ਮੁਫ਼ਤ ਐੱਚਪੀਵੀ ਵੈਕਸੀਨੇਸ਼ਨ ਸਬੰਧੀ ਦਿਸ਼ਾ ਨਿਰਦੇਸ਼ ਜਾਰੀ
ਬੱਚੇਦਾਨੀ ਦੇ ਕੈਂਸਰ ਵਰਗੀ ਨਾਮੁਰਾਦ ਬਿਮਾਰੀ
Publish Date: Mon, 16 Mar 2026 03:57 PM (IST)
Updated Date: Tue, 17 Mar 2026 04:01 AM (IST)

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਮੋਗਾ: ਬੱਚੇਦਾਨੀ ਦੇ ਕੈਂਸਰ ਵਰਗੀ ਨਾਮੁਰਾਦ ਬਿਮਾਰੀ ਤੋਂ ਬੱਚੀਆਂ ਨੂੰ ਬਚਾਉਣ ਲਈ ਪੰਜਾਬ ਸਰਕਾਰ ਵੱਲੋਂ ਵਿੱਢੀ ਜਾ ਰਹੀ ਵਿਸ਼ੇਸ਼ ਮੁਫ਼ਤ ਐੱਚਪੀਵੀ ਵੈਕਸੀਨੇਸ਼ਨ ਮੁਹਿੰਮ ਦੇ ਸਬੰਧ ਵਿਚ ਅੱਜ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਵੱਲੋਂ ਜ਼ਿਲ੍ਹਾ ਟਾਸਕ ਫ਼ੋਰਸ ਦੀ ਮੀਟਿੰਗ ਕੀਤੀ। ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਦੱਸਿਆ ਕਿ ਸਰਵਾਈਕਲ ਕੈਂਸਰ ਜੋ ਕਿ ਬੱਚੇਦਾਨੀ ਦੇ ਮੂੰਹ ਦਾ ਕੈਂਸਰ ਹੈ, ਭਾਰਤ ਵਿਚ ਔਰਤਾਂ ਵਿਚ ਹੋਣ ਵਾਲਾ ਦੂਜਾ ਸਭ ਤੋਂ ਵੱਡਾ ਕੈਂਸਰ ਮੰਨਿਆ ਜਾਂਦਾ ਹੈ। ਇਸ ਗੰਭੀਰ ਬਿਮਾਰੀ ਦੀ ਰੋਕਥਾਮ ਲਈ ਐੱਚਪੀਵੀ ਵੈਕਸੀਨ ਬਹੁਤ ਹੀ ਕਾਰਗਰ ਅਤੇ ਸੁਰੱਖਿਅਤ ਹੈ। ਉਨ੍ਹਾਂ ਦੱਸਿਆ ਕਿ ਇਹ ਵੈਕਸੀਨ ਪ੍ਰਾਈਵੇਟ ਹਸਪਤਾਲਾਂ ਵਿਚ ਬਹੁਤ ਮਹਿੰਗੀ ਮਿਲਦੀ ਹੈ ਪਰ ਪੰਜਾਬ ਸਰਕਾਰ ਵੱਲੋਂ ਹੁਣ ਇਸ ਨੂੰ ਸਰਕਾਰੀ ਸਿਹਤ ਕੇਂਦਰਾਂ ਵਿਚ ਬਿਲਕੁਲ ਮੁਫ਼ਤ ਮੁਹੱਈਆ ਕਰਵਾਇਆ ਗਿਆ ਹੈ। ਇਸ ਮੁਹਿੰਮ ਦੇ ਪਹਿਲੇ ਪੜਾਅ ਤਹਿਤ 14 ਸਾਲ ਦੀਆਂ ਲੜਕੀਆਂ ਨੂੰ ਸਰਕਾਰੀ ਸਿਹਤ ਕੇਂਦਰਾਂ ਵਿਖੇ ਮੈਡੀਕਲ ਅਫ਼ਸਰਾਂ ਦੀ ਨਿਗਰਾਨੀ ਵਿਚ ਇਹ ਟੀਕਾ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵਿਸ਼ਵ ਸਿਹਤ ਸੰਸਥਾ ਡਬਲਿਊਐੱਚਓ ਵੱਲੋਂ ਕੁੱਝ ਸਾਲ ਪਹਿਲਾਂ ਬਠਿੰਡਾ ਅਤੇ ਮਾਨਸਾ ਜ਼ਿਲ੍ਹਿਆਂ ਵਿਚ ਇਸ ਦਾ ਪਾਇਲਟ ਪ੍ਰੋਜੈਕਟ ਸਫ਼ਲਤਾਪੂਰਵਕ ਚਲਾਇਆ ਗਿਆ ਸੀ, ਜਿਸ ਤੋਂ ਬਾਅਦ ਹੁਣ ਇਸ ਨੂੰ ਪੂਰੇ ਪੰਜਾਬ ਵਿਚ ਲਾਗੂ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਮੋਗਾ ਦੀ ਆਮ ਜਨਤਾ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਬੱਚੀਆਂ ਦੀ ਸਿਹਤ ਸੁਰੱਖਿਆ ਲਈ ਇਸ ਮੁਫ਼ਤ ਟੀਕਾਕਰਨ ਮੁਹਿੰਮ ਦਾ ਵੱਧ ਤੋਂ ਵੱਧ ਲਾਭ ਉਠਾਉਣ। ਮੀਟਿੰਗ ਵਿਚ ਸਿਵਲ ਸਰਜਨ ਮੋਗਾ ਡਾ. ਰਮਨਦੀਪ ਸਿੰਗਲਾ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਅਸ਼ੋਕ ਸਿੰਗਲਾ, ਬਲਾਕਾਂ ਦੇ ਸਮੂਹ ਸੀਨੀਅਰ ਮੈਡੀਕਲ ਅਫ਼ਸਰ, ਹਰਜਿੰਦਰ ਕੌਰ ਬੀਈਈ ਅਤੇ ਆਰਬੀਐੱਸ ਕੇ ਡਾਕਟਰ ਅਤੇ ਕੌਂਸਲਰ ਹਾਜ਼ਰ ਸਨ।