ਹਰਪ੍ਰੀਤ ਸਿੰਘ ਚਾਨਾ, ਫਰੀਦਕੋਟ

ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ ਆਈ.ਏ.ਐਸ ਵੱਲੋਂ ਮਾਨਯੋਗ ਸੁਪਰੀਮ ਕੋਰਟ ਅਤੇ ਨੈਸ਼ਨਲ ਗਰੀਨ ਟਿ੍ਰਬਿਊਨਲ ਦੀਆਂ ਪਰਾਲੀ ਸਾੜਨ ਵਿਰੁੱਧ ਸਖਤ ਹਦਾਇਤਾਂ ਨੂੰ ਲਾਗੂ ਕਰਨ ਲਈ ਕੱਲ ਜ਼ਿਲੇ੍ਹ ਦੇ ਸਿਵਲ ਤੇ ਪੁਲਿਸ ਅਧਿਕਾਰੀਆਂ ਨੂੰ ਦਿੱਤੇ ਗਏ ਆਦੇਸ਼ਾ ਉਪਰੰਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਾਰੇ ਪਟਵਾਰੀਆਂ ਨੂੰ ਹਿਦਾਇਤ ਕੀਤੀ ਕਿ ਉਹ ਸਵੇਰੇ 11 ਵਜੇ ਤਕ ਸਹੀ ਫਾਰਮੈਟ ਵਿਚ ਪਰਾਲੀ ਨੂੰ ਅੱਗ ਲਗਾਉਣ ਵਾਲੀਆਂ ਸਾਈਟਾਂ ਸਬੰਧੀ 100 ਫੀਸਦੀ ਜਾਣਕਾਰੀ ਦੇਣ। ਉਨ੍ਹਾਂ ਕਿਹਾ ਕਿ ਜੇ ਕਿਸੇ ਨੇ ਵੀ ਮਾਨਯੋਗ ਸੁਪਰੀਮ ਕੋਰਟ ਅਤੇ ਨੈਸ਼ਨਲ ਗਰੀਨ ਟਿ੍ਰਬਿਊਨਲ ਦੇ ਹੁਕਮਾਂ ਦੀ ਉਲੰਘਣਾ ਕੀਤੀ ਤਾਂ ਉਸ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਕਿਸਾਨਾਂ ਨੂੰ ਪਰੇਸ਼ਾਨ ਕਰਨਾ ਨਹੀਂ ਹੈ ਸਗੋਂ ਪਰਾਲੀ ਨੂੰ ਅੱਗ ਲਾਉਣ ਨਾਲ ਫੈਲਣ ਵਾਲਾ ਪ੍ਰਦੂਸ਼ਣ ਮਨੁੱਖਤਾ, ਜੀਵ ਜੰਤੂਆਂ ਅਤੇ ਸਮੁੱਚੇ ਵਾਤਾਵਰਨ ਲਈ ਘਾਤਕ ਹੈ। ਇਸ ਇਸ ਮਨੁੱਖਤਾ ਅਤੇ ਵਾਤਾਵਰਨ ਵਿਰੋਧੀ ਵਰਤਾਰੇ ਨੂੰ ਰੋਕਣ ਲਈ ਸਾਨੂੰ ਸਾਰਿਆਂ ਨੂੰ ਆਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ । ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਵਾਤਾਵਰਨ ਦੀ ਸੰਭਾਲ ਲਈ ਪਰਾਲੀ ਨੂੰ ਅੱਗ ਬਿਲਕੁਲ ਨਾ ਲਗਾਈ ਜਾਵੇ ਬਲਕਿ ਉਹ ਪਰਾਲੀ ਨੂੰ ਅੱਗ ਲਾਉਣ ਦੀ ਥਾਂ ਇਸ ਨੂੰ ਜ਼ਮੀਨ ਵਿਚ ਹੀ ਦਬਾਉਣ। ਇਸ ਨਾਲ ਜਿੱਥੇ ਜ਼ਮੀਨ ਦੀ ਉਪਜਾਊ ਸ਼ਕਤੀ ਵਧੇਗੀ ਉੱਥੇ ਹੀ ਵਾਤਾਵਰਨ ਦੀ ਸੰਭਾਲ ਵਿਚ ਵੀ ਮਦਦ ਮਿਲੇਗੀ। ਉਹਨਾਂ ਕਿਹਾ ਕਿ ਅਸੀਂ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾ ਰਹੇ ਹਾਂ ਅਤੇ ਗੁਰੂ ਜੀ ਦੀਆਂ ਸਿੱਖਿਆਵਾਂ ਤੋਂ ਸੇਧ ਲੈਂਦਿਆਂ ਹੋਇਆ ਸਾਨੂੰ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਭਾਵੁਕ ਅਪੀਲ ਕਰਦਿਆਂ ਕਿਹਾ ਕਿ ਸਾਡੇ ਬੱਚੇ ਦੇਸ਼ ਦਾ ਆਉਣ ਵਾਲਾ ਭਵਿੱਖ ਹਨ ਅਤੇ ਜੇਕਰ ਅਸੀਂ ਉਨ੍ਹਾਂ ਨੂੰ ਸਹੀ ਵਾਤਾਵਰਣ ਨਾ ਦੇ ਸਕੇ ਤਾਂ ਉਹ ਇਸ ਲਈ ਸਾਨੂੰ ਕਦੇ ਵੀ ਮਾਫ਼ ਨਹੀਂ ਕਰਨਗੇ।

ਇਸ ਲਈ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਇਹ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਪਰਾਲੀ ਨੂੰ ਜ਼ਮੀਨ ਵਿਚ ਦਬਾਉਣ ਲਈ ਅਧੁਨਿਕ ਮਸ਼ੀਨਰੀ ਲਈ ਜ਼ਿਲ੍ਹੇ ਵਿਚਲੇ ਕਸਟਮ ਹਾਈਰਿੰਗ ਸੈਂਟਰਾਂ ਜਾਂ ਖੇਤੀ ਮਸ਼ੀਨਰੀ ਦੀ ਸੂਚੀ ਅਤੇ ਸੰਪਰਕ ਨੰਬਰਾਂ ਲਈ ਜ਼ਿਲ੍ਹਾ ਖੇਤੀਬਾੜੀ ਦਫਤਰ ਨਾਲ ਸੰਪਰਕ ਕਰ ਸਕਦੇ ਹਨ। ਇਸ ਮੌਕੇ ਜ਼ਿਲ੍ਹਾ ਮਾਲ ਅਫ਼ਸਰ ਅਵਤਾਰ ਸਿੰਘ, ਤਹਿਸੀਲਦਾਰ ਫ਼ਰੀਦਕੋਟ ਪਰਮਜੀਤ ਸਿੰਘ ਬਰਾੜ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਬਲਜੀਤ ਕੌਰ, ਤਹਿਸੀਲਦਾਰ ਜੈਤੋ ਲਵਪ੍ਰੀਤ ਕੌਰ, ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਸੁਖਦੀਪ ਸਿੰਘ ਬਰਾੜ, ਸਮੂਹ ਬਲਾਕ ਪ੍ਰਾਜੈਕਟ ਡਾਇਰੈਕਟਰ ਆਤਮਾ ਅਮਨਦੀਪ ਕੇਸ਼ਵ, ਸਮੂਹ ਨਾਇਬ ਤਹਿਸੀਲਦਾਰ, ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਜ਼ਿਲ੍ਹੇ ਦਾ ਸਾਰੇ ਪਟਵਾਰੀ ਹਾਜ਼ਰ ਸਨ।