ਐੱਸਐੱਫ਼ਸੀ ਕਾਨਵੈਂਟ ਸਕੂਲ ਵਿਖੇ ਆਜ਼ਾਦੀ ਦਿਵਸ ਪ੍ਰੋਗਰਾਮ ਕਰਵਾਇਆ ਮੋਗਾ ਖ਼ੇਤਰ ਦੀ ਪ੍ਰਸਿੱਧ ਸਿੱਖਿਆ ਸੰਸਥਾ
Publish Date: Sun, 16 Aug 2026 03:47 PM (IST)
Updated Date: Sun, 16 Aug 2026 03:48 PM (IST)
ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤਾਂ ਰਾਹੀਂ ਬੰਨ੍ਹਿਆ ਰੰਗ ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਮੋਗਾ ਖ਼ੇਤਰ ਦੀ ਪ੍ਰਸਿੱਧ ਸਿੱਖਿਆ ਸੰਸਥਾ ਐੱਸਐੱਫ਼ਸੀ ਕਾਨਵੈਂਟ ਸਕੂਲ ਜਲਾਲਾਬਾਦ ਪੂਰਬ ਮੋਗਾ ਵਿਖੇ ਆਜ਼ਾਦੀ ਦਿਵਸ ਬੜੇ ਉਤਸ਼ਾਹ, ਜੋਸ਼ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਆਈਸੀਐੱਸਈ ਬੋਰਡ ਨਵੀਂ ਦਿੱਲੀ ਤੋਂ ਮਨਜ਼ੂਰਸ਼ੁਦਾ ਇਸ ਸੰਸਥਾ ’ਚ ਕਰਵਾਏ ਗਏ ਸਮਾਗਮ ਦੌਰਾਨ ਸਕੂਲ ਦਾ ਸਮੁੱਚਾ ਵਾਤਾਵਰਨ ਦੇਸ਼ ਭਗਤੀ ਦੇ ਰੰਗ ’ਚ ਰੰਗਿਆ ਨਜ਼ਰ ਆਇਆ। ਸਮਾਗਮ ਦੀ ਸ਼ੁਰੂਆਤ ਸਕੂਲ ਦੀ ਸਵੇਰ ਦੀ ਸਭਾ ਦੌਰਾਨ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਨਾਲ ਹੋਈ। ਇਸ ਮੌਕੇ ਸਕੂਲ ਦੇ ਸੀਐੱਮਡੀ ਅਭਿਸ਼ੇਕ ਜਿੰਦਲ, ਸ਼ੀਨਮ ਜਿੰਦਲ, ਸਰੋਜ ਰਾਣੀ ਜਿੰਦਲ, ਸਕੂਲ ਦੀ ਪ੍ਰਿੰਸੀਪਲ ਮਨੀਸ਼ਾ ਕੌਸ਼ਿਕ, ਸਮੂਹ ਅਧਿਆਪਕ ਵਰਗ, ਹੋਰ ਕਰਮਚਾਰੀ ਅਤੇ ਵਿਦਿਆਰਥੀ ਹਾਜ਼ਰ ਸਨ। ਝੰਡਾ ਲਹਿਰਾਉਣ ਉਪਰੰਤ ਸਮੂਹ ਹਾਜ਼ਰੀਨ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਆਜ਼ਾਦੀ ਦੀ ਰੱਖਿਆ ਲਈ ਆਪਣੀ ਜ਼ਿੰਮੇਵਾਰੀ ਨਿਭਾਉਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਵਿਦਿਆਰਥੀਆਂ ਵੱਲੋਂ ਆਜ਼ਾਦੀ ਦਿਵਸ ਨਾਲ ਸਬੰਧਤ ਪ੍ਰਭਾਵਸ਼ਾਲੀ ਭਾਸ਼ਣ, ਦੇਸ਼ ਭਗਤੀ ਦੇ ਗੀਤ ਅਤੇ ਕਵਿਤਾਵਾਂ ਪੇਸ਼ ਕੀਤੀਆਂ ਗਈਆਂ। ਵਿਦਿਆਰਥੀਆਂ ਨੇ ਆਜ਼ਾਦੀ ਸੰਗਰਾਮ ਦੇ ਸ਼ਹੀਦਾਂ ਅਤੇ ਦੇਸ਼ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਸੂਰਮਿਆਂ ਨੂੰ ਯਾਦ ਕਰਦਿਆਂ ਦੇਸ਼ ਭਗਤੀ ਦੇ ਗੀਤ ਪੇਸ਼ ਕੀਤੇ। ਵਿਦਿਆਰਥਣਾਂ ਵੱਲੋਂ ਪੇਸ਼ ਕੀਤਾ ਗਿਆ ਗਿੱਧਾ ਅਤੇ ਸਮੂਹ ਨਾਚ ਵੀ ਸਮਾਗਮ ਦਾ ਵਿਸ਼ੇਸ਼ ਆਕਰਸ਼ਣ ਰਿਹਾ, ਜਿਸ ਨੇ ਹਾਜ਼ਰੀਨ ਦਾ ਮਨ ਮੋਹ ਲਿਆ। ਸਕੂਲ ਦੀ ਪ੍ਰਿੰਸੀਪਲ ਮਨੀਸ਼ਾ ਕੌਸ਼ਿਕ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਡਾ ਦੇਸ਼ ਅਨੇਕਾਂ ਮੁਸ਼ਕਲਾਂ, ਸੰਘਰਸ਼ਾਂ ਅਤੇ ਮਹਾਨ ਕੁਰਬਾਨੀਆਂ ਤੋਂ ਬਾਅਦ ਆਜ਼ਾਦ ਹੋਇਆ ਹੈ। ਦੇਸ਼ ਦੀ ਆਜ਼ਾਦੀ ਲਈ ਅਣਗਿਣਤ ਨੌਜਵਾਨਾਂ ਅਤੇ ਦੇਸ਼ ਭਗਤਾਂ ਨੇ ਆਪਣੀਆਂ ਜਾਨਾਂ ਤੱਕ ਕੁਰਬਾਨ ਕਰ ਦਿੱਤੀਆਂ। ਉਨ੍ਹਾਂ ਕਿਹਾ ਕਿ ਸਾਨੂੰ ਆਜ਼ਾਦੀ ਦੇ ਮਹੱਤਵ ਨੂੰ ਸਮਝਦਿਆਂ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਮਜ਼ਬੂਤ ਕਰਨ ਲਈ ਹਮੇਸ਼ਾ ਯਤਨਸ਼ੀਲ ਰਹਿਣਾ ਚਾਹੀਦਾ ਹੈ। ਇਸ ਮੌਕੇ ਸਕੂਲ ਦੇ ਸੀਐੱਮਡੀ ਅਭਿਸ਼ੇਕ ਜਿੰਦਲ, ਸ਼ੀਨਮ ਜਿੰਦਲ ਅਤੇ ਸ੍ਰੀਮਤੀ ਸਰੋਜ ਰਾਣੀ ਜਿੰਦਲ ਨੇ ਸਮੂਹ ਅਧਿਆਪਕਾਂ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਆਜ਼ਾਦੀ ਦਿਵਸ ਦੀਆਂ ਦਿਲੋਂ ਵਧਾਈਆਂ ਦਿੱਤੀਆਂ। ਉਨ੍ਹਾਂ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਤੋਹਫ਼ੇ ਵੀ ਵੰਡੇ। ਇਸ ਤੋਂ ਇਲਾਵਾ ਸਕੂਲ ਪ੍ਰਬੰਧਕਾਂ ਵੱਲੋਂ ਸਕੂਲ ਦੇ ਵਿਹੜੇ ’ਚ ਪੌਦਾ ਲਗਾ ਕੇ ਵਾਤਾਵਰਨ ਦੀ ਸੰਭਾਲ ਦਾ ਸੰਦੇਸ਼ ਦਿੱਤਾ ਗਿਆ। ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਵਾਤਾਵਰਨ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਡੀ ਵੱਡੀ ਜ਼ਿੰਮੇਵਾਰੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸਕੂਲੀ ਸਿੱਖਿਆ ਦੇ ਨਾਲ-ਨਾਲ ਆਰਥਿਕ ਸਿੱਖਿਆ ਅਤੇ ਵਿਹਾਰਕ ਜੀਵਨ-ਕੌਸ਼ਲ ਸਿੱਖਣ ਲਈ ਵੀ ਪ੍ਰੇਰਿਤ ਕੀਤਾ। ਸਮਾਗਮ ਦੇ ਅੰਤ ਵਿਚ ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ ਦੀ ਸ਼ਲਾਘਾ ਕੀਤੀ ਗਈ ਅਤੇ ਸਮੂਹ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਆਜ਼ਾਦੀ ਦਿਵਸ ਦੀਆਂ ਵਧਾਈਆਂ ਦਿੱਤੀਆਂ ਗਈਆਂ। ਪੂਰਾ ਸਮਾਗਮ ਦੇਸ਼ ਭਗਤੀ, ਏਕਤਾ, ਭਾਈਚਾਰੇ ਅਤੇ ਵਾਤਾਵਰਨ ਸੰਭਾਲ ਦਾ ਸੰਦੇਸ਼ ਦਿੰਦਿਆਂ ਯਾਦਗਾਰ ਹੋ ਨਿਬੜਿਆ।