ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵੱਲੋਂ ਨਵੀਂ ਗਊਸ਼ਾਲਾ ਦੀ ਇਮਾਰਤ ਦਾ ਉਦਘਾਟਨ
ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ
Publish Date: Wed, 11 Feb 2026 03:00 PM (IST)
Updated Date: Wed, 11 Feb 2026 03:02 PM (IST)

-49 ਲੱਖ 60 ਹਜ਼ਾਰ ਰੁਪਏ ਦੀ ਲਾਗਤ ਨਾਲ ਬਣਾਈ ਜਾ ਰਹੀ ਨਵੀਂ ਇਮਾਰਤ ਮਨਪ੍ਰੀਤ ਸਿੰਘ ਮੱਲੇਆਣਾ 0 ਪੰਜਾਬੀ ਜਾਗਰਣ ਮੋਗਾ : ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਮੋਗਾ ਵਿਧਾਨ ਸਭਾ ਹਲਕੇ ਦੇ ਅੰਦਰ ਚੜਿੱਕ ਰੋਡ ’ਤੇ ਸਥਿਤ ਸਰਕਾਰੀ ਗੋਵਿੰਦ ਗਊਸ਼ਾਲਾ ਵਿਖੇ ਮੋਗਾ ਨਗਰ ਨਿਗਮ ਵੱਲੋਂ 49 ਲੱਖ 60 ਹਜ਼ਾਰ ਰੁਪਏ ਦੀ ਲਾਗਤ ਨਾਲ ਬਣਾਈ ਜਾ ਰਹੀ ਨਵੀਂ ਗਊਸ਼ਾਲਾ ਦੀ ਇਮਾਰਤ ਦਾ ਉਦਘਾਟਨ ਕੀਤਾ। ਇਸ ਮੌਕੇ ਮੋਗਾ ਨਗਰ ਨਿਗਮ ਦੇ ਮੇਅਰ ਪ੍ਰਵੀਨ ਕੁਮਾਰ ਸ਼ਰਮਾ, ਬੰਟੀ, ਜਗਦੀਸ਼ ਸ਼ਰਮਾ, ਕੌਂਸਲਰ ਗੁਰਪ੍ਰੀਤ ਸਿੰਘ ਸਚਦੇਵਾ, ਰਾਜ ਮੁਖੀਜਾ, ਕੌਂਸਲਰ ਬੂਟਾ ਸਿੰਘ, ਰਾਕੇਸ਼ ਮਿੱਡਾ, ਮਿਲਾਪ ਸਿੰਘ, ਰਮੇਸ਼ ਖੋਖਰ, ਅਜੈ ਗਰਗ ਅਤੇ ਆਮ ਆਦਮੀ ਪਾਰਟੀ ਦੇ ਵਰਕਰ ਅਤੇ ਵਲੰਟੀਅਰ ਮੌਜੂਦ ਸਨ। ਇਸ ਮੌਕੇ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਦੱਸਿਆ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਗਊਸ਼ਾਲਾਵਾਂ ਦੇ ਨਿਰਮਾਣ ਲਈ ਗ੍ਰਾਂਟ ਜਾਰੀ ਕੀਤੀ ਹੈ। ਇਸ ਪਹਿਲਕਦਮੀ ਤਹਿਤ ਅੱਜ 49.60 ਲੱਖ ਰੁਪਏ ਦੀ ਲਾਗਤ ਨਾਲ ਇਕ ਨਵੀਂ ਗਊਸ਼ਾਲਾ ਇਮਾਰਤ ਦਾ ਉਦਘਾਟਨ ਕਰ ਕੇ ਕੰਮ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਗਊ ਸੇਵਾ ਸਭ ਤੋਂ ਵਧੀਆ ਸੇਵਾ ਹੈ। ਉਨ੍ਹਾਂ ਕਿਹਾ ਕਿ ਗਊ ਸੇਵਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਇਹ ਯਤਨ ਬੇਸਹਾਰਾ ਜਾਨਵਰਾਂ ਲਈ ਬਿਹਤਰ ਸਹੂਲਤਾਂ ਨੂੰ ਯਕੀਨੀ ਬਣਾਏਗਾ। ਉਨ੍ਹਾਂ ਕਿਹਾ ਕਿ ਗਊਸ਼ਾਲਾ ਵਿਚ 700 ਗਾਵਾਂ ਦੀ ਦੇਖ਼ਭਾਲ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਗਊਸ਼ਾਲਾ ਨੂੰ ਹੋਰ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਗਊਆਂ ਦੀ ਬਿਹਤਰ ਦੇਖ਼ਭਾਲ ਕੀਤੀ ਜਾ ਸਕੇ। ਇਸ ਮੌਕੇ ਗੋਵਿੰਦ ਗਊਸ਼ਾਲਾ ਦੇ ਵਲੰਟੀਅਰਾਂ ਨੇ ਹਲਕੇ ਦੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਅਤੇ ਮੇਅਰ ਪ੍ਰਵੀਨ ਕੁਮਾਰ ਸ਼ਰਮਾ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।