੰਦੇ ਹਨ।