- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਰਕਾਰੀ ਸੀਨ ੀਅਰ ਸੈਕੰਡਰੀ

ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਲੀਣਾ ਦੇ ਉਹ ਵਿਦਿਆਰਥੀ, ਜਿਨ੍ਹਾਂ ਨੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਟੇਟ ਪੱਧਰੀ ਖੇਡਾਂ ਲਈ ਆਪਣੀ ਜਗ੍ਹਾ ਬਣਾਈ ਹੈ, ਦੀ ਹੌਂਸਲਾ ਅਫ਼ਜ਼ਾਈ ਲਈ ਸਕੂਲ ਵਿਖੇ ਵਿਸ਼ੇਸ਼ ਉਪਰਾਲਾ ਕੀਤਾ ਗਿਆ। ਸਕੂਲ ਦੇ ਡੀਪੀਈ ਇਕਬਾਲ ਸਿੰਘ ਨੇ ਆਪਣੀ ਨੇਕ ਕਮਾਈ ’ਚੋਂ ਸਟੇਟ ਖੇਡਾਂ ਵਿਚ ਭਾਗ ਲੈਣ ਜਾ ਰਹੇ 8 ਖਿਡਾਰੀਆਂ ਨੂੰ ਇਕ-ਇਕ ਕਿੱਲੋ ਦੇਸੀ ਘਿਓ ਦਾ ਡੱਬਾ ਦੇ ਕੇ ਉਨ੍ਹਾਂ ਦੀ ਹੌਂਸਲਾ ਅਫ਼ਜ਼ਾਈ ਕੀਤੀ। ਇਸ ਮੌਕੇ ਰਿਟਾਇਰਡ ਲੈਕਚਰਾਰ ਕੁਲਬੀਰ ਸਿੰਘ ਸਲੀਣਾ ਨੇ ਵਿਦਿਆਰਥੀਆਂ ਨੂੰ ਖੇਡਾਂ ਨਾਲ ਸਬੰਧਤ ਜ਼ਰੂਰੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਸਟੇਟ ਪੱਧਰ ਲਈ ਚੁਣੇ ਜਾਣ ’ਤੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਨੇ ਬੱਚਿਆਂ ਨੂੰ ਸਟੇਟ ਪੱਧਰ ’ਤੇ ਵੀ ਮਿਹਨਤ ਅਤੇ ਲਗਨ ਨਾਲ ਖੇਡਦਿਆਂ ਸਕੂਲ ਅਤੇ ਆਪਣੇ ਪਿੰਡ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਸਕੂਲ ਦੀ ਪ੍ਰਿੰਸੀਪਲ ਗੁਰਪ੍ਰੀਤ ਕੌਰ ਨੇ ਇਸ ਉਪਰਾਲੇ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸਕੂਲ ਦੇ ਵਿਦਿਆਰਥੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿੱਚ ਵੀ ਲਗਾਤਾਰ ਅੱਗੇ ਵੱਧ ਰਹੇ ਹਨ। ਉਨ੍ਹਾਂ ਨੇ ਸਟੇਟ ਖੇਡਾਂ ਲਈ ਚੁਣੇ ਗਏ ਸਾਰੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਖੇਡਾਂ ਨਾਲ ਸਬੰਧਤ ਅਧਿਆਪਕਾਂ ਨੂੰ ਵਧਾਈ ਦਿੱਤੀ। ਇਸ ਮੌਕੇ ਇਕਬਾਲ ਸਿੰਘ ਡੀਪੀਈ ਨੇ ਕਿਹਾ ਕਿ ਬੱਚਿਆਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਨੂੰ ਉਤਸ਼ਾਹਿਤ ਕਰਨ ਲਈ ਉਹ ਅੱਗੇ ਵੀ ਆਪਣਾ ਯੋਗਦਾਨ ਪਾਉਂਦੇ ਰਹਿਣਗੇ। ਸਕੂਲ ਸਟਾਫ਼ ਅਤੇ ਪਿੰਡ ਵਾਸੀਆਂ ਨੇ ਡੀਪੀਈ ਇਕਬਾਲ ਸਿੰਘ ਵੱਲੋਂ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਪਿੰਡ ਵਾਸੀਆਂ ਨੇ ਕਿਹਾ ਕਿ ਅਜਿਹੇ ਉਪਰਾਲਿਆਂ ਨਾਲ ਵਿਦਿਆਰਥੀਆਂ ਵਿੱਚ ਖੇਡਾਂ ਪ੍ਰਤੀ ਰੁਚੀ ਵਧਦੀ ਹੈ ਅਤੇ ਉਨ੍ਹਾਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਲਈ ਹੋਰ ਉਤਸ਼ਾਹ ਮਿਲਦਾ ਹੈ। ਇਸ ਮੌਕੇ ਸਕੂਲ ਦਾ ਸਮੁੱਚਾ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।