- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਉਣ ਵਾਲੀਆਂ ਚੋਣਾਂ ਵਿਚ

ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਆਉਣ ਵਾਲੀਆਂ ਚੋਣਾਂ ਵਿਚ ਮੋਗਾ ਜ਼ਿਲ੍ਹੇ ਦੀਆਂ ਦੋ ਸੀਟਾਂ ’ਤੇ ਚੋਣ ਲੜੇਗੀ ਭਾਰਤੀ ਕਮਿਊਨਿਸਟ ਪਾਰਟੀ : ਕਾਮਰੇਡ ਕੁਲਦੀਪ ਭੋਲਾ ਭਾਰਤੀ ਕਮਿਊਨਿਸਟ ਪਾਰਟੀ ਸੀਪੀਆਈ ਜ਼ਿਲ੍ਹਾ ਮੋਗਾ ਦੀ ਕੌਂਸਲ ਦੀ ਮੀਟਿੰਗ ਅੱਜ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਭਵਨ ਵਿਖੇ ਸਥਿਤ ਸਤੀਸ਼ ਲੂੰਬਾ ਹਾਲ ਵਿੱਚ ਹੋਈ। ਮੀਟਿੰਗ ਦੀ ਪ੍ਰਧਾਨਗੀ ਕਾਮਰੇਡ ਜਗਜੀਤ ਸਿੰਘ ਨਿਹਾਲ ਸਿੰਘ ਵਾਲਾ ਨੇ ਕੀਤੀ। ਮੀਟਿੰਗ ਦੀ ਸ਼ੁਰੂਆਤ ਮੌਕੇ ਜ਼ਿਲ੍ਹਾ ਸਕੱਤਰ ਕਾਮਰੇਡ ਕੁਲਦੀਪ ਸਿੰਘ ਭੋਲਾ ਨੇ ਉੱਘੇ ਪਾਰਟੀ ਆਗੂ ਕਾਮਰੇਡ ਦਰਸ਼ਨ ਸਿੰਘ ਮਿਸ਼ਰੀਵਾਲਾ ਦੇ ਅਕਾਲ ਚਲਾਣੇ ਬਾਰੇ ਜਾਣਕਾਰੀ ਦਿੱਤੀ। ਇਸ ਉਪਰੰਤ ਸਮੁੱਚੀ ਕੌਂਸਲ ਵੱਲੋਂ ਇੱਕ ਮਿੰਟ ਦਾ ਮੌਨ ਧਾਰ ਕੇ ਵਿਛੜੇ ਆਗੂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਮੀਟਿੰਗ ਦੌਰਾਨ ਜ਼ਿਲ੍ਹਾ ਸਕੱਤਰ ਕਾਮਰੇਡ ਕੁਲਦੀਪ ਸਿੰਘ ਭੋਲਾ ਨੇ ਵੱਖ-ਵੱਖ ਏਜੰਡੇ ਕੌਂਸਲ ਦੇ ਸਾਹਮਣੇ ਪੇਸ਼ ਕੀਤੇ। ਇਸ ਮੌਕੇ ਪਾਰਟੀ ਦੇ ਸੂਬਾ ਕੌਂਸਲ ਮੈਂਬਰ ਕਾਮਰੇਡ ਜਗਰੂਪ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਆਪਣੇ ਸੰਬੋਧਨ ਵਿਚ ਕਾਮਰੇਡ ਜਗਰੂਪ ਨੇ ਦੇਸ਼ ਅੰਦਰ ਵੋਟ ਚੋਰੀ ਦੇ ਮੁੱਦੇ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ’ਤੇ ਹੋ ਰਹੇ ਹਮਲਿਆਂ ’ਤੇ ਡੂੰਘੀ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਚੋਣ ਪ੍ਰਕਿਰਿਆ ਦੀ ਪਾਰਦਰਸ਼ਤਾ ਅਤੇ ਲੋਕਾਂ ਦੇ ਵੋਟ ਦੇ ਅਧਿਕਾਰ ਦੀ ਰਾਖੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਹੈਲਥ ਬਿੱਲ ਦੇ ਲੋਕ ਵਿਰੋਧੀ ਪੱਖਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਰਕਾਰਾਂ ਵੱਲੋਂ ਸਿਹਤ ਵਰਗੀਆਂ ਬੁਨਿਆਦੀ ਸਹੂਲਤਾਂ ਦਾ ਨਿੱਜੀਕਰਨ ਕੀਤਾ ਜਾ ਰਿਹਾ ਹੈ, ਜਿਸ ਕਾਰਨ ਆਮ ਲੋਕਾਂ ਲਈ ਇਲਾਜ ਕਰਵਾਉਣਾ ਹੋਰ ਵੀ ਮੁਸ਼ਕਲ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿਹਤ ਸਹੂਲਤਾਂ ਹਰ ਨਾਗਰਿਕ ਦਾ ਬੁਨਿਆਦੀ ਹੱਕ ਹਨ ਅਤੇ ਇਨ੍ਹਾਂ ਨੂੰ ਮੁਨਾਫ਼ੇ ਦਾ ਸਾਧਨ ਨਹੀਂ ਬਣਾਇਆ ਜਾਣਾ ਚਾਹੀਦਾ। ਕਾਮਰੇਡ ਜਗਰੂਪ ਨੇ ਦੱਸਿਆ ਕਿ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਲਈ ਪਾਰਟੀ ਦੀ ਕੌਮੀ ਲੀਡਰਸ਼ਿਪ ਦੇ ਸੱਦੇ ’ਤੇ 1 ਤੋਂ 3 ਦਸੰਬਰ ਤੱਕ ਦੇਸ਼ ਵਿਆਪੀ ਸਤਿਆਗ੍ਰਹਿ ਅਤੇ ਜੇਲ੍ਹ ਭਰੋ ਅੰਦੋਲਨ ਕੀਤਾ ਜਾਵੇਗਾ। ਇਸ ਅੰਦੋਲਨ ਤਹਿਤ ਹਜ਼ਾਰਾਂ ਕਮਿਊਨਿਸਟ ਕਾਰਕੁੰਨ ਗ੍ਰਿਫ਼ਤਾਰੀਆਂ ਦੇਣਗੇ। ਉਨ੍ਹਾਂ ਪਾਰਟੀ ਵਰਕਰਾਂ ਨੂੰ ਇਸ ਸੰਘਰਸ਼ ਨੂੰ ਸਫ਼ਲ ਬਣਾਉਣ ਲਈ ਪਿੰਡਾਂ ਅਤੇ ਸ਼ਹਿਰਾਂ ਵਿਚ ਵਿਆਪਕ ਲਾਮਬੰਦੀ ਕਰਨ ਦੀ ਅਪੀਲ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਸਕੱਤਰ ਕਾਮਰੇਡ ਕੁਲਦੀਪ ਸਿੰਘ ਭੋਲਾ ਨੇ ਕਿਹਾ ਕਿ ਜਿੱਥੇ ਵੱਖ-ਵੱਖ ਸਿਆਸੀ ਪਾਰਟੀਆਂ ਆਉਣ ਵਾਲੀਆਂ ਚੋਣਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਰਹੀਆਂ ਹਨ, ਉੱਥੇ ਭਾਰਤੀ ਕਮਿਊਨਿਸਟ ਪਾਰਟੀ ਵੀ ਮਿਹਨਤਕਸ਼ ਲੋਕਾਂ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਦਿਆਂ ਮੋਗਾ ਜ਼ਿਲ੍ਹੇ ਵਿਚ ਦੋ ਵਿਧਾਨ ਸਭਾ ਸੀਟਾਂ ’ਤੇ ਚੋਣ ਲੜੇਗੀ। ਉਨ੍ਹਾਂ ਪਾਰਟੀ ਵਰਕਰਾਂ ਨੂੰ ਚੋਣਾਂ ਦੀਆਂ ਤਿਆਰੀਆਂ ਲਈ ਹੁਣ ਤੋਂ ਹੀ ਸਰਗਰਮ ਹੋਣ ਦਾ ਸੱਦਾ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ 25 ਨਵੰਬਰ ਨੂੰ ਗ਼ਦਰੀ ਬਾਬਾ ਬਚਨ ਸਿੰਘ ਘੋਲੀਆ ਦੀ ਬਰਸੀ ਮੌਕੇ ਵੱਡੀ ਗਿਣਤੀ ਵਿਚ ਪਾਰਟੀ ਵਰਕਰਾਂ ਨੂੰ ਸ਼ਾਮਲ ਹੋਣ ਦੀ ਅਪੀਲ ਕੀਤੀ।ਅੰਤ ਵਿਚ ਮੀਟਿੰਗ ਦੇ ਪ੍ਰਧਾਨ ਕਾਮਰੇਡ ਜਗਜੀਤ ਸਿੰਘ ਨਿਹਾਲ ਸਿੰਘ ਵਾਲਾ ਨੇ ਪਹੁੰਚੇ ਸਮੂਹ ਆਗੂਆਂ ਅਤੇ ਵਰਕਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਭਰੋਸਾ ਦਿਵਾਇਆ ਕਿ ਸੀਪੀਆਈ ਦੀ ਜ਼ਿਲ੍ਹਾ ਮੋਗਾ ਇਕਾਈ 1 ਤੋਂ 3 ਦਸੰਬਰ ਤੱਕ ਹੋਣ ਵਾਲੇ ਜੇਲ੍ਹ ਭਰੋ ਅੰਦੋਲਨ ਵਿੱਚ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਸ਼ਮੂਲੀਅਤ ਕਰੇਗੀ। ਮੀਟਿੰਗ ਵਿਚ ਸੁਖਜਿੰਦਰ ਮਹੇਸਰੀ, ਜਗਦੀਸ਼ ਸਿੰਘ ਚਾਹਲ, ਡਾ. ਇੰਦਰਵੀਰ ਗਿੱਲ, ਬਲਵਿੰਦਰ ਸਿੰਘ ਬੁੱਧ ਸਿੰਘ ਵਾਲਾ, ਕਾਮਰੇਡ ਗੁਰਮੀਤ ਸਿੰਘ ਵਾਂਦਰ, ਸਵਰਾਜ ਸਿੰਘ ਢੁੱਡੀਕੇ, ਗੁਰਦਿੱਤ ਸਿੰਘ ਦੀਨਾ, ਸਵਰਨ ਸਿੰਘ ਖੋਸਾ, ਇਕਬਾਲ ਸਿੰਘ ਤਖਾਣਵੱਧ, ਮਹਿੰਦਰ ਸਿੰਘ ਧੂਰਕੋਟ, ਸਤਵੰਤ ਸਿੰਘ ਖੋਟੇ, ਕਾਮਰੇਡ ਗੁਰਮੇਲ ਸਿੰਘ ਨਾਹਰ, ਇੰਦਰਜੀਤ ਸਿੰਘ ਦੀਨਾ ਅਤੇ ਜਸਪ੍ਰੀਤ ਕੌਰ ਬੱਧਨੀ ਸਮੇਤ ਹੋਰ ਆਗੂਆਂ ਨੇ ਵੱਖ-ਵੱਖ ਮੁੱਦਿਆਂ ’ਤੇ ਆਪਣੇ ਵਿਚਾਰ ਪੇਸ਼ ਕੀਤੇ।