ਸਵੈ-ਗਣਨਾ ਪ੍ਰਕਿਰਿਆ ’ਚ ਸਕੂਲ ਮੁਖੀਆਂ ਦੀ ਅਹਿਮ ਭੂਮਿਕਾ : ਆਰਪੀ ਸਿੰਘ ਜਨਗਣਨਾ-2027 ਤਹਿਤ ਸਵੈ-ਗਣਨਾ
Publish Date: Fri, 27 Nov 2026 03:59 PM (IST)
Updated Date: Fri, 27 Nov 2026 04:01 PM (IST)
ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਮੋਗਾ: ਜਨਗਣਨਾ-2027 ਤਹਿਤ ਸਵੈ-ਗਣਨਾ ਪ੍ਰਕਿਰਿਆ ਬਾਰੇ ਆਮ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਦੇ ਉਦੇਸ਼ ਨਾਲ ਬਲਾਕ ਨਿਹਾਲ ਸਿੰਘ ਵਾਲਾ ਅਤੇ ਬਾਘਾਪੁਰਾਣਾ ਦੇ ਸਕੂਲ ਮੁਖੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ ਆਰਪੀ ਸਿੰਘ, ਜੁਆਇੰਟ ਡਾਇਰੈਕਟਰ, ਡਾਇਰੈਕਟੋਰੇਟ ਆਫ਼ ਸੈਂਸਸ ਆਪ੍ਰੇਸ਼ਨਜ਼, ਪੰਜਾਬ ਵੱਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਸਕੂਲ ਮੁਖੀਆਂ ਨੂੰ ਜਨਗਣਨਾ-2027 ਦੀ ਮਹੱਤਤਾ ਅਤੇ ਸਵੈ-ਗਣਨਾ ਦੀ ਪ੍ਰਕਿਰਿਆ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸਵੈ-ਗਣਨਾ ਦੀ ਸਹੂਲਤ ਰਾਹੀਂ ਨਾਗਰਿਕ ਨਿਰਧਾਰਤ ਪੋਰਟਲ ਤੇ ਆਪਣੀ ਜਾਣਕਾਰੀ ਖੁਦ ਦਰਜ ਕਰ ਸਕਦੇ ਹਨ। ਇਸ ਪ੍ਰਕਿਰਿਆ ਨਾਲ ਲੋਕਾਂ ਦੀ ਭਾਗੀਦਾਰੀ ਵਧਾਉਣ ਦੇ ਨਾਲ-ਨਾਲ ਜਨਗਣਨਾ ਦੇ ਕੰਮ ਨੂੰ ਹੋਰ ਸੁਚਾਰੂ ਅਤੇ ਪ੍ਰਭਾਵਸ਼ਾਲੀ ਬਣਾਇਆ ਜਾ ਸਕਦਾ ਹੈ। ਉਨ੍ਹਾਂ ਸਕੂਲ ਮੁਖੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਸਕੂਲਾਂ ਦੇ ਅਧਿਆਪਕਾਂ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਰਾਹੀਂ ਸਵੈ-ਗਣਨਾ ਸਬੰਧੀ ਜਾਗਰੂਕਤਾ ਦਾ ਸੁਨੇਹਾ ਘਰ-ਘਰ ਤੱਕ ਪਹੁੰਚਾਉਣ। ਸਕੂਲਾਂ ਵਿੱਚ ਵਿਸ਼ੇਸ਼ ਜਾਗਰੂਕਤਾ ਗਤੀਵਿਧੀਆਂ ਕਰਵਾਉਣ, ਵਿਦਿਆਰਥੀਆਂ ਨੂੰ ਇਸ ਪ੍ਰਕਿਰਿਆ ਬਾਰੇ ਜਾਣੂੰ ਕਰਵਾਉਣ ਅਤੇ ਮਾਪਿਆਂ ਨੂੰ ਆਨਲਾਈਨ ਸਵੈ-ਗਣਨਾ ਕਰਨ ਲਈ ਪ੍ਰੇਰਿਤ ਕਰਨ ਤੇ ਜ਼ੋਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਜਨਗਣਨਾ ਦੇ ਸਫ਼ਲ ਆਯੋਜਨ ਲਈ ਹਰ ਨਾਗਰਿਕ ਦੀ ਭਾਗੀਦਾਰੀ ਬੇਹੱਦ ਮਹੱਤਵਪੂਰਨ ਹੈ ਅਤੇ ਸਕੂਲ ਸਿੱਖਿਆ ਵਿਭਾਗ ਇਸ ਸਬੰਧੀ ਲੋਕਾਂ ਤੱਕ ਸਹੀ ਜਾਣਕਾਰੀ ਪਹੁੰਚਾਉਣ ਵਿਚ ਅਹਿਮ ਯੋਗਦਾਨ ਪਾ ਸਕਦਾ ਹੈ। ਮੀਟਿੰਗ ਦੌਰਾਨ ਸਕੂਲ ਮੁਖੀਆਂ ਨੂੰ ਹਦਾਇਤ ਕੀਤੀ ਗਈ ਕਿ ਉਹ ਇਸ ਮੁਹਿੰਮ ਨੂੰ ਤਰਜੀਹ ਦੇ ਆਧਾਰ ਤੇ ਲੈਂਦਿਆਂ ਆਪਣੇ-ਆਪਣੇ ਖੇਤਰਾਂ ਵਿਚ ਵੱਧ ਤੋਂ ਵੱਧ ਜਾਗਰੂਕਤਾ ਯਕੀਨੀ ਬਣਾਉਣ ਤਾਂ ਜੋ ਜਨਗਣਨਾ-2027 ਦੀ ਸਵੈ-ਗਣਨਾ ਪ੍ਰਕਿਰਿਆ ਵਿੱਚ ਲੋਕਾਂ ਦੀ ਸਰਗਰਮ ਸ਼ਮੂਲੀਅਤ ਯਕੀਨੀ ਬਣਾਈ ਜਾ ਸਕੇ।