- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ

- ਬਰਸਾਤਾਂ ਤੋਂ ਪਹਿਲਾਂ ਡਰੇਨ ਦੀ ਸਫ਼ਾਈ ਦੇ ਕੰਮ ਨੂੰ ਮੁਕੰਮਲ ਕਰਨ ਦੇ ਸਖ਼ਤ ਨਿਰਦੇਸ਼ ਜਾਰੀ
- ਨਗਰ ਨਿਗਮ ਕਮਿਸ਼ਨਰ ਨੂੰ ਸਫ਼ਾਈ ਦੇ ਕੰਮ ਦੀ ਰੋਜ਼ਾਨਾ ਨਿਗਰਾਨੀ ਕਰਨ ਦੇ ਆਦੇਸ਼ ਜਾਰੀ
ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ
ਮੋਗਾ : ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਵੱਲੋਂ ਵਿਸ਼ੇਸ਼ ਤੌਰ ’ਤੇ ਮੋਗਾ ਡਰੇਨ ਦੀ ਸਫ਼ਾਈ ਦੇ ਕੰਮ ਦਾ ਜਾਇਜ਼ਾ ਲਿਆ ਗਿਆ। ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਬਰਸਾਤਾਂ ਤੋਂ ਪਹਿਲਾਂ ਡਰੇਨ ਦੀ ਸਫਾਈ ਦੇ ਕੰਮ ਨੂੰ ਮੁਕੰਮਲ ਕਰਨ ਦੇ ਸਖਤ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਇਸ ਮੌਕੇ ਨਗਰ ਨਿਗਮ ਕਮਿਸ਼ਨਰ ਗੁਰਵਿੰਦਰ ਸਿੰਘ ਜੌਹਲ ਨੂੰ ਸਫ਼ਾਈ ਦੇ ਕੰਮ ਦੀ ਰੋਜ਼ਾਨਾ ਦੇ ਆਧਾਰ ’ਤੇ ਨਿੱਜੀ ਤੌਰ ’ਤੇ ਨਿਗਰਾਨੀ ਕਰਨ ਲਈ ਵੀ ਕਿਹਾ। ਨਗਰ ਨਿਗਮ ਮੋਗਾ ਦੇ ਅਧਿਕਾਰੀਆਂ ਨੇ ਕਿਹਾ ਕਿ ਨਿਗਮ ਦੀ ਹਦੂਦ ਅੰਦਰ ਆਉਂਦੀ 4.5 ਕਿਲੋਮੀਟਰ ਲੰਬੀ ਇਹ ਡਰੇਨ ਲਗਭਗ ਦੋ ਕਿਲੋਮੀਟਰ ਦੀ ਸਫ਼ਾਈ ਪੂਰੀ ਹੋ ਚੁੱਕੀ ਹੈ। ਨਗਰ ਨਿਗਮ ਦੇ ਅਧਿਕਾਰੀਆਂ ਨੇ ਦੱਸਿਆ ਕਿ ਅਗਲੇ ਇਕ ਹਫਤੇ ਦੇ ਅੰਦਰ ਅੰਦਰ ਇਸ ਡਰੇਨ ਦੀ ਸਫ਼ਾਈ ਦਾ ਕੰਮ ਪੂਰਨ ਮੁਕੰਮਲ ਕਰ ਲਿਆ ਜਾਵੇਗਾ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਨਗਰ ਨਿਗਮ ਅਧਿਕਾਰੀਆਂ ਨੂੰ ਡਰੇਨ ਦੀਆਂ ਦੋਵੇਂ ਸਾਈਡਾਂ ਨੂੰ ਪੱਕੀਆਂ ਕਰਨ ਦਾ ਪ੍ਰਸਤਾਵ ਭੇਜਣ ਲਈ ਵੀ ਕਿਹਾ ਤਾਂ ਜੋ ਉਸ ਦੇ ਵਹਾਅ ਨੂੰ ਪੂਰੀ ਤਰ੍ਹਾਂ ਚੈਨੇਲਾਈਜ਼ ਕੀਤਾ ਜਾ ਸਕੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਗਰ ਨਿਗਮ ਡਰੇਨ ਉੱਪਰ ਬਣੀਆਂ ਪੁਲ਼ੀਆਂ ਨੂੰ ਉੱਚੀਆਂ ਕਰਨ ਲਈ ਵੀ ਪ੍ਰਾਜੈਕਟ ਉਲੀਕੇ ਤਾਂ ਜੋ ਬਰਸਾਤੀ ਮੌਸਮ ਦੌਰਾਨ ਪੁਲੀਆਂ ਹੇਠ ਬੂਟੀ ਫਸਣ ਕਾਰਨ ਪੁਲੀਆਂ ਬੰਦ ਹੋਣ ਦੀ ਸਮੱਸਿਆ ਨੂੰ ਦੂਰ ਕੀਤਾ ਜਾ ਸਕੇ। ਇਸ ਤੋਂ ਇਲਾਵਾ ਸਾਫ਼-ਸਫ਼ਾਈ ਲਈ ਪੋਕਲੇਨ ਖ਼ਰੀਦਣ ਲਈ ਪ੍ਰਸਤਾਵ ਭੇਜਣ ਦੇ ਹੁਕਮ ਵੀ ਜਾਰੀ ਕੀਤੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਫ਼ਾਈ ਕਾਰਜਾਂ ਵਿਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਬਰਸਾਤੀ ਮੌਸਮ ਦੌਰਾਨ ਵਸਨੀਕਾਂ ਨੂੰ ਕਿਸੇ ਕਿਸਮ ਦੀ ਅਸੁਵਿਧਾ ਨਹੀਂ ਹੋਣੀ ਚਾਹੀਦੀ। ਉਨ੍ਹਾਂ ਦੁਹਰਾਇਆ ਕਿ ਮੌਨਸੂਨ ਦੌਰਾਨ ਹੜ੍ਹਾਂ ਦੀ ਰੋਕਥਾਮ ਅਤੇ ਜਨਤਕ ਸੁਰੱਖਿਆ ਲਈ ਪ੍ਰਭਾਵਸ਼ਾਲੀ ਡਰੇਨੇਜ਼ ਪ੍ਰਬੰਧਨ ਜ਼ਰੂਰੀ ਹੈ ਅਤੇ ਜ਼ਿਲ੍ਹੇ ਭਰ ਵਿਚ ਸੰਵੇਦਨਸ਼ੀਲ ਥਾਵਾਂ ਦੀ ਲਗਾਤਾਰ ਨਿਗਰਾਨੀ ਦੀ ਲੋੜ ’ਤੇ ਜ਼ੋਰ ਦਿੱਤਾ ਜਾਵੇਗਾ।