ਡੀਸੀ ਨੇ ਦਿਵਿਆਂਗਜਨਾਂ ਨੂੰ ਟਰਾਈਸਾਈਕਲ ਭੇਟ ਕੀਤੇ
ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ
Publish Date: Fri, 17 Apr 2026 04:19 PM (IST)
Updated Date: Sat, 18 Apr 2026 04:01 AM (IST)

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਮੋਗਾ : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਦਿਵਿਆਂਗਜਨਾਂ ਦੀ ਭਲਾਈ ਲਈ ਹਰ ਯੋਗ ਉਪਰਾਲੇ ਕਰਨ ਰਿਹਾ ਹੈ। ਦਿਵਿਆਂਗਜਨਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਅਤੇ ਉਨ੍ਹਾਂ ਨੂੰ ਬਣਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਯਤਨਸ਼ੀਲ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡੀਸੀ ਮੋਗਾ ਸਾਗਰ ਸੇਤੀਆ ਨੇ ਸਥਾਨਕ ਜ਼ਿਲ੍ਹਾ ਪ੍ਰੰਬਧਕੀ ਕੰਪਲੈਕਸ ਵਿਖੇ 7 ਦਿਵਿਆਂਗਜਨਾਂ ਨੂੰ 3.15 ਲੱਖ ਦੀਆਂ 7 ਮੋਟਰਾਈਜਡ ਟਰਾਈਸਾਈਕਲਾਂ ਦੀ ਮੁਫਤ ਵੰਡ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਨਾਲ ਏਡੀਸੀ ਜਸਪਿੰਦਰ ਸਿੰਘ ਤੇ ਹੋਰ ਅਧਿਕਾਰੀ ਵੀ ਹਾਜਰ ਸਨ। ਉਨ੍ਹਾਂ ਕਿਹਾ ਕਿ ਲਗਪਗ 45 ਹਜਾਰ ਦੀ ਲਾਗਤ ਵਾਲੀ ਇਸ ਮੋਟਰਾਈਜਡ ਟਰਾਈਸਾਈਕਲ ਨਾਲ ਦਿਵਿਆਂਗਜਨਾਂ ਨੂੰ ਆਪਣੇ ਰੋਜਮਰਾ ਦੇ ਕੰਮ ਕਰਨ ਵਿਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਦਿਵਿਆਂਗਜਨ ਕਿਸੇ ਤੋਂ ਪਿੱਛੇ ਨਹੀਂ ਹਨ ਕਿਉਂਕਿ ਸਰਕਾਰ ਉਨ੍ਹਾਂ ਨੂੰ ਹਰੇਕ ਖੇਤਰ ਵਿਚ ਬਰਾਬਰ ਦੇ ਮੌਕੇ ਪ੍ਰਦਾਨ ਕਰਨ ਰਹੀ ਹੈ। ਉਨ੍ਹਾਂ ਦਿਵਿਆਂਗਜਨਾਂ ਨੂੰ ਆਪਣੀ ਜਿੰਦਗੀ ਵਿਚ ਅੱਗੇ ਵਧਣ ਲਈ ਪ੍ਰੇਰਿਆ ਅਤੇ ਕਿਹਾ ਕਿ ਕੋਈ ਵੀ ਅਜਿਹਾ ਖੇਤਰ ਨਹੀਂ ਹੈ ਜਿਸ ਵਿਚ ਦਿਵਿਆਂਗਜਨ ਤਰੱਕੀ ਨਹੀਂ ਕਰ ਸਕਦੇ, ਉਸ ਲਈ ਉਹ ਆਪਣੀ ਜਿੰਦਗੀ ਨੂੰ ਸਫਲ ਬਣਾਉਣ ਲਈ ਮਿਸਾਲੀ ਕੰਮ ਕਰਨ। ਇਸ ਮੌਕੇ ਡੀਸੀ ਸਾਗਰ ਸੇਤੀਆ ਨੇ ਕਿਹਾ ਕਿ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀ ਸਾਡੇ ਸਮਾਜ ਦਾ ਅਨਿੱਖੜਵਾਂ ਅੰਗ ਹਨ ਅਤੇ ਇਨ੍ਹਾਂ ਦੀ ਮਦਦ ਕਰਨਾ ਸਾਡਾ ਨੈਤਿਕ ਫ਼ਰਜ਼ ਬਣਦਾ ਹੈ। ਉਨ੍ਹਾਂ ਕਿਹਾ ਕਿ ਮਾਨਵ ਸੇਵਾ ਹੀ ਸਭ ਤੋਂ ਵੱਡਾ ਧਰਮ ਹੈ। ਉਨ੍ਹਾਂ ਸਮਾਜ ਸੇਵੀ ਸੰਸਥਾਵਾਂ ਤੇ ਸ਼ਹਿਰ ਦੇ ਦਾਨੀ ਸੱਜਣਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਦੀ ਮਦਦ ਲਈ ਅੱਗੇ ਆਉਣ ਅਤੇ ਰੈਡ ਕਰਾਸ ਵੱਲੋਂ ਚਲਾਈਆਂ ਜਾ ਰਹੀਆਂ ਸੰਸਥਾਵਾਂ ਨੂੰ ਦਾਨ ਦੇਣ ਵਿਚ ਆਪਣਾ ਯੋਗਦਾਨ ਪਾਉਣ। ਟਰਾਈਸਾਈਕਲ ਪ੍ਰਾਪਤ ਕਰਨ ਵਾਲੇ ਦਿਵਿਆਂਗ ਵਿਅਕਤੀਆਂ ਦੇ ਚਿਹਰਿਆਂ ’ਤੇ ਖੁਸ਼ੀ ਸਾਫ਼ ਝਲਕ ਰਹੀ ਸੀ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸ਼ਨ ਵੱਲੋਂ ਰੈੱਡ ਕਰਾਸ ਰਾਹੀਂ ਦਿੱਤੀ ਇਹ ਸਹੂਲਤ ਉਨ੍ਹਾਂ ਲਈ ਨਵੀਂ ਜ਼ਿੰਦਗੀ ਵਰਗੀ ਹੈ, ਜਿਸ ਨਾਲ ਉਹ ਹੁਣ ਖੁਦਮੁਖਤਿਆਰ ਤਰੀਕੇ ਨਾਲ ਆਪਣੀ ਜ਼ਿੰਦਗੀ ਬਿਤਾ ਸਕਣਗੇ।