ਡੀਸੀ ਨੇ ਫਾਰਮ ਨੰਬਰ 9, 10 ਤੇ 11 ਸਬੰਧੀ ਸੂਚੀਆਂ ਸੌਂਪੀਆਂ ਭਾਰਤ ਚੋਣ ਕਮਿਸ਼ਨ ਦੀਆਂ
Publish Date: Tue, 15 Sep 2026 04:06 PM (IST)
Updated Date: Wed, 16 Sep 2026 04:03 AM (IST)
8 ਅਕਤੂਬਰ ਤੱਕ ਦਾਅਵਿਆਂ ਤੇ ਇਤਰਾਜ਼ਾਂ ਦਾ ਨਿਪਟਾਰਾ 12 ਅਕਤੂਬਰ ਨੂੰ ਪ੍ਰਕਾਸ਼ਿਤ ਹੋਵੇਗੀ ਅੰਤਿਮ ਵੋਟਰ ਸੂਚੀ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ ਮੋਗਾ : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ ਐੱਸਆਈਆਰ 2026 ਤਹਿਤ ਜ਼ਿਲ੍ਹਾ ਮੋਗਾ ਵਿਚ ਚੱਲ ਰਹੀ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਭਾਗੀਦਾਰੀ ਵਾਲਾ ਬਣਾਉਣ ਲਈ ਅੱਜ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸਾਗਰ ਸੇਤੀਆ ਵੱਲੋਂ ਜ਼ਿਲ੍ਹੇ ਦੀਆਂ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਫਾਰਮ ਨੰਬਰ 9, 10 ਅਤੇ 11 ਨਾਲ ਸਬੰਧਤ ਸੂਚੀਆਂ ਸੌਂਪੀਆਂ ਗਈਆਂ। ਇਹ ਸੂਚੀਆਂ ਫਾਰਮ ਨੰਬਰ 6, 6ਏ, 7 ਅਤੇ 8 ਰਾਹੀਂ ਪ੍ਰਾਪਤ ਹੋਈਆਂ ਅਰਜ਼ੀਆਂ ਨਾਲ ਸਬੰਧਤ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ ਦਾ ਕੰਮ 25 ਜੂਨ 2026 ਤੋਂ ਸ਼ੁਰੂ ਕੀਤਾ ਗਿਆ ਸੀ। ਇਸ ਤਹਿਤ 25 ਜੂਨ ਤੋਂ 3 ਅਗਸਤ 2026 ਤੱਕ ਬੂਥ ਪੱਧਰ ਦੇ ਅਧਿਕਾਰੀਆਂ ਵੱਲੋਂ ਘਰ-ਘਰ ਜਾ ਕੇ ਵੋਟਰਾਂ ਦੀ ਤਸਦੀਕ ਕੀਤੀ ਗਈ ਅਤੇ ਲੋੜੀਂਦੇ ਫਾਰਮ ਪ੍ਰਾਪਤ ਕੀਤੇ ਗਏ। ਇਸ ਤੋਂ ਬਾਅਦ 13 ਅਗਸਤ ਨੂੰ ਡਰਾਫਟ ਵੋਟਰ ਸੂਚੀ ਪ੍ਰਕਾਸ਼ਿਤ ਕੀਤੀ ਗਈ। ਉਨ੍ਹਾਂ ਦੱਸਿਆ ਕਿ ਡਰਾਫ਼ਟ ਵੋਟਰ ਸੂਚੀ ਦੇ ਪ੍ਰਕਾਸ਼ਨ ਉਪਰੰਤ 13 ਅਗਸਤ ਤੋਂ 12 ਸਤੰਬਰ 2026 ਤੱਕ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ ਗਏ। ਇਸ ਮਿਆਦ ਦੌਰਾਨ ਜ਼ਿਲ੍ਹੇ ਵਿੱਚ ਫਾਰਮ ਨੰਬਰ 6 ਰਾਹੀਂ ਨਵੇਂ ਵੋਟਰਾਂ ਦੇ ਨਾਮ ਸ਼ਾਮਲ ਕਰਨ ਲਈ 25,279 ਅਰਜ਼ੀਆਂ, ਫਾਰਮ ਨੰਬਰ 6ਏ ਰਾਹੀਂ 252 ਅਰਜ਼ੀਆਂ, ਫਾਰਮ ਨੰਬਰ 7 ਰਾਹੀਂ ਵੋਟਰ ਸੂਚੀ ’ਚੋਂ ਨਾਮ ਹਟਾਉਣ ਸਬੰਧੀ 3,862 ਅਰਜ਼ੀਆਂ ਅਤੇ ਫਾਰਮ ਨੰਬਰ 8 ਰਾਹੀਂ ਵੇਰਵਿਆਂ ਵਿਚ ਸੋਧ ਲਈ 18,607 ਅਰਜ਼ੀਆਂ ਪ੍ਰਾਪਤ ਹੋਈਆਂ ਹਨ। ਇਸ ਤਰ੍ਹਾਂ ਕੁੱਲ 48,000 ਅਰਜ਼ੀਆਂ ਪ੍ਰਾਪਤ ਹੋਈਆਂ ਹਨ। ਸ੍ਰੀ ਸਾਗਰ ਸੇਤੀਆ ਨੇ ਕਿਹਾ ਕਿ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸਬੰਧਤ ਸੂਚੀਆਂ ਮੁਹੱਈਆ ਕਰਵਾਉਣ ਦਾ ਮੁੱਖ ਉਦੇਸ਼ ਵੋਟਰ ਸੂਚੀ ਦੀ ਸੁਧਾਈ ਪ੍ਰਕਿਰਿਆ ਵਿੱਚ ਪਾਰਦਰਸ਼ਤਾ, ਨਿਰਪੱਖਤਾ ਅਤੇ ਰਾਜਨੀਤਿਕ ਪਾਰਟੀਆਂ ਦੀ ਸਰਗਰਮ ਭਾਗੀਦਾਰੀ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਇਨ੍ਹਾਂ ਸੂਚੀਆਂ ਦੀ ਆਪਣੇ ਪੱਧਰ ’ਤੇ ਬਾਰੀਕੀ ਨਾਲ ਜਾਂਚ ਕਰ ਸਕਦੇ ਹਨ ਅਤੇ ਜੇਕਰ ਕਿਸੇ ਅਰਜ਼ੀ ਜਾਂ ਵੋਟਰ ਦੇ ਵੇਰਵਿਆਂ ਸਬੰਧੀ ਕੋਈ ਤੱਥ ਜਾਂ ਇਤਰਾਜ਼ ਸਾਹਮਣੇ ਆਉਂਦਾ ਹੈ ਤਾਂ ਉਸ ਨੂੰ ਨਿਰਧਾਰਤ ਪ੍ਰਕਿਰਿਆ ਅਨੁਸਾਰ ਚੋਣ ਅਧਿਕਾਰੀਆਂ ਦੇ ਧਿਆਨ ਵਿਚ ਲਿਆਂਦਾ ਜਾ ਸਕਦਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰਾਪਤ ਹੋਏ ਦਾਅਵਿਆਂ ਅਤੇ ਇਤਰਾਜ਼ਾਂ ਦੀ ਜਾਂਚ ਅਤੇ ਨਿਪਟਾਰੇ ਦੀ ਪ੍ਰਕਿਰਿਆ 8 ਅਕਤੂਬਰ 2026 ਤੱਕ ਮੁਕੰਮਲ ਕੀਤੀ ਜਾਵੇਗੀ ਅਤੇ ਇਸ ਉਪਰੰਤ 12 ਅਕਤੂਬਰ 2026 ਨੂੰ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ ਕੀਤੀ ਜਾਵੇਗੀ। ਉਨ੍ਹਾਂ ਜ਼ਿਲ੍ਹਾ ਵਾਸੀਆਂ ਅਤੇ ਸਾਰੀਆਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਵਿਸ਼ੇਸ਼ ਗਹਿਰੀ ਸੁਧਾਈ ਦੀ ਪ੍ਰਕਿਰਿਆ ਵਿਚ ਪੂਰਨ ਸਹਿਯੋਗ ਦੇਣ ਅਤੇ ਵੋਟਰ ਸੂਚੀਆਂ ਦੀ ਜਾਂਚ ਵਿੱਚ ਸਰਗਰਮ ਭੂਮਿਕਾ ਨਿਭਾਉਣ।