ਡੀਸੀ ਨੇ ਨਸ਼ਾ ਛੁਡਾਊ ਕੇਂਦਰ ਜਨੇਰ ਦਾ ਕੀਤਾ ਦੌਰਾ
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ
Publish Date: Sat, 31 Jan 2026 06:16 PM (IST)
Updated Date: Sun, 01 Feb 2026 04:11 AM (IST)

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਮੋਗਾ : ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਵੱਲੋਂ ਨਸ਼ੇ ਦੇ ਮਰੀਜ਼ਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿਚ ਪ੍ਰਭਾਵਸ਼ਾਲੀ ਸੇਵਾਵਾਂ ਦੇਣੀਆਂ ਯਕੀਨੀ ਬਣਾਈਆਂ ਜਾ ਰਹੀਆਂ ਹਨ। ਨਸ਼ਾ ਛੁਡਾਊ ਕੇਂਦਰਾਂ ਵਿਚ ਮਰੀਜਾਂ ਨੂੰ ਮਿਲ ਰਹੀਆਂ ਸਹੂਲਤਾਂ ਦੀ ਚੈਕਿੰਗ ਕਰਨ ਲਈ ਡੀਸੀ ਮੋਗਾ ਸਾਗਰ ਸੇਤੀਆ ਨੇ ਪਿੰਡ ਜਨੇਰ ਵਿਖੇ ਚਲਾਏ ਜਾ ਰਹੇ ਸਰਕਾਰੀ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਦਾ ਦੌਰਾ ਕੀਤਾ। ਡੀਸੀ ਨੇ ਨਸ਼ਾ ਛੁਡਾਊ ਕੇਂਦਰਾਂ ਵਿਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਤੇਜ਼ ਕਰਨ ਦੇ ਸਖ਼ਤ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾ ਤਹਿਤ ਨਸ਼ਾ ਛੁਡਾਊ ਕੇਂਦਰਾਂ ਵਿਚ ਹਰੇਕ ਆਧੁਨਿਕ ਸਹੂਲਤਾਂ ਮੁਹਈਆਂ ਕਰਵਾਈਆ ਜਾਣਗੀਆਂ ਤਾਂ ਕਿ ਨਸ਼ਾ ਛੱਡਣ ਵਾਲੇ ਮਰੀਜ਼ ਨਸ਼ੇ ਨੂੰ ਜਿੰਨੀ ਜਲਦੀ ਹੋ ਸਕੇ ਆਪਣੀ ਜ਼ਿੰਦਗੀ ਵਿਚੋਂ ਕੱਢ ਦੇਣ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਨਸ਼ਾ ਛੱਡਣ ਵਾਲੇ ਮਰੀਜ਼ਾਂ ਦੇ ਮੁੜ ਵਸੇਬੇ ਲਈ ਪਹਿਲਾਂ ਵੀ ਕਿੱਤਾ ਮੁਖੀ ਕੋਰਸ ਮੁਫ਼ਤ ਕਰਵਾਏ ਗਏ ਸਨ ਅਤੇ ਇਹ ਅੱਗੇ ਵੀ ਚਲਦੇ ਰਹਿਣਗੇ। ਡੀਸੀ ਸਾਗਰ ਸੇਤੀਆ ਨੇ ਜ਼ੋਰ ਦੇ ਕੇ ਕਿਹਾ ਕਿ ਮਰੀਜ਼ਾਂ ਵਿਚ ਮਨੋਰੰਜਨ ਗਤੀਵਿਧੀਆਂ ਅਤੇ ਹੁਨਰ ਵਿਕਾਸ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਤਾਂ ਜੋ ਉਨ੍ਹਾਂ ਦੀ ਰਿਕਵਰੀ ਅਤੇ ਪੁਨਰਵਾਸ ਵਿੱਚ ਸਹਾਇਤਾ ਕੀਤੀ ਜਾ ਸਕੇ। ਜ਼ਿਲ੍ਹਾ ਪ੍ਰਸ਼ਾਸਨ ਦਵਾਈਆਂ ਅਤੇ ਟੈਸਟ ਕਿੱਟਾਂ ਸਮੇਤ ਜ਼ਰੂਰੀ ਸਰੋਤਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਅਤੇ ਸਿਹਤ ਵਿਭਾਗ ਨਾਲ ਤਾਲਮੇਲ ਕਰਕੇ ਹਰ ਮੁਸਕਿਲ ਅਤੇ ਲੋੜ੍ਹ ਨੂੰ ਤੁਰੰਤ ਹੱਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਇਨ੍ਹਾਂ ਪਹਿਲਕਦਮੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਵਚਨਬੱਧ ਹੈ। ਡੀਸੀ ਵੱਲੋਂ ਨਸ਼ਾ ਛੱਡ ਰਹੇ ਮਰੀਜ਼ਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਮਿਲ ਰਹੀਆਂ ਸਹੂਲਤਾਂ ਦਾ ਜਾਇਜਾ ਲਿਆ।