- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਿਵਲ ਸੁਸਾਇਟੀ ਮੋਗਾ ਵੱਲੋਂ ਨਸ਼ਿਆਂ

ਨੇਹਾ ਸ਼ੋਰੀ ਕਤਲ ਮਾਮਲੇ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਦੀ ਕੀਤੀ ਮੰਗ
ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਮੋਗਾ : ਸਿਵਲ ਸੁਸਾਇਟੀ ਮੋਗਾ ਵੱਲੋਂ ਨਸ਼ਿਆਂ ਦੀ ਰੋਕਥਾਮ, ਨਸ਼ਾ ਤਸਕਰੀ ਦੇ ਨੈੱਟਵਰਕਾਂ ਦੀ ਪਛਾਣ, ਪ੍ਰਸ਼ਾਸਨਿਕ ਜਵਾਬਦੇਹੀ ਅਤੇ ਨਸ਼ਿਆਂ ਵਿਰੁੱਧ ਪ੍ਰਭਾਵਸ਼ਾਲੀ ਕਾਨੂੰਨੀ ਕਾਰਵਾਈ ਦੇ ਮੁੱਦਿਆਂ ’ਤੇ 22 ਅਕਤੂਬਰ ਨੂੰ ਡਾ. ਕੁਲਦੀਪ ਸਿੰਘ ਗਿੱਲ ਹਸਪਤਾਲ ਦੁਸਾਂਝ ਰੋਡ ਮੋਗਾ ਵਿਖੇ ਜਨਤਕ ਵਿਚਾਰ-ਚਰਚਾ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿਚ ਵੱਖ-ਵੱਖ ਖੇਤਰਾਂ ਨਾਲ ਸਬੰਧਤ ਸਮਾਜਿਕ ਕਾਰਕੁਨਾਂ, ਕਿਸਾਨ ਆਗੂਆਂ, ਵਕੀਲਾਂ, ਡਾਕਟਰਾਂ, ਬੁੱਧੀਜੀਵੀਆਂ ਅਤੇ ਹੋਰ ਪਤਵੰਤਿਆਂ ਨੇ ਸ਼ਮੂਲੀਅਤ ਕੀਤੀ ਅਤੇ ਨਸ਼ਿਆਂ ਦੀ ਸਮੱਸਿਆ ਦੇ ਮੂਲ ਕਾਰਨਾਂ ਤੇ ਇਸ ਦੀ ਰੋਕਥਾਮ ਲਈ ਲੋੜੀਂਦੇ ਕਦਮਾਂ ਬਾਰੇ ਆਪਣੇ ਵਿਚਾਰ ਪੇਸ਼ ਕੀਤੇ। ਸਮਾਗਮ ਵਿਚ ਨਿਰੰਜਨ ਸਿੰਘ, ਸਾਬਕਾ ਡਾਇਰੈਕਟਰ, ਇਨਫੋਰਸਮੈਂਟ ਡਾਇਰੈਕਟੋਰੇਟ ਈਡੀ, ਗੁਰਪ੍ਰੀਤ ਸਿੰਘ ਤੂਰ ਸਾਬਕਾ ਆਈਜੀ, ਹਰੀ ਓਮ ਜਿੰਦਲ ਅਤੇ ਪੀਐੱਸ ਭੋਗਲ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ। ਵੱਖ-ਵੱਖ ਬੁਲਾਰਿਆਂ ਨੇ ਨਸ਼ਿਆਂ ਦੇ ਪਸਾਰ, ਨਸ਼ਾ ਤਸਕਰੀ ਦੇ ਤਰੀਕਿਆਂ, ਸਪਲਾਈ ਨੈੱਟਵਰਕਾਂ ਅਤੇ ਇਸ ਸਮੱਸਿਆ ਦੇ ਮੂਲ ਕਾਰਨਾਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਪੰਡਤ ਸੁਖਦੇਵ ਰਾਮ ਸ਼ਰਮਾ ਘੋਲੀਏ ਵਾਲੇ, ਨਿਰਮਲ ਸਿੰਘ ਮਾਣੂੰਕੇ ਪ੍ਰਧਾਨ ਬੀਕੇਯੂ ਅਮਰਜੀਤ ਸਿੰਘ ਰਾਜੇਆਣਾ ਚੇਅਰਮੈਨ, ਜਸਵਿੰਦਰ ਸਿੰਘ ਸਰਾਂ, ਬਾਬਾ ਸਰਬਣ ਸਿੰਘ, ਮਨਿੰਦਰ ਸਿੰਘ ਬੇਦੀ, ਰਸ਼ਪਾਲ ਸਿੰਘ ਪਟਵਾਰੀ, ਸਾਬਕਾ ਵਿਧਾਇਕ ਵਿਜੇ ਸਾਥੀ, ਭੁਪਿੰਦਰ ਸਿੰਘ ਦੌਲਤਪੁਰਾ ਪ੍ਰਧਾਨ ਬੀਕੇਯੂ ਲੱਖੋਵਾਲ, ਪ੍ਰਿ: ਸੁਰਜੀਤ ਸਿੰਘ ਦੌਧਰ, ਵਿਨੋਦ ਬਾਂਸਲ, ਹਰੀ ਸਿੰਘ ਖਾਈ ਪ੍ਰਧਾਨ ਕਾਂਗਰਸ ਕਮੇਟੀ, ਡਾ. ਰਮਿੰਦਰ ਸ਼ਰਮਾ, ਬਲਦੇਵ ਸਿੰਘ, ਅਤੇ ਹੋਰ ਕਿਸਾਨ ਆਗੂਆਂ ਤੇ ਸਮਾਜਿਕ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ। ਸਮਾਗਮ ਦੌਰਾਨ ਨੇਹਾ ਸ਼ੋਰੀ ਕਤਲ ਮਾਮਲੇ ਦੀ ਜਾਂਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਤੋਂ ਕਰਵਾਉਣ ਦੀ ਮੰਗ ਉਠਾਈ ਗਈ ਅਤੇ ਇਸ ਸਬੰਧੀ ਮਤਾ ਵੀ ਪਾਸ ਕੀਤਾ ਗਿਆ। ਨਿਰੰਜਨ ਸਿੰਘ ਨੇ ਸਮਾਗਮ ਦੌਰਾਨ ਭ੍ਰਿਸ਼ਟਾਚਾਰ ਨੂੰ ਨਸ਼ਾ ਤਸਕਰੀ ਦੇ ਨੈੱਟਵਰਕਾਂ ਦੀਆਂ ਮੁੱਖ ਜੜ੍ਹਾਂ ’ਚੋਂ ਇਕ ਦੱਸਦਿਆਂ ਇਸ ਦੇ ਵੱਖ-ਵੱਖ ਪਹਿਲੂਆਂ ਬਾਰੇ ਆਪਣੇ ਵਿਚਾਰ ਪੇਸ਼ ਕੀਤੇ। ਉਨ੍ਹਾਂ ਕਿਹਾ ਕਿ ਸਿਆਸੀ ਸਰਪ੍ਰਸਤੀ, ਪੁਲਿਸ ਅਤੇ ਪ੍ਰਸ਼ਾਸਨਿਕ ਪੱਧਰ ’ਤੇ ਕਥਿਤ ਮਿਲੀਭੁਗਤ ਜਾਂ ਭ੍ਰਿਸ਼ਟਾਚਾਰ ਦੀ ਜਾਂਚ ਕੀਤੇ ਬਿਨਾਂ ਨਸ਼ਾ ਤਸਕਰੀ ਦੇ ਨੈੱਟਵਰਕਾਂ ਨੂੰ ਪੂਰੀ ਤਰ੍ਹਾਂ ਖ਼ਤਮ ਕਰਨਾ ਮੁਸ਼ਕਲ ਹੈ। ਗੁਰਪ੍ਰੀਤ ਸਿੰਘ ਤੂਰ ਨੇ ਸਮਾਗਮ ਦੌਰਾਨ ਨਸ਼ਿਆਂ ਦੀ ਸਪਲਾਈ ਦੇ ਸਰੋਤਾਂ, ਤਸਕਰੀ ਦੇ ਤਰੀਕਿਆਂ, ਸਪਲਾਈ ਚੇਨ ਅਤੇ ਇਸ ਗੈਰ-ਕਾਨੂੰਨੀ ਕਾਰੋਬਾਰ ਨਾਲ ਜੁੜੇ ਸੰਭਾਵਿਤ ਨੈੱਟਵਰਕਾਂ ਦੀ ਪਛਾਣ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੇ ਪਹਿਲੂਆਂ ਦੀ ਨਿਰਪੱਖ ਅਤੇ ਸਬੂਤ-ਆਧਾਰਿਤ ਜਾਂਚ ਕੀਤੀ ਜਾਣੀ ਚਾਹੀਦੀ ਹੈ। ਸਮਾਗਮ ਦੌਰਾਨ ਨਸ਼ਾ ਤਸਕਰੀ ਅਤੇ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਦੀ ਰੋਕਥਾਮ ਲਈ ਸਬੰਧਤ ਸਰਕਾਰੀ ਵਿਭਾਗਾਂ ਅਤੇ ਅਧਿਕਾਰੀਆਂ ਦੀਆਂ ਕਾਨੂੰਨੀ ਤੇ ਪ੍ਰਸ਼ਾਸਨਿਕ ਜ਼ਿੰਮੇਵਾਰੀਆਂ ਨਿਰਧਾਰਤ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ ਗਿਆ। ਵਿਚਾਰ-ਚਰਚਾ ਦੌਰਾਨ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਸਮਾਜਿਕ ਕਾਰਕੁਨਾਂ, ਸ਼ਿਕਾਇਤਕਰਤਾਵਾਂ ਅਤੇ ਵਿਸਲਬਲੋਅਰਾਂ ਦੀ ਸੁਰੱਖਿਆ ਦਾ ਮੁੱਦਾ ਵੀ ਪ੍ਰਮੁੱਖਤਾ ਨਾਲ ਉਠਾਇਆ ਗਿਆ। ਸਿਵਲ ਸੁਸਾਇਟੀ ਮੋਗਾ ਨੇ ਕਿਹਾ ਕਿ ਨਸ਼ਾ-ਮੁਕਤ ਸਮਾਜ ਦੀ ਸਿਰਜਣਾ ਲਈ ਸਰਕਾਰ, ਪ੍ਰਸ਼ਾਸਨ, ਪੁਲਿਸ, ਸਮਾਜਿਕ ਜਥੇਬੰਦੀਆਂ ਅਤੇ ਆਮ ਨਾਗਰਿਕਾਂ ਨੂੰ ਸਾਂਝੇ ਯਤਨ ਕਰਨ ਦੀ ਲੋੜ ਹੈ। ਨਸ਼ਾ ਤਸਕਰੀ ਦੇ ਨੈੱਟਵਰਕਾਂ ਦੀ ਨਿਰਪੱਖ ਜਾਂਚ, ਕਾਨੂੰਨ ਦੀ ਬਰਾਬਰ ਪਾਲਣਾ, ਸ਼ਿਕਾਇਤਕਰਤਾਵਾਂ ਦੀ ਸੁਰੱਖਿਆ ਅਤੇ ਸਬੰਧਤ ਅਧਿਕਾਰੀਆਂ ਦੀ ਜਵਾਬਦੇਹੀ ਯਕੀਨੀ ਬਣਾਉਣਾ ਇਸ ਦਿਸ਼ਾ ਵਿਚ ਮਹੱਤਵਪੂਰਨ ਕਦਮ ਹਨ। ਇਸ ਮੌਕੇ ਉਕਤ ਤੋਂ ਇਲਾਵਾ ਸਿਵਲ ਸੁਸਾਇਟੀ ਮੋਗਾ ਦੇ ਐਡਵਾਈਜਰ ਡਾ. ਕੁਲਦੀਪ ਸਿੰਘ ਗਿੱਲ, ਅਜੇ ਗੋਰਾ ਸੂਦ, ਪ੍ਰਜੀਡੀਅਮ ਮੈੰਬਰ ਮਹਿੰਦਰ ਪਾਲ ਲੂੰਬਾ, ਅਮਰਜੀਤ ਸਿੰਘ ਜੱਸਲ, ਮਨਿੰਦਰ ਸਿੰਘ ਬੇਦੀ, ਐਡਵੋਕੇਟ ਰਵਿੰਦਰ ਕੌਰ, ਹਰਲੀਨ ਗਿੱਲ, ਸੋਨੀਆ ਅਨੇਜਾ, ਪ੍ਰਿਆ ਤਿਆਗੀ, ਗਿਆਨ ਸਿੰਘ ਸਮੇਤ ਹੋਰ ਮੈਂਬਰ ਵੀ ਹਾਜ਼ਰ ਸਨ।