ਡੀਸੀ ਵੱਲੋਂ ਜਨਗਣਨਾ ਜਾਗਰੂਕਤਾ ਡਿਜੀਟਲ ਵੈਨ ਰਵਾਨਾ ਜਨਗਣਨਾ-2027 ਸਬੰਧੀ ਆਮ
Publish Date: Fri, 13 Nov 2026 04:03 PM (IST)
Updated Date: Fri, 13 Nov 2026 04:06 PM (IST)
ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਮੋਗਾ : ਜਨਗਣਨਾ-2027 ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਅਤੇ ਇਸ ਅਹਿਮ ਕੌਮੀ ਪ੍ਰਕਿਰਿਆ ਵਿਚ ਉਨ੍ਹਾਂ ਦੀ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਜਨਗਣਨਾ ਅਧਿਕਾਰੀ ਸਾਗਰ ਸੇਤੀਆ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਜਨਗਣਨਾ ਜਾਗਰੂਕਤਾ ਡਿਜੀਟਲ ਵੈਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਐੱਸਐੱਸਪੀ ਮੋਗਾ ਸਰਤਾਜ ਸਿੰਘ ਚਾਹਲ, ਜਨਗਣਨਾ ਦੇ ਨੋਡਲ ਅਫਸਰ (ਪਬਲੀਸਿਟੀ) ਜਿਲ੍ਹਾ ਲੋਕ ਸੰਪਰਕ ਅਫਸਰ ਸੁਬੇਗ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜਰ ਸਨ। ਇਸ ਮੌਕੇ ਡੀਸੀ ਨੇ ਕਿਹਾ ਕਿ ਜਨਗਣਨਾ ਦੇ ਸਹੀ, ਭਰੋਸੇਯੋਗ ਅਤੇ ਮੁਕੰਮਲ ਅੰਕੜੇ ਦੇਸ਼ ਦੀ ਯੋਜਨਾਬੰਦੀ, ਪ੍ਰਭਾਵਸ਼ਾਲੀ ਪ੍ਰਸ਼ਾਸਨ, ਲੋਕ ਭਲਾਈ ਸਕੀਮਾਂ ਅਤੇ ਭਵਿੱਖ ਦੀਆਂ ਵਿਕਾਸ ਯੋਜਨਾਵਾਂ ਤਿਆਰ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਲਈ ਹਰੇਕ ਨਾਗਰਿਕ ਦਾ ਇਸ ਪ੍ਰਕਿਰਿਆ ਵਿੱਚ ਸਹਿਯੋਗ ਅਤੇ ਭਾਗੀਦਾਰੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਆਡੀਓ-ਵੀਡੀਓ ਸੰਦੇਸ਼ਾਂ ਨਾਲ ਲੈਸ ਇਹ ਡਿਜੀਟਲ ਐੱਲਈਡੀ ਵੈਨ ਸਾਡੀ ਜਨਗਣਨਾ, ਸਾਡਾ ਵਿਕਾਸ ਦੇ ਸੰਦੇਸ਼ ਨੂੰ ਲੈ ਕੇ 13 ਨਵੰਬਰ ਤੋਂ 30 ਨਵੰਬਰ ਤੱਕ ਜ਼ਿਲ੍ਹੇ ਦੇ ਵੱਖ-ਵੱਖ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਪਹੁੰਚੇਗੀ। ਇਸ ਰਾਹੀਂ ਲੋਕਾਂ ਨੂੰ ਜਨਗਣਨਾ-2027 ਦੀ ਮਹੱਤਤਾ, ਪ੍ਰਕਿਰਿਆ ਅਤੇ ਡਿਜੀਟਲ ਸਹੂਲਤਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾਵੇਗੀ। ਜਨਗਣਨਾ-2027 ਤਹਿਤ ਸ਼ੁਰੂ ਕੀਤੀ ਗਈ ਸਵੈ-ਗਣਨਾ (ਸੈਲਫ਼ ਐਨਿਊਮਰੇਸ਼ਨ) ਸਹੂਲਤ ਬਾਰੇ ਜਾਣਕਾਰੀ ਦਿੰਦਿਆਂ ਡੀਸੀ ਨੇ ਦੱਸਿਆ ਕਿ ਜ਼ਿਲ੍ਹਾ ਵਾਸੀ 16 ਨਵੰਬਰ ਤੋਂ 30 ਨਵੰਬਰ ਤੱਕ ਘਰ ਬੈਠੇ ਹੀ ਅਧਿਕਾਰਤ ਪੋਰਟਲ ਰਾਹੀਂ ਆਪਣੇ ਘਰ ਅਤੇ ਪਰਿਵਾਰ ਨਾਲ ਸਬੰਧਤ ਲੋੜੀਂਦੇ ਵੇਰਵੇ ਆਨਲਾਈਨ ਦਰਜ ਕਰਵਾ ਸਕਦੇ ਹਨ। ਇਸ ਸਹੂਲਤ ਨਾਲ ਨਾਗਰਿਕ ਆਪਣੀ ਸੁਵਿਧਾ ਅਨੁਸਾਰ ਸਵੈ-ਗਣਨਾ ਦੀ ਪ੍ਰਕਿਰਿਆ ਪੂਰੀ ਕਰ ਸਕਣਗੇ। ਉਨ੍ਹਾਂ ਦੱਸਿਆ ਕਿ ਆਨਲਾਈਨ ਜਾਣਕਾਰੀ ਦਰਜ ਕਰਨ ਦੀ ਪ੍ਰਕਿਰਿਆ ਮੁਕੰਮਲ ਹੋਣ ਉਪਰੰਤ ਹਰੇਕ ਪਰਿਵਾਰ ਨੂੰ ਇੱਕ ਵਿਲੱਖਣ ਸਵੈ-ਗਣਨਾ ਪਛਾਣ ਨੰਬਰ (ਐੱਸਈ ਆਈਡੀ) ਜਾਰੀ ਕੀਤਾ ਜਾਵੇਗਾ। ਨਾਗਰਿਕਾਂ ਨੂੰ ਇਹ ਨੰਬਰ ਘਰ-ਘਰ ਜਾ ਕੇ ਜਨਗਣਨਾ ਕਰਨ ਵਾਲੇ ਅਧਿਕਾਰਤ ਕਰਮਚਾਰੀ ਨਾਲ ਸਾਂਝਾ ਕਰਨਾ ਹੋਵੇਗਾ, ਤਾਂ ਜੋ ਦਰਜ ਕੀਤੀ ਗਈ ਜਾਣਕਾਰੀ ਦੀ ਤਸਦੀਕ ਅਤੇ ਅਗਲੀ ਪ੍ਰਕਿਰਿਆ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹੀ ਜਾ ਸਕੇ। ਡੀਸੀ ਨੇ ਦੱਸਿਆ ਕਿ ਘਰ-ਘਰ ਜਾ ਕੇ ਜਨਗਣਨਾ ਕਰਨ ਦਾ ਕਾਰਜ 1 ਦਸੰਬਰ ਤੋਂ 4 ਜਨਵਰੀ 2027 ਤੱਕ ਚੱਲੇਗਾ, ਜਦਕਿ 5 ਜਨਵਰੀ ਤੋਂ 9 ਜਨਵਰੀ ਤੱਕ ਸੋਧ ਪੜਾਅ ਤਹਿਤ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ, ਗ੍ਰਾਮ ਪੰਚਾਇਤਾਂ ਅਤੇ ਨਗਰ ਕੌਂਸਲਾਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਸਵੈ-ਗਣਨਾ ਦੀ ਸਹੂਲਤ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਇਸ ਸਬੰਧੀ ਜਾਗਰੂਕ ਕਰਨ। ਇਸ ਦੇ ਨਾਲ ਹੀ ਉਨ੍ਹਾਂ ਜਨਗਣਨਾ ਅਮਲੇ ਨੂੰ ਪੂਰਾ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਲੋਕਾਂ ਦੀ ਸਰਗਰਮ ਭਾਗੀਦਾਰੀ ਨਾਲ ਹੀ ਜਨਗਣਨਾ-2027 ਦਾ ਕੰਮ ਸਹੀ ਅਤੇ ਸਫ਼ਲਤਾਪੂਰਵਕ ਨੇਪਰੇ ਚਾੜ੍ਹਿਆ ਜਾ ਸਕਦਾ ਹੈ। ਨਿੱਜੀ ਜਾਣਕਾਰੀ ਦੀ ਸੁਰੱਖਿਆ ਸਬੰਧੀ ਭਰੋਸਾ ਦਿੰਦਿਆਂ ਉਨ੍ਹਾਂ ਸਪੱਸ਼ਟ ਕੀਤਾ ਕਿ ਜਨਗਣਨਾ ਦੌਰਾਨ ਨਾਗਰਿਕਾਂ ਤੋਂ ਇਕੱਤਰ ਕੀਤੀ ਜਾਣ ਵਾਲੀ ਨਿੱਜੀ ਜਾਣਕਾਰੀ ਜਨਗਣਨਾ ਐਕਟ, 1948 ਦੇ ਉਪਬੰਧਾਂ ਤਹਿਤ ਪੂਰੀ ਤਰ੍ਹਾਂ ਗੁਪਤ ਰੱਖੀ ਜਾਂਦੀ ਹੈ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਜ਼ਿਲ੍ਹਾ ਜਨਗਣਨਾ ਸੈੱਲ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।