- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡੀਸੀ ਮੋਗਾ ਸਾਗਰ ਸੇਤੀਆ

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਮੋਗਾ: ਡੀਸੀ ਮੋਗਾ ਸਾਗਰ ਸੇਤੀਆ ਵੱਲੋਂ ਮੋਗਾ ਦੀ ਦਾਣਾ ਮੰਡੀ ਦਾ ਵਿਸ਼ੇਸ਼ ਦੌਰਾ ਕਰਕੇ ਝੋਨੇ ਦੀ ਖਰੀਦ, ਲਿਫਟਿੰਗ ਅਤੇ ਸਫਾਈ ਸਮੇਤ ਹੋਰ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨੇ ਮੰਡੀ ਵਿਚ ਮੌਜੂਦ ਕਿਸਾਨਾਂ ਨਾਲ ਗੱਲਬਾਤ ਕਰਕੇ ਖਰੀਦ ਪ੍ਰਕਿਰਿਆ ਸਬੰਧੀ ਉਨ੍ਹਾਂ ਦੀਆਂ ਮੁਸ਼ਕਿਲਾਂ ਅਤੇ ਸੁਝਾਅ ਵੀ ਜਾਣੇ। ਇਸ ਮੌਕੇ ਕਿਸਾਨਾਂ ਨੇ ਡੀਸੀ ਨੂੰ ਦੱਸਿਆ ਕਿ ਉਨ੍ਹਾਂ ਨੂੰ ਝੋਨੇ ਦੀ ਖਰੀਦ ਸਬੰਧੀ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਹੀਂ ਕਰਨਾ ਪੈ ਰਿਹਾ ਅਤੇ ਉਨ੍ਹਾਂ ਦੀ ਫ਼ਸਲ ਦੀ ਖ਼ਰੀਦ ਸਮੇਂ ਸਿਰ ਕੀਤੀ ਜਾ ਰਹੀ ਹੈ। ਡੀਸੀ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਮੰਡੀਆਂ ਵਿਚ ਆਉਣ ਵਾਲੇ ਝੋਨੇ ਦਾ ਦਾਣਾ-ਦਾਣਾ ਖ਼ਰੀਦਿਆ ਜਾਵੇਗਾ ਅਤੇ ਕਿਸੇ ਵੀ ਕਿਸਾਨ ਨੂੰ ਘਬਰਾਉਣ ਦੀ ਲੋੜ ਨਹੀਂ ਹੈ। ਸਾਗਰ ਸੇਤੀਆ ਨੇ ਦੱਸਿਆ ਕਿ ਇਸ ਵਾਰ ਪਿਛਲੇ ਸਾਲ ਦੇ ਮੁਕਾਬਲੇ ਝੋਨੇ ਦੀ ਆਮਦ ਵਧੇਰੇ ਹੋਈ ਹੈ, ਜਿਸ ਦੇ ਬਾਵਜੂਦ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾ ਰਿਹਾ ਹੈ। ਤਿਉਹਾਰਾਂ ਦੇ ਦਿਨਾਂ ਦੌਰਾਨ ਲਿਫਟਿੰਗ ਦੀ ਰਫ਼ਤਾਰ ਕੁਝ ਪ੍ਰਭਾਵਿਤ ਹੋਈ ਸੀ, ਪਰ ਹੁਣ ਇਸ ਨੂੰ ਮੁੜ ਤੇਜ਼ ਕਰ ਦਿੱਤਾ ਗਿਆ ਹੈ ਅਤੇ ਮੰਡੀਆਂ ਵਿਚੋਂ ਖ਼ਰੀਦੇ ਗਏ ਝੋਨੇ ਦੀ ਚੁਕਾਈ ਲਗਾਤਾਰ ਕੀਤੀ ਜਾ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸਾਨਾਂ ਨੂੰ ਫਸਲ ਦੀ ਅਦਾਇਗੀ ਵਿਚ ਵੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾ ਰਹੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿਚ ਸੁੱਕਾ ਝੋਨਾ ਹੀ ਲੈ ਕੇ ਆਉਣ ਅਤੇ ਕਿਸੇ ਵੀ ਤਰ੍ਹਾਂ ਦੀ ਅਫ਼ਵਾਹ ਜਾਂ ਘਬਰਾਹਟ ਵਿਚ ਆਉਣ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਨਾਲ ਸਬੰਧਤ ਮਾਮਲਿਆਂ ਨੂੰ ਵੀ ਗੰਭੀਰਤਾ ਨਾਲ ਨਜਿੱਠਿਆ ਜਾ ਰਿਹਾ ਹੈ ਅਤੇ ਕਿਸਾਨਾਂ ਨੂੰ ਇਸ ਸਬੰਧੀ ਨਿਰਧਾਰਤ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਡੀਸੀ ਨੇ ਕਿਹਾ ਕਿ ਕਿਸਾਨਾਂ ਦੀ ਸਹੂਲਤ ਅਤੇ ਉਨ੍ਹਾਂ ਦੀ ਫ਼ਸਲ ਦੀ ਸਮੇਂ ਸਿਰ ਖ਼ਰੀਦ ਕਰਨਾ ਜ਼ਿਲ੍ਹਾ ਪ੍ਰਸ਼ਾਸਨ ਦੀ ਮੁੱਖ ਤਰਜੀਹ ਹੈ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿਚ ਖ਼ਰੀਦ, ਲਿਫਟਿੰਗ, ਸਫਾਈ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਸੁਚਾਰੂ ਰੱਖਿਆ ਜਾਵੇ ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਪਰੇਸ਼ਾਨੀ ਨਾ ਹੋਵੇ। ਬੀਤੀ ਸ਼ਾਮ ਤੱਕ ਦੇ ਅੰਕੜਿਆਂ ਅਨੁਸਾਰ ਜ਼ਿਲ੍ਹਾ ਮੋਗਾ ਦੀਆਂ ਮੰਡੀਆਂ ਵਿਚ ਕੁੱਲ 11.90 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਿਸ ’ਚੋਂ 11.49 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ 7 ਲੱਖ ਮੀਟ੍ਰਿਕ ਟਨ ਤੋਂ ਵੱਧ ਝੋਨੇ ਦੀ ਲਿਫਟਿੰਗ ਵੀ ਮੁਕੰਮਲ ਹੋ ਚੁੱਕੀ ਹੈ। ਕਿਸਾਨਾਂ ਨੂੰ ਉਨ੍ਹਾਂ ਦੀ ਫ਼ਸਲ ਦੀ ਅਦਾਇਗੀ ਵਜੋਂ 2443 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ।