ਡੀਸੀ ਨੇ ਪਰਾਲੀ ਸਾੜਨ ਵਿਰੁੱਧ ਸੰਭਾਲਿਆ ਮੋਰਚਾ ਪਰਾਲੀ ਸਾੜਨ ਦੀਆਂ ਘਟਨਾਵਾਂ
Publish Date: Mon, 09 Nov 2026 04:18 PM (IST)
Updated Date: Mon, 09 Nov 2026 04:20 PM (IST)
ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਮੋਗਾ: ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਵਾਤਾਵਰਣ ਦੀ ਸੁਰੱਖਿਆ ਲਈ ਮੋਗਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਮੀਨੀ ਪੱਧਰ ਤੇ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦੀ ਗੰਭੀਰਤਾ ਨੂੰ ਦਰਸਾਉਂਦਿਆਂ ਡੀਸੀ ਸਾਗਰ ਸੇਤੀਆ ਖ਼ੁਦ ਖੇਤਾਂ ਵਿਚ ਪਹੁੰਚੇ ਅਤੇ ਵੱਖ-ਵੱਖ ਪਿੰਡਾਂ ਵਿਚ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਦਾ ਮੌਕੇ ਤੇ ਜਾਇਜ਼ਾ ਲੈਂਦਿਆਂ ਕਾਰਵਾਈ ਦੀ ਕਮਾਨ ਸੰਭਾਲੀ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਵਿਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਡੀਸੀ ਵੱਲੋਂ ਮੋਗਾ, ਤਲਵੰਡੀ ਭੰਗੇਰੀਆਂ, ਰੌਲੀ, ਕਪੂਰੇ, ਦਾਤਾ, ਭਿੰਡਰ ਕਲਾਂ, ਕੋਕਰੀ ਬਹਿਣੀਵਾਲ, ਕੋਕਰੀ ਬੁੱਟਰਾਂ, ਤਲਵੰਡੀ ਮੱਲੀਆਂ, ਕੋਕਰੀ ਕਲਾਂ ਅਤੇ ਅਜੀਤਵਾਲ ਸਮੇਤ 11 ਪਿੰਡਾਂ ਦੇ ਖੇਤਾਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਖੇਤਾਂ ਵਿਚ ਜਾ ਕੇ ਸਥਿਤੀ ਦਾ ਨਿਰੀਖਣ ਕੀਤਾ ਅਤੇ ਮੌਕੇ ਤੇ ਤਾਇਨਾਤ ਨੋਡਲ ਅਫ਼ਸਰਾਂ, ਕਲੱਸਟਰ ਅਫ਼ਸਰਾਂ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਨਾਲ ਤਾਲਮੇਲ ਕਰਦਿਆਂ ਅੱਗ ਬੁਝਾਉਣ ਦੀ ਕਾਰਵਾਈ ਨੂੰ ਯਕੀਨੀ ਬਣਾਇਆ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣਾ ਸਿਰਫ਼ ਪ੍ਰਸ਼ਾਸਨਿਕ ਜ਼ਿੰਮੇਵਾਰੀ ਨਹੀਂ, ਸਗੋਂ ਸਮਾਜ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੀ ਸਿਹਤ ਨਾਲ ਜੁੜਿਆ ਅਹਿਮ ਮੁੱਦਾ ਹੈ। ਇਸ ਲਈ ਸਾਰੇ ਸਬੰਧਤ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਖੇਤਾਂ ਵਿੱਚ ਅੱਗ ਲੱਗਣ ਦੀ ਕਿਸੇ ਵੀ ਸੂਚਨਾ ਤੇ ਤੁਰੰਤ ਮੌਕੇ ਤੇ ਪਹੁੰਚ ਕੇ ਕਾਰਵਾਈ ਕਰਨ। ਡੀਸੀ ਮੋਗਾ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਿੰਡ ਪੱਧਰ ਤੇ ਨਿਗਰਾਨੀ ਪ੍ਰਣਾਲੀ ਨੂੰ ਹੋਰ ਮਜ਼ਬੂਤ ਕੀਤਾ ਜਾਵੇ। ਨੋਡਲ ਅਫ਼ਸਰ ਅਤੇ ਕਲੱਸਟਰ ਅਫ਼ਸਰ ਆਪਣੇ-ਆਪਣੇ ਖੇਤਰਾਂ ਵਿਚ ਲਗਾਤਾਰ ਨਿਗਰਾਨੀ ਰੱਖਣ ਅਤੇ ਕਿਸਾਨਾਂ ਨਾਲ ਸਿੱਧਾ ਸੰਪਰਕ ਬਣਾ ਕੇ ਉਨ੍ਹਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਪ੍ਰੇਰਿਤ ਕਰਨ। ਉਨ੍ਹਾਂ ਜ਼ੋਰ ਦਿੱਤਾ ਕਿ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਸਿਰਫ਼ ਦਰਜ ਕਰਨ ਦੀ ਬਜਾਏ ਉਨ੍ਹਾਂ ਨੂੰ ਰੋਕਣ ਅਤੇ ਤੁਰੰਤ ਬੁਝਾਉਣ ਨੂੰ ਪਹਿਲ ਦਿੱਤੀ ਜਾਵੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤੀਬਾੜੀ ਵਿਭਾਗ ਵੱਲੋਂ ਸੁਝਾਏ ਗਏ ਵਿਗਿਆਨਕ ਤਰੀਕਿਆਂ ਅਤੇ ਉਪਲਬਧ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ। ਪਰਾਲੀ ਦਾ ਸੁਚੱਜਾ ਪ੍ਰਬੰਧਨ ਮਿੱਟੀ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ, ਹਵਾ ਦੀ ਗੁਣਵੱਤਾ ਸੁਧਾਰਨ ਅਤੇ ਲੋਕਾਂ ਨੂੰ ਪ੍ਰਦੂਸ਼ਣ ਦੇ ਮਾੜੇ ਪ੍ਰਭਾਵਾਂ ਤੋਂ ਬਚਾਉਣ ਲਈ ਬੇਹੱਦ ਜ਼ਰੂਰੀ ਹੈ। ਇਸ ਮੌਕੇ ਏਡੀਸੀ ਜਸਪਿੰਦਰ ਸਿੰਘ, ਏਡੀਸੀ ਕੁਲਪ੍ਰੀਤ ਸਿੰਘ ਅਤੇ ਵਿਸ਼ੇਸ਼ ਕਾਰਜ ਅਫ਼ਸਰ ਮਿਸ ਹਰਸ਼ਿਤਾ ਸ਼ਰਮਾ ਵੀ ਮੌਜੂਦ ਸਨ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦੁਹਰਾਇਆ ਗਿਆ ਕਿ ਪਰਾਲੀ ਪ੍ਰਬੰਧਨ ਸਬੰਧੀ ਸਰਕਾਰ ਦੀਆਂ ਹਦਾਇਤਾਂ ਨੂੰ ਲਾਗੂ ਕਰਵਾਉਣ, ਖੇਤਾਂ ਵਿਚ ਅੱਗ ਲੱਗਣ ਦੀਆਂ ਘਟਨਾਵਾਂ ਤੇ ਰੋਕ ਲਗਾਉਣ ਅਤੇ ਸਾਫ਼-ਸੁਥਰੇ ਵਾਤਾਵਰਣ ਨੂੰ ਯਕੀਨੀ ਬਣਾਉਣ ਲਈ ਪੂਰੀ ਚੌਕਸੀ ਅਤੇ ਸਰਗਰਮੀ ਨਾਲ ਕਾਰਵਾਈ ਜਾਰੀ ਰਹੇਗੀ।