- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰਾਜਿੰਦਰਾ ਪਬ ਲਿਕ ਸੀਨੀਅਰ

ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਰਾਜਿੰਦਰਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ 26 ਨਵੰਬਰ ਨੂੰ ਸੰਵਿਧਾਨ ਦਿਵਸ ਬੜੇ ਉਤਸ਼ਾਹ, ਸ਼ਰਧਾ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਹੜੇ ਵਿਚ ਵਿਸ਼ੇਸ਼ ਪ੍ਰਾਰਥਨਾ ਸਭਾ ਕਰਵਾਈ ਗਈ, ਜਿਸ ਵਿਚ ਵਿਦਿਆਰਥੀਆਂ ਅਤੇ ਸਕੂਲ ਦੇ ਸਮੂਹ ਸਟਾਫ਼ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ। ਇਸ ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਭਾਰਤੀ ਸੰਵਿਧਾਨ ਦੀ ਮਹੱਤਤਾ, ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਦੇਸ਼ ਪ੍ਰਤੀ ਉਨ੍ਹਾਂ ਦੇ ਅਧਿਕਾਰਾਂ ਤੇ ਫਰਜ਼ਾਂ ਬਾਰੇ ਜਾਣੂ ਕਰਵਾਉਣਾ ਸੀ। ਸਮਾਗਮ ਦੌਰਾਨ ਸਕੂਲ ਦੀ ਡਾਇਰੈਕਟਰ ਸੀਮਾ ਸ਼ਰਮਾ, ਚੇਅਰਮੈਨ ਰਾਘਵ ਸ਼ਰਮਾ ਅਤੇ ਪ੍ਰਿੰਸੀਪਲ ਸਾਕਸ਼ੀ ਸ਼ਰਮਾ ਨੇ ਵਿਦਿਆਰਥੀਆਂ ਕੋਲੋਂ ਭਾਰਤੀ ਸੰਵਿਧਾਨ ਦੀ ਪ੍ਰਸਤਾਵਨਾ ਦਾ ਸਮੂਹਿਕ ਪਾਠ ਕਰਵਾਇਆ ਅਤੇ ਸੰਵਿਧਾਨ ਪ੍ਰਤੀ ਨਿਸ਼ਠਾ, ਸਮਾਨਤਾ, ਆਜ਼ਾਦੀ, ਨਿਆਂ ਅਤੇ ਭਾਈਚਾਰੇ ਦੀਆਂ ਕਦਰਾਂ-ਕੀਮਤਾਂ ਨੂੰ ਜੀਵਨ ਵਿਚ ਅਪਣਾਉਣ ਦੀ ਸਹੁੰ ਚੁਕਾਈ। ਇਸ ਮੌਕੇ ਡਾਇਰੈਕਟਰ ਸੀਮਾ ਸ਼ਰਮਾ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਭਾਰਤੀ ਸੰਵਿਧਾਨ ਸਾਡੇ ਲੋਕਤੰਤਰ ਦੀ ਸਭ ਤੋਂ ਮਜ਼ਬੂਤ ਨੀਂਹ ਹੈ। ਇਹ ਹਰੇਕ ਨਾਗਰਿਕ ਨੂੰ ਬਰਾਬਰ ਦੇ ਅਧਿਕਾਰ ਦੇਣ ਦੇ ਨਾਲ-ਨਾਲ ਸਮਾਜ ਵਿਚ ਆਪਸੀ ਸਦਭਾਵਨਾ, ਏਕਤਾ ਅਤੇ ਭਾਈਚਾਰੇ ਦੀ ਭਾਵਨਾ ਨੂੰ ਮਜ਼ਬੂਤ ਕਰਦਾ ਹੈ। ਚੇਅਰਮੈਨ ਰਾਘਵ ਸ਼ਰਮਾ ਨੇ ਕਿਹਾ ਕਿ 26 ਨਵੰਬਰ ਦਾ ਦਿਨ ਹਰੇਕ ਭਾਰਤੀ ਲਈ ਮਾਣ ਅਤੇ ਸਨਮਾਨ ਦਾ ਪ੍ਰਤੀਕ ਹੈ। ਪ੍ਰਿੰਸੀਪਲ ਸਾਕਸ਼ੀ ਸ਼ਰਮਾ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਸਿੱਖਿਆ ਦਾ ਉਦੇਸ਼ ਸਿਰਫ਼ ਕਿਤਾਬੀ ਗਿਆਨ ਦੇਣਾ ਹੀ ਨਹੀਂ, ਸਗੋਂ ਵਿਦਿਆਰਥੀਆਂ ਨੂੰ ਚੰਗੇ ਸੰਸਕਾਰਾਂ ਅਤੇ ਨੈਤਿਕ ਕਦਰਾਂ-ਕੀਮਤਾਂ ਨਾਲ ਜੋੜਨਾ ਵੀ ਹੈ। ਸਮਾਗਮ ਦੇ ਅੰਤ ਵਿਚ ਵਿਦਿਆਰਥੀਆਂ ਨੂੰ ਸੰਵਿਧਾਨ ਵਿਚ ਦਿੱਤੇ ਗਏ ਮੌਲਿਕ ਅਧਿਕਾਰਾਂ ਅਤੇ ਮੌਲਿਕ ਫਰਜ਼ਾਂ ਪ੍ਰਤੀ ਜਾਗਰੂਕ ਰਹਿਣ ਅਤੇ ਇਕ ਜ਼ਿੰਮੇਵਾਰ ਨਾਗਰਿਕ ਬਣਨ ਦਾ ਸੰਦੇਸ਼ ਦਿੱਤਾ ਗਿਆ।