- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਵਿਚ ਪਹਿਲੀਵਾਰ ਸੀਟੀ

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਮੋਗਾ: ਪੰਜਾਬ ਵਿਚ ਪਹਿਲੀਵਾਰ ਸੀਟੀ ਯੂਨੀਵਰਸਿਟੀ ਵੱਲੋਂ ਸੋਸਾਇਟੀ ਫਾਰ ਅਲਟਰਨੇਟਿਵਜ਼ ਟੂ ਐਨੀਮਲ ਐਕਸਪੈਰੀਮੈਂਟਸ ਦੀ 9ਵੀਂ ਸਾਲਾਨਾ ਕਾਨਫਰੰਸ ਦਾ ਆਯੋਜਨ ਕੀਤਾ ਜਾ ਰਿਹਾ ਹੈ। 26 ਤੋਂ 28 ਨਵੰਬਰ 2026 ਤੱਕ ਚੱਲਣ ਵਾਲੀ ਇਸ ਤਿੰਨ ਰੋਜ਼ਾ ਰਾਸ਼ਟਰੀ ਕਾਨਫਰੰਸ ਦਾ ਉਦਘਾਟਨ ਸੀਟੀ ਯੂਨੀਵਰਸਿਟੀ ਵਿਖੇ ਕੀਤਾ ਗਿਆ। ਇਹ ਕਾਨਫਰੰਸ ਸਕੂਲ ਆਫ਼ ਫਾਰਮਾਸਿਊਟੀਕਲ ਸਾਇੰਸਿਜ਼ ਵੱਲੋਂ ਨੈਸ਼ਨਲ ਅਕੈਡਮੀ ਆਫ਼ ਮੈਡੀਕਲ ਸਾਇੰਸਿਜ਼ (ਇੰਡੀਆ) ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਹੈ। ਇਸ ਦਾ ਮੁੱਖ ਵਿਸ਼ਾ ਪਸ਼ੂਆਂ ’ਤੇ ਪ੍ਰਯੋਗਾਂ ਦੇ ਨੈਤਿਕ ਅਤੇ ਤਕਨਾਲੌਜੀ ਆਧਾਰਿਤ ਵਿਕਲਪ ਹੈ। ਉਦਘਾਟਨੀ ਸਮਾਰੋਹ ਦੀ ਸ਼ੁਰੂਆਤ ਸੀਟੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਨਿਤਿਨ ਟੰਡਨ ਦੇ ਸਵਾਗਤੀ ਸੰਬੋਧਨ ਨਾਲ ਹੋਈ। ਉਨ੍ਹਾਂ ਨੇ ਦੇਸ਼-ਵਿਦੇਸ਼ ਤੋਂ ਪਹੁੰਚੇ ਪਤਵੰਤੇ ਮਹਿਮਾਨਾਂ, ਉੱਘੇ ਵਿਗਿਆਨੀਆਂ, ਸਿੱਖਿਆ ਸ਼ਾਸਤਰੀਆਂ ਅਤੇ ਡੈਲੀਗੇਟਾਂ ਦਾ ਸਵਾਗਤ ਕੀਤਾ। ਇਸ ਮੌਕੇ ਪ੍ਰੋ. ਰਾਣਾ ਪ੍ਰਤਾਪ ਸਿੰਘ, ਵਾਈਸ ਚਾਂਸਲਰ, ਗੌਤਮ ਬੁੱਧ ਯੂਨੀਵਰਸਿਟੀ, ਗ੍ਰੇਟਰ ਨੋਇਡਾ, ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਦੌਰਾਨ ਪ੍ਰਧਾਨ ਡਾ. ਵਾਈਕੇ ਗੁਪਤਾ ਨੇ ਆਪਣੇ ਸੰਬੋਧਨ ਵਿਚ ਨੈਤਿਕ ਖੋਜ ਵਿਧੀਆਂ ਦੀ ਵਧਦੀ ਮਹੱਤਤਾ ਬਾਰੇ ਚਾਨਣਾ ਪਾਇਆ। ਇਸ ਤਿੰਨ ਰੋਜ਼ਾ ਕਾਨਫਰੰਸ ਵਿਚ ਅਮਰੀਕਾ, ਬ੍ਰਿਟੇਨ, ਫਰਾਂਸ, ਜਾਪਾਨ, ਮਲੇਸ਼ੀਆ, ਇੰਡੋਨੇਸ਼ੀਆ, ਸ੍ਰੀਲੰਕਾ ਅਤੇ ਭਾਰਤ ਸਮੇਤ ਵੱਖ-ਵੱਖ ਦੇਸ਼ਾਂ ਦੇ ਉੱਘੇ ਵਿਗਿਆਨੀ, ਸਿੱਖਿਆ ਸ਼ਾਸਤਰੀ ਅਤੇ ਉਦਯੋਗ ਮਾਹਿਰ ਹਿੱਸਾ ਲੈ ਰਹੇ ਹਨ। ਕਾਨਫਰੰਸ ਦੌਰਾਨ ਆਰਟੀਫਿਸ਼ੀਅਲ ਇੰਟੈਲੀਜੈਂਸ, ਆਰਗਨ-ਆਨ-ਚਿੱਪ ਤਕਨਾਲੌਜੀ, ਕੰਪਿਊਟੇਸ਼ਨਲ ਬਾਇਓਲੌਜੀ, ਟੌਕਸੀਕੋਲੌਜੀ ਅਤੇ ਨਿਊ ਅਪ੍ਰੋਚ ਮੈਥਡੋਲੋਜੀਜ਼ ਵਰਗੇ ਅਹਿਮ ਵਿਸ਼ਿਆਂ ’ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ। ਸੀਟੀ ਯੂਨੀਵਰਸਿਟੀ ਦੇ ਚਾਂਸਲਰ ਚਰਨਜੀਤ ਸਿੰਘ ਚੰਨੀ ਅਤੇ ਪ੍ਰੋ-ਚਾਂਸਲਰ ਡਾ. ਮਨਬੀਰ ਸਿੰਘ ਨੇ ਇਸ ਆਯੋਜਨ ਨੂੰ ਯੂਨੀਵਰਸਿਟੀ ਦੀ ਖੋਜ ਵਿਚ ਉੱਤਮਤਾ, ਨੈਤਿਕ ਵਿਗਿਆਨਕ ਪੱਧਤੀਆਂ ਅਤੇ ਅੰਤਰਰਾਸ਼ਟਰੀ ਅਕਾਦਮਿਕ ਸਹਿਯੋਗ ਪ੍ਰਤੀ ਵਚਨਬੱਧਤਾ ਦਾ ਪ੍ਰਤੀਕ ਦੱਸਿਆ। ਇਹ ਕਾਨਫਰੰਸ 28 ਨਵੰਬਰ ਤੱਕ ਜਾਰੀ ਰਹੇਗੀ ਅਤੇ ਵਿਗਿਆਨੀਆਂ, ਖੋਜਕਰਤਾਵਾਂ, ਸਿੱਖਿਆ ਸ਼ਾਸਤਰੀਆਂ ਅਤੇ ਉਦਯੋਗ ਮਾਹਿਰਾਂ ਨੂੰ ਵਿਚਾਰਾਂ ਦੇ ਆਦਾਨ-ਪ੍ਰਦਾਨ, ਖੋਜ ਸਹਿਯੋਗ ਅਤੇ ਪਸ਼ੂਆਂ ’ਤੇ ਪ੍ਰਯੋਗਾਂ ਦੇ ਮਾਨਵੀ ਤੇ ਆਧੁਨਿਕ ਵਿਕਲਪਾਂ ਨੂੰ ਉਤਸ਼ਾਹਿਤ ਕਰਨ ਲਈ ਇਕ ਮਹੱਤਵਪੂਰਨ ਮੰਚ ਪ੍ਰਦਾਨ ਕਰੇਗੀ।