- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਾਘਾਪੁਰਾਣਾ ਵਿਖੇ ਬਲਾਕ ਸੰਮਤੀ

ਪਵਨ ਗਰਗ, ਪੰਜਾਬੀ ਜਾਗਰਣ, ਬਾਘਾਪੁਰਾਣਾ: ਬਾਘਾਪੁਰਾਣਾ ਵਿਖੇ ਬਲਾਕ ਸੰਮਤੀ ਦੀ ਚੋਣ ਦੌਰਾਨ ਵਾਪਰੀਆਂ ਘਟਨਾਵਾਂ ਨੇ ਸਿਆਸੀ ਮਾਹੌਲ ਨੂੰ ਕਾਫ਼ੀ ਗਰਮਾ ਦਿੱਤਾ ਹੈ। ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜਥੇਦਾਰ ਤੀਰਥ ਸਿੰਘ ਮਾਹਲਾ ਵੱਲੋਂ ਕੀਤੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਸਤਾਧਾਰੀ ਧਿਰ ’ਤੇ ਗੰਭੀਰ ਦੋਸ਼ ਲਗਾਏ ਗਏ। ਮਾਹਲਾ ਨੇ ਦੋਸ਼ ਲਗਾਇਆ ਕਿ ਚੋਣ ਪ੍ਰਕਿਰਿਆ ਦੌਰਾਨ ਲੋਕਤੰਤਰ ਦੀਆਂ ਖੁੱਲ੍ਹੀਆਂ ਧੱਜੀਆਂ ਉਡਾਈਆਂ ਗਈਆਂ ਅਤੇ ਹੁਕਮਰਾਨ ਧਿਰ ਦੇ ਵਿਧਾਇਕ ਵੱਲੋਂ ਧੱਕੇਸ਼ਾਹੀ ਕਰਕੇ ਆਪਣੇ ਮਨਪਸੰਦ ਉਮੀਦਵਾਰਾਂ ਨੂੰ ਚੇਅਰਮੈਨ ਅਤੇ ਉੱਪ ਚੇਅਰਮੈਨ ਬਣਾਇਆ ਗਿਆ। ਉਨ੍ਹਾਂ ਕਿਹਾ ਕਿ ਇਹ ਸਾਰੀ ਕਾਰਵਾਈ ਵਿਧਾਇਕ ਦੀ ਮੌਜੂਦਗੀ ਵਿਚ ਹੋਈ ਅਤੇ ਪ੍ਰਸ਼ਾਸਨ ਨੇ ਕੋਈ ਦਸ਼ਲਅੰਦਾਜ਼ੀ ਨਹੀਂ ਕੀਤੀ। ਪ੍ਰੈੱਸ ਕਾਨਫ਼ਰੰਸ ਦੌਰਾਨ ਮਾਹਲਾ ਨੇ ਦੱਸਿਆ ਕਿ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਦੇ ਜੇਤੂ ਬਲਾਕ ਸੰਮਤੀ ਮੈਂਬਰਾਂ ਨੂੰ ਇਕ ਕਮਰੇ ਵਿਚ ਬੰਦ ਕਰ ਦਿੱਤਾ ਗਿਆ ਸੀ। ਉਨ੍ਹਾਂ ਦੇ ਮੁਤਾਬਕ ਕੁੱਲ 15 ਜੇਤੂ ਉਮੀਦਵਾਰਾਂ ’ਚੋਂ ਸਿਰਫ ਚਾਰ ਨੂੰ ਹੀ ਵੋਟ ਪਾਉਣ ਦੀ ਇਜਾਜ਼ਤ ਦਿੱਤੀ ਗਈ, ਜਦਕਿ ਬਾਕੀਆਂ ਨੂੰ ਜ਼ਬਰਦਸਤੀ ਰੋਕਿਆ ਗਿਆ। ਮਾਹਲਾ ਨੇ ਇਹ ਵੀ ਦੋਸ਼ ਲਗਾਇਆ ਕਿ ਉਨ੍ਹਾਂ ਦੇ ਉਮੀਦਵਾਰਾਂ ਨੂੰ ਖੁੱਲ੍ਹੇਆਮ ਧਮਕੀਆਂ ਦਿੱਤੀਆਂ ਗਈਆਂ ਅਤੇ ਉਨ੍ਹਾਂ ’ਤੇ ਦਬਾਅ ਬਣਾਇਆ ਗਿਆ ਕਿ ਉਹ ਸੱਤਾਧਾਰੀ ਧਿਰ ਦੇ ਹੱਕ ਵਿਚ ਵੋਟ ਪਾਉਣ। ਜਦੋਂ ਉਮੀਦਵਾਰਾਂ ਨੇ ਇਸ ਦਬਾਅ ਅੱਗੇ ਝੁਕਣ ਤੋਂ ਇਨਕਾਰ ਕੀਤਾ ਤਾਂ ਵਿਧਾਇਕ ਵੱਲੋਂ ਆਪਣੇ ਹਮਾਇਤੀਆਂ ਨੂੰ ਚੇਅਰਮੈਨ ਅਤੇ ਉੱਪ ਚੇਅਰਮੈਨ ਐਲਾਨ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਇਹ ਚੋਣ ਪ੍ਰਕਿਰਿਆ ਨਾਲ ਖਿਲਵਾੜ ਹੈ ਅਤੇ ਲੋਕਤੰਤਰ ’ਤੇ ਸਿੱਧਾ ਹਮਲਾ ਹੈ। ਮਾਹਲਾ ਨੇ ਪੁਲਸ ਅਤੇ ਸਿਵਲ ਪ੍ਰਸ਼ਾਸਨ ਦੀ ਭੂਮਿਕਾ ’ਤੇ ਵੀ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਜਦੋਂ ਸਾਰਾ ਮਾਮਲਾ ਉਨ੍ਹਾਂ ਦੀ ਹਾਜ਼ਰੀ ਵਿਚ ਹੋ ਰਿਹਾ ਸੀ ਤਾਂ ਕੋਈ ਕਾਰਵਾਈ ਕਿਉਂ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀ ਚੁੱਪੀ ਦਰਸਾਉਂਦੀ ਹੈ ਕਿ ਪ੍ਰਸ਼ਾਸਨ ਵੀ ਇਸ ਸਾਜ਼ਿਸ਼ ਦਾ ਹਿੱਸਾ ਸੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸਾਰੀ ਜਾਣਕਾਰੀ ਐੱਸਐੱਸਪੀ ਮੋਗਾ ਅਤੇ ਡਿਪਟੀ ਕਮਿਸ਼ਨਰ ਨੂੰ ਲਿਖਤੀ ਰੂਪ ਵਿਚ ਦੇ ਦਿੱਤੀ ਗਈ ਹੈ ਅਤੇ ਸਬੂਤਾਂ ਸਮੇਤ ਸ਼ਿਕਾਇਤ ਦਰਜ ਕਰਵਾਈ ਗਈ ਹੈ। ਉਨ੍ਹਾਂ ਉਮੀਦ ਜਤਾਈ ਕਿ ਮਾਮਲੇ ਦੀ ਨਿਰਪੱਖ ਜਾਂਚ ਕੀਤੀ ਜਾਵੇਗੀ। ਮਾਹਲਾ ਨੇ ਐਲਾਨ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਇਸ ਮਾਮਲੇ ਨੂੰ ਅਦਾਲਤ ਵਿਚ ਲੈ ਕੇ ਜਾਵੇਗਾ ਅਤੇ ਮਾਣਯੋਗ ਹਾਈਕੋਰਟ ਵਿਚ ਰਿੱਟ ਪਟੀਸ਼ਨ ਦਾਇਰ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਨਿਆਂ ਪ੍ਰਣਾਲੀ ’ਤੇ ਪੂਰਾ ਭਰੋਸਾ ਹੈ ਅਤੇ ਧੱਕੇ ਨਾਲ ਬਣਾਈ ਗਈ ਚੋਣ ਨੂੰ ਰੱਦ ਕਰਵਾਇਆ ਜਾਵੇਗਾ। ਅੰਤ ਵਿਚ ਮਾਹਲਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਧੱਕੇਸ਼ਾਹੀ ਦੇ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਅਤੇ ਲੋਕਤੰਤਰ ਦੀ ਰੱਖਿਆ ਲਈ ਅੱਗੇ ਆਉਣ।