ਦਸਮੇਸ਼ ਪਬਲਿਕ ਸਕੂਲ ’ਚ ਪ੍ਰਕਾਸ਼ ਪੁਰਬ ਮਨਾਇਆ
ਵਿਦਿਆਰਥੀਆਂ ਨੂੰ ਗੁਰਮਤਿ ਤੇ
Publish Date: Thu, 09 Apr 2026 04:37 PM (IST)
Updated Date: Fri, 10 Apr 2026 04:03 AM (IST)

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ, ਨਿਹਾਲ ਸਿੰਘ ਵਾਲਾ: ਵਿਦਿਆਰਥੀਆਂ ਨੂੰ ਗੁਰਮਤਿ ਤੇ ਗੁਰਬਾਣੀ ਨਾਲ ਜੋੜਣ ਲਈ ਯਤਨਸ਼ੀਲ ਨਾਮਵਰ ਸਿੱਖਿਆ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਵਿਖੇ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਅਤੇ ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਅਵਤਾਰ ਪੁਰਬ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਏ ਗਏ। ਪ੍ਰਿੰਸੀਪਲ ਗੁਰਪ੍ਰੀਤ ਕੌਰ ਨੇ ਸ਼ਹੀਦਾਂ ਦੇ ਸਿਰਤਾਜ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹਾਦਤ ਬਾਰੇ ਵਿਸਥਾਰਤ ਰੌਸ਼ਨੀ ਪਾਈ। ਮੈਨੇਜਿੰਗ ਡਾਇਰੈਕਟਰ ਪ੍ਰਿੰਸੀਪਲ ਮਹਿੰਦਰ ਕੌਰ ਢਿੱਲੋਂ ਨੇ ਹਿੰਦ ਦੀ ਚਾਦਰ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ। ਸਕੂਲ ਪ੍ਰਬੰਧਕ ਬਾਨੀ ਪ੍ਰਿੰਸੀਪਲ ਭੁਪਿੰਦਰ ਸਿੰਘ ਢਿੱਲੋਂ ਨੇ ਹਿੰਦ ਦੀ ਚਾਦਰ ਗੁਰੂ ਤੇਗ ਬਹਾਦਰ ਜੀ ਦੁਆਰਾ ਧਾਰਮਿਕ ਅਜ਼ਾਦੀਆਂ ਤੇ ਮਾਨਵੀ ਹੱਕਾਂ ਦੀ ਰਾਖੀ ਲਈ ਕੀਤੀ ਬੇਮਿਸਾਲ ਕੁਰਬਾਨੀ ਨੂੰ ਵਿਸ਼ਵ ਇਤਿਹਾਸ ਦੀ ਵਿਲੱਖਣ ਘਟਨਾ ਦੱਸਿਆ ਜਿਸ ਦੀ ਮਿਸਾਲ ਹੋਰ ਕਿਧਰੇ ਨਹੀਂ ਮਿਲਦੀ। ਵਾਈਸ ਪ੍ਰਿੰਸੀਪਲ ਮੈਡਮ ਮੀਨਾ ਜੈਨ ਨੇ ਦੱਸਿਆ ਕਿ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਦੀ ਭਲਾਈ ਦਾ ਪੈਗ਼ਾਮ ਦਿੰਦੀਆਂ ਹਨ। ਪ੍ਰੋਗਰਾਮ ਅਫ਼ਸਰ ਗੁਰਚਰਨ ਸਿੰਘ ਰਾਮਾਂ ਨੇ ਕਿਹਾ ਕਿ ਸਾਰੇ ਵਿਸ਼ਵ ਦੀਆਂ ਸਮੱਸਿਆਵਾਂ ਦੇ ਹੱਲ ਗੁਰੂ ਸਾਹਿਬਾਨ ਦੁਆਰਾ ਦਰਸਾਏ ਮਾਰਗ ’ਤੇ ਚੱਲਣ ਨਾਲ ਹੀ ਸੰਭਵ ਹਨ। ਇਸ ਸਮੇਂ ਸਮੁੱਚੇ ਵਿਸ਼ਵ ਅਤੇ ਸਮੁੱਚੀ ਲੋਕਾਈ ਦੇ ਭਲੇ ਅਤੇ ਸੁਖਸ਼ਾਂਤੀ ਦੀ ਕਾਮਨਾ ਕੀਤੀ ਗਈ। ਵਿਦਿਆਰਥੀਆਂ ਨੂੰ ਮਾਣਮੱਤੇ ਇਤਿਹਾਸ ਤੋਂ ਜਾਣੂੰ ਹੋਣ ਅਤੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ’ਤੇ ਅਮਲ ਕਰਨ ਦੀ ਤਾਕੀਦ ਕੀਤੀ ਗਈ।