- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਮੋਗਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਔਰਤਾਂ ਦੇ ਸਨਮਾਨ, ਆਰਥਿਕ ਸਸ਼ਕਤੀਕਰਨ ਅਤੇ ਉਨ੍ਹਾਂ ਦੇ ਯੋਗਦਾਨ ਨੂੰ ਬਣਦਾ ਮਾਣ-ਸਤਿਕਾਰ ਦੇਣ ਦੇ ਉਦੇਸ਼ ਨਾਲ ਲਗਾਤਾਰ ਲੋਕ ਭਲਾਈ ਦੇ ਕਦਮ ਚੁੱਕੇ ਜਾ ਰਹੇ ਹਨ। ਇਸੇ ਲੜੀ ਤਹਿਤ ਪੰਜਾਬ ਸਰਕਾਰ ਦੀ ਮਹੱਤਵਪੂਰਨ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਅਧੀਨ ਵਿਧਾਨ ਸਭਾ ਹਲਕਾ ਮੋਗਾ ਦੀਆਂ ਆਂਗਣਵਾੜੀ ਵਰਕਰਾਂ ਨੂੰ ਕੁੱਲ 17 ਲੱਖ 75 ਹਜ਼ਾਰ ਰੁਪਏ ਦੀ ਸਨਮਾਨ ਰਾਸ਼ੀ ਵੰਡੀ ਗਈ। ਇਸ ਮੌਕੇ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਆਂਗਣਵਾੜੀ ਵਰਕਰਾਂ ਨੂੰ ਸਨਮਾਨ ਰਾਸ਼ੀ ਭੇਟ ਕੀਤੀ ਅਤੇ ਸਮਾਜ ਪ੍ਰਤੀ ਉਨ੍ਹਾਂ ਵੱਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਸੀਡੀਪੀਓ ਬਹਾਦਰ ਸਿੰਘ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਪ੍ਰੋਗਰਾਮ ਦੌਰਾਨ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਆਂਗਣਵਾੜੀ ਵਰਕਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੇ ਕੰਮਕਾਜ, ਜ਼ਿੰਮੇਵਾਰੀਆਂ ਅਤੇ ਦਰਪੇਸ਼ ਸਮੱਸਿਆਵਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਸਰਕਾਰ ਦੀਆਂ ਵੱਖ-ਵੱਖ ਲੋਕ ਭਲਾਈ ਯੋਜਨਾਵਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਅਤੇ ਲੋੜਵੰਦ ਪਰਿਵਾਰਾਂ ਤੱਕ ਇਨ੍ਹਾਂ ਦਾ ਲਾਭ ਪਹੁੰਚਾਉਣ ਵਿਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰ ਘਰ-ਘਰ ਜਾ ਕੇ ਲੋਕਾਂ ਨੂੰ ਸਰਕਾਰੀ ਯੋਜਨਾਵਾਂ ਪ੍ਰਤੀ ਜਾਗਰੂਕ ਕਰਦੀਆਂ ਹਨ ਅਤੇ ਇਹ ਯਕੀਨੀ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ ਕਿ ਸਰਕਾਰ ਦੀਆਂ ਸਹੂਲਤਾਂ ਅਸਲ ਲੋੜਵੰਦ ਲੋਕਾਂ ਤੱਕ ਪਹੁੰਚਣ। ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਇਸੇ ਸੋਚ ਦਾ ਪ੍ਰਤੀਕ ਹੈ। ਇਸ ਯੋਜਨਾ ਰਾਹੀਂ ਔਰਤਾਂ ਦੇ ਯੋਗਦਾਨ ਨੂੰ ਸਨਮਾਨ ਦੇਣ ਦੇ ਨਾਲ-ਨਾਲ ਉਨ੍ਹਾਂ ਨੂੰ ਉਤਸ਼ਾਹਿਤ ਕਰਨ ਦਾ ਉਪਰਾਲਾ ਕੀਤਾ ਜਾ ਰਿਹਾ ਹੈ।ੳਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਦੀਆਂ ਸੇਵਾਵਾਂ ਬੇਹੱਦ ਸ਼ਲਾਘਾਯੋਗ ਹਨ ਅਤੇ ਸਰਕਾਰ ਉਨ੍ਹਾਂ ਦੀ ਭਲਾਈ ਅਤੇ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਯਤਨਸ਼ੀਲ ਹੈ। ਉਨ੍ਹਾਂ ਸਾਰੀਆਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਇਸੇ ਉਤਸ਼ਾਹ ਅਤੇ ਸਮਰਪਣ ਨਾਲ ਬੱਚਿਆਂ ਦੇ ਪੋਸ਼ਣ, ਸਿੱਖਿਆ, ਸਿਹਤ ਅਤੇ ਔਰਤਾਂ ਦੀ ਭਲਾਈ ਨਾਲ ਸਬੰਧਤ ਕਾਰਜ ਜਾਰੀ ਰੱਖਣ। ਇਸ ਦੌਰਾਨ ਆਂਗਣਵਾੜੀ ਵਰਕਰਾਂ ਨੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਦਿੱਤਾ ਗਿਆ ਇਹ ਸਨਮਾਨ ਉਨ੍ਹਾਂ ਲਈ ਉਤਸ਼ਾਹ ਅਤੇ ਪ੍ਰੇਰਨਾ ਦਾ ਕੰਮ ਕਰੇਗਾ। ਸੀਡੀਪੀਓ ਬਹਾਦਰ ਸਿੰਘ ਨੇ ਵੀ ਪੰਜਾਬ ਸਰਕਾਰ ਦੀ ਇਸ ਪਹਿਲਕਦਮੀ ਦੀ ਸ਼ਲਾਘਾ ਕੀਤੀ। ਪ੍ਰੋਗਰਾਮ ਦੇ ਅੰਤ ਵਿਚ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਆਂਗਣਵਾੜੀ ਵਰਕਰਾਂ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਪੂਰੀ ਲਗਨ ਅਤੇ ਉਤਸ਼ਾਹ ਨਾਲ ਲੋਕ ਸੇਵਾ ਦੇ ਕਾਰਜ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ।