- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਸਰਕਾਰ ਵੱਲੋਂ ਸੂਬੇ

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਮੋਗਾ: ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਵਾਤਾਵਰਣ ਪੱਖੋਂ ਸਿਹਤਮੰਦ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਸਵੱਛ ਪੰਜਾਬ ਮੁਹਿੰਮ ਨੂੰ ਹੋਰ ਵਿਸਥਾਰ ਦਿੱਤਾ ਗਿਆ ਹੈ। ਇਸੇ ਤਹਿਤ ਜ਼ਿਲ੍ਹਾ ਮੋਗਾ ’ਚ ਮੁਹਿੰਮ ਦੀ ਪ੍ਰਗਤੀ ਅਤੇ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦੀ ਸਮੀਖਿਆ ਲਈ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਵੱਲੋਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿਚ ਸਫ਼ਾਈ ਵਿਵਸਥਾ, ਕੂੜਾ-ਕਰਕਟ ਦੀ ਸੁਚੱਜੀ ਸੰਭਾਲ, ਜਨਤਕ ਥਾਵਾਂ ਦੀ ਸਫ਼ਾਈ, ਕੂੜੇ ਦੀ ਵੱਖ-ਵੱਖ ਸ਼੍ਰੇਣੀਆਂ ਅਨੁਸਾਰ ਇਕੱਤਰਤਾ ਅਤੇ ਨਿਪਟਾਰੇ ਸਮੇਤ ਮੁਹਿੰਮ ਅਧੀਨ ਚੱਲ ਰਹੀਆਂ ਵੱਖ-ਵੱਖ ਗਤੀਵਿਧੀਆਂ ਦਾ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਵੱਛ ਪੰਜਾਬ ਮੁਹਿੰਮ’ ਨੂੰ ਸਿਰਫ਼ ਇਕ ਸਰਕਾਰੀ ਮੁਹਿੰਮ ਤੱਕ ਸੀਮਤ ਨਾ ਰੱਖਦਿਆਂ ਇਸ ਨੂੰ ਲੋਕ ਲਹਿਰ ਦਾ ਰੂਪ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਸਾਫ਼-ਸੁਥਰਾ ਵਾਤਾਵਰਣ ਸਿਰਜਣ ਲਈ ਸਰਕਾਰੀ ਵਿਭਾਗਾਂ ਦੇ ਨਾਲ-ਨਾਲ ਸਥਾਨਕ ਸੰਸਥਾਵਾਂ, ਪਿੰਡਾਂ ਦੀਆਂ ਪੰਚਾਇਤਾਂ, ਸਮਾਜਿਕ ਸੰਸਥਾਵਾਂ ਅਤੇ ਆਮ ਲੋਕਾਂ ਦੀ ਸਰਗਰਮ ਭਾਗੀਦਾਰੀ ਬਹੁਤ ਜ਼ਰੂਰੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਵੱਛਤਾ ਨੂੰ ਹੋਰ ਵਿਆਪਕ ਪੱਧਰ ’ਤੇ ਲਾਗੂ ਕਰਨ ਲਈ ਮੁਹਿੰਮ ਦਾ ਦਾਇਰਾ ਵਧਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਮਕਸਦ ਲੋਕਾਂ ’ਚ ਸਫ਼ਾਈ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਨਾਲ-ਨਾਲ ਕੂੜਾ ਨਾ ਫੈਲਾਉਣ, ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ-ਵੱਖ ਰੱਖਣ ਅਤੇ ਆਪਣੇ ਆਲੇ-ਦੁਆਲੇ ਨੂੰ ਸਾਫ਼ ਰੱਖਣ ਦੀ ਆਦਤ ਨੂੰ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਫ਼ਾਈ ਸਬੰਧੀ ਗਤੀਵਿਧੀਆਂ ਦੀ ਨਿਰੰਤਰ ਨਿਗਰਾਨੀ ਕੀਤੀ ਜਾਵੇ ਅਤੇ ਜਿੱਥੇ ਵੀ ਜਨਤਕ ਥਾਵਾਂ ’ਤੇ ਕੂੜਾ ਇਕੱਠਾ ਹੋਣ ਜਾਂ ਸਫ਼ਾਈ ਵਿਵਸਥਾ ਵਿੱਚ ਕਮੀ ਦੀਆਂ ਸ਼ਿਕਾਇਤਾਂ ਸਾਹਮਣੇ ਆਉਂਦੀਆਂ ਹਨ, ਉੱਥੇ ਤੁਰੰਤ ਲੋੜੀਂਦੀ ਕਾਰਵਾਈ ਯਕੀਨੀ ਬਣਾਈ ਜਾਵੇ। ਉਨ੍ਹਾਂ ਨੇ ਸਬੰਧਤ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਮੁਹਿੰਮ ਤਹਿਤ ਕੀਤੇ ਜਾ ਰਹੇ ਕੰਮਾਂ ਦੀ ਪ੍ਰਭਾਵਸ਼ਾਲੀ ਨਿਗਰਾਨੀ ਕਰਨ ਲਈ ਵੀ ਕਿਹਾ। ਮੀਟਿੰਗ ਦੌਰਾਨ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਆਪਣੇ-ਆਪਣੇ ਵਿਭਾਗ ਅਧੀਨ ਕੀਤੀਆਂ ਜਾ ਰਹੀਆਂ ਸਵੱਛਤਾ ਗਤੀਵਿਧੀਆਂ ਅਤੇ ਭਵਿੱਖੀ ਕਾਰਜ ਯੋਜਨਾ ਬਾਰੇ ਡਿਪਟੀ ਕਮਿਸ਼ਨਰ ਨੂੰ ਜਾਣਕਾਰੀ ਦਿੱਤੀ ਗਈ।