ਹਲਕਾ ਧਰਮਕੋਟ ਦੇ ਹਰ ਪਿੰਡ ਤੱਕ ਪਹੁੰਚੇਗਾ ਵਿਕਾਸ : ਮਸਤੇਵਾਲਾ
ਹਲਕਾ ਧਰਮਕੋਟ ਦੇ ਪਿੰਡਾਂ ਨੂੰ ਵਿਕਾਸ
Publish Date: Wed, 01 Apr 2026 06:15 PM (IST)
Updated Date: Thu, 02 Apr 2026 04:07 AM (IST)

ਗੁਰਦੇਵ ਮਨੇਸ ਪੰਜਾਬੀ ਜਾਗਰਣ, ਕੋਟ ਈਸੇ ਖਾਂ: ਹਲਕਾ ਧਰਮਕੋਟ ਦੇ ਪਿੰਡਾਂ ਨੂੰ ਵਿਕਾਸ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ ਅਤੇ ਹਰ ਪਿੰਡ ਵਿਚ ਬੁਨਿਆਦੀ ਸਹੂਲਤਾਂ ਨੂੰ ਯਕੀਨੀ ਬਣਾਉਣਾ ਸਰਕਾਰ ਦੀ ਪਹਿਲ ਹੈ। ਇਹ ਗੱਲ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਜੀਤ ਕੋਰ ਸਿੱਧੂ ਮਸਤੇਵਾਲਾ ਨੇ ਪੰਜਾਬੀ ਜਾਗਰਣ ਦੇ ਪੱਤਰਕਾਰ ਨਾਲ ਵਿਸ਼ੇਸ਼ ਮੁਲਾਕਾਤ ਦੌਰਾਨ ਕਹੀ। ਉਨ੍ਹਾਂ ਕਿਹਾ ਕਿ ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਦੀ ਸੋਚ ਬਿਲਕੁਲ ਸਪੱਸ਼ਟ ਹੈ ਕਿ ਧਰਮਕੋਟ ਹਲਕੇ ਨੂੰ ਵਿਕਾਸ ਦੇ ਮਾਮਲੇ ਵਿਚ ਸੂਬੇ ਦੇ ਅੱਗੇ ਲਿਆਂਦਾ ਜਾਵੇ। ਇਸ ਮਨੋਰਥ ਨੂੰ ਸਾਕਾਰ ਕਰਨ ਲਈ ਪਿੰਡਾਂ ਵਿਚ ਸੜਕਾਂ ਦੀ ਮੁਰੰਮਤ, ਨਵੀਆਂ ਗਲੀਆਂ ਅਤੇ ਨਾਲੀਆਂ ਦਾ ਨਿਰਮਾਣ ਤੇਜ਼ੀ ਨਾਲ ਕਰਵਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਪੀਣ ਵਾਲੇ ਸਾਫ਼ ਪਾਣੀ ਦੀ ਉੱਪਲਬਧਤਾ ਯਕੀਨੀ ਬਣਾਉਣ ਲਈ ਵੀ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਹਰਜੀਤ ਕੋਰ ਸਿੱਧੂ ਨੇ ਦੱਸਿਆ ਕਿ ਸਿੱਖਿਆ ਅਤੇ ਸਿਹਤ ਖ਼ੇਤਰ ਵਿਚ ਵੀ ਵੱਡੇ ਪੱਧਰ ’ਤੇ ਸੁਧਾਰ ਲਿਆਂਦੇ ਜਾ ਰਹੇ ਹਨ। ਸਰਕਾਰੀ ਸਕੂਲਾਂ ਵਿਚ ਢਾਂਚਾਗਤ ਸੁਵਿਧਾਵਾਂ ਵਧਾਈਆਂ ਜਾ ਰਹੀਆਂ ਹਨ ਜਦਕਿ ਸਿਹਤ ਕੇਂਦਰਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ ਤਾਂ ਜੋ ਪਿੰਡਾਂ ਦੇ ਲੋਕਾਂ ਨੂੰ ਘਰ ਦੇ ਨੇੜੇ ਹੀ ਬਿਹਤਰ ਸੇਵਾਵਾਂ ਮਿਲ ਸਕਣ। ਉਨ੍ਹਾਂ ਅੱਗੇ ਕਿਹਾ ਕਿ ਪਿੰਡਾਂ ਦੇ ਲੋਕਾਂ ਦੀਆਂ ਮੁੱਢਲੀਆਂ ਜ਼ਰੂਰਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਹੀ ਵਿਕਾਸ ਕਾਰਜ਼ਾਂ ਨੂੰ ਤਰਜ਼ੀਹ ਦਿੱਤੀ ਜਾ ਰਹੀ ਹੈ। ਸਰਕਾਰ ਦੀਆਂ ਵੱਖ-ਵੱਖ ਭਲਾਈ ਯੋਜਨਾਵਾਂ ਦਾ ਲਾਭ ਹਰ ਵਰਗ ਤੱਕ ਪਹੁੰਚਾਇਆ ਜਾ ਰਿਹਾ ਹੈ ਅਤੇ ਕਿਸੇ ਵੀ ਪਿੰਡ ਨਾਲ ਕਿਸੇ ਤਰ੍ਹਾਂ ਦਾ ਭੇਦਭਾਵ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਨੇ ਨੌਜਵਾਨਾਂ ਬਾਰੇ ਗੱਲ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇ ਵਧੀਆ ਮੌਕੇ ਮੁਹੱਈਆ ਕਰਵਾਉਣ ਲਈ ਯਤਨ ਜਾਰੀ ਹਨ। ਸਰਕਾਰੀ ਨੌਕਰੀਆਂ ਵਿਚ ਭਰਤੀਆਂ ਪਾਰਦਰਸ਼ੀ ਢੰਗ ਨਾਲ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਯੋਗ ਉਮੀਦਵਾਰਾਂ ਨੂੰ ਉਨ੍ਹਾਂ ਦਾ ਹੱਕ ਮਿਲ ਸਕੇ। ਉਨ੍ਹਾਂ ਕਿਹਾ ਕਿ ਹਲਕਾ ਧਰਮਕੋਟ ਦੇ ਹਰ ਪਿੰਡ ਵਿਚ ਬਰਾਬਰ ਵਿਕਾਸ ਕਰਵਾ ਕੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉੱਤਰਨਾ ਹੀ ਉਨ੍ਹਾਂ ਦਾ ਮੁੱਖ ਲਕਸ਼ ਹੈ ਅਤੇ ਇਸ ਦਿਸ਼ਾ ਵਿਚ ਲਗਾਤਾਰ ਕੰਮ ਜਾਰੀ ਹਨ।