ਜ਼ਿਲ੍ਹਾ ਪੱਧਰੀ ਤਿੰਨ ਰੋਜ਼ਾ ਟ੍ਰੇਨਿੰਗ ਸਫ਼ਲਤਾਪੂਰਵਕ ਹੋਈ
ਸਿਹਤ ਅਤੇ ਪਰਿਵਾਰ ਭਲਾਈ ਵਿਭਾਗ
Publish Date: Sun, 22 Mar 2026 03:27 PM (IST)
Updated Date: Mon, 23 Mar 2026 04:01 AM (IST)

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਮੋਗਾ: ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਹੁਕਮਾਂ ਅਨੁਸਾਰ ਅਤੇ ਸਿਵਲ ਸਰਜਨ ਮੋਗਾ ਡਾ. ਰਮਨਦੀਪ ਸਿੰਗਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਪਰਿਵਾਰ ਅਫ਼ਸਰ ਡਾ. ਰੀਤੂ ਜੈਨ ਦੀ ਯੋਗ ਅਗਵਾਈ ਹੇਠ ਕਮਿਊਨਿਟੀ ਹੈਲਥ ਅਫ਼ਸਰਾਂ ਲਈ ਮੂੰਹ, ਛਾਤੀ ਅਤੇ ਗਰਭਾਸਥਾ ਦੇ ਕੈਂਸਰ ਦੀ ਸਕ੍ਰੀਨਿੰਗ ਦੀ ਮਹੱਤਤਾ ਸਬੰਧੀ ਤੀਜੇ ਦਿਨ ਦੀ ਟ੍ਰੇਨਿੰਗ ਵਰਕਸ਼ਾਪ ਸਫ਼ਲਤਾਪੂਰਵਕ ਸਮਾਪਤ ਕੀਤੀ ਗਈ। ਇਸ ਮੌਕੇ ਸਿਵਲ ਸਰਜਨ ਮੋਗਾ ਡਾ. ਰਮਨਦੀਪ ਸਿੰਗਲਾ ਨੇ ਇਸ ਵਰਕਸ਼ਾਪ ਦੌਰਾਨ ਸਿਹਤ ਵਿਭਾਗ ਦੇ ਮਾਹਿਰਾਂ ਵੱਲੋਂ ਸੀਐੱਚਓਜ਼ ਨੂੰ ਮੂੰਹ ਦੇ ਕੈਂਸਰ, ਬ੍ਰੈਸਟ ਕੈਂਸਰ ਅਤੇ ਸਰਵਾਈਕਲ ਕੈਂਸਰ ਦੀ ਸ਼ੁਰੂਆਤੀ ਪਹਿਚਾਣ ਅਤੇ ਸਮੇਂ ਸਿਰ ਸਕ੍ਰੀਨਿੰਗ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੂੰ ਇਹ ਵੀ ਦੱਸਿਆ ਗਿਆ ਕਿ ਕਿਵੇਂ ਪਿੰਡ ਪੱਧਰ ’ਤੇ ਲੋਕਾਂ ਵਿਚ ਜਾਗਰੂਕਤਾ ਫ਼ੈਲਾਅ ਕੇ ਇਨ੍ਹਾਂ ਬਿਮਾਰੀਆਂ ਨੂੰ ਸ਼ੁਰੂਆਤੀ ਦੌਰ ਵਿਚ ਹੀ ਪਤਾ ਲਗਾਇਆ ਜਾ ਸਕਦਾ ਹੈ, ਜਿਸ ਨਾਲ ਇਲਾਜ ਹੋਰ ਵੀ ਪ੍ਰਭਾਵਸ਼ਾਲੀ ਬਣ ਸਕਦਾ ਹੈ। ਇਸ ਮੌਕੇ ਡਾ. ਰੀਤੂ ਜੈਨ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਮੋਗਾ ਨੇ ਦੱਸਿਆ ਕਿ ਕੈਂਸਰ ਦੀ ਸਮੇਂ ਸਿਰ ਪਹਿਚਾਣ ਜ਼ਿੰਦਗੀਆਂ ਬਚਾਉਣ ਵਿਚ ਅਹਿਮ ਭੂਮਿਕਾ ਨਿਭਾਉਂਦੀ ਹੈ। ਉਨ੍ਹਾਂ ਨੇ ਸੀਐੱਚਓਜ਼ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਪਣੇ ਸਿਹਤ ਕੇਂਦਰਾਂ ਵਿਚ ਵੱਧ ਤੋਂ ਵੱਧ ਲੋਕਾਂ ਦੀ ਸਕ੍ਰੀਨਿੰਗ ਯਕੀਨੀ ਬਣਾਉਣ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਅੱਗੇ ਆਉਣ। ਇਸ ਮੌਕੇ ’ਤੇ ਹਾਜ਼ਰ ਸਾਰੇ ਸਿਹਤ ਕਰਮਚਾਰੀਆਂ ਨੇ ਟ੍ਰੇਨਿੰਗ ਨੂੰ ਬਹੁਤ ਹੀ ਲਾਭਕਾਰੀ ਕਰਾਰ ਦਿੱਤਾ। ਇਸ ਮੌਕੇ ਪਰਵੀਨ ਸ਼ਰਮਾ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਅਤੇ ਹੋਰ ਅਧਿਕਾਰੀ ਕਰਮਚਾਰੀ ਵੀ ਹਾਜ਼ਰ ਸਨ।