- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਿਲ੍ਹਾ ਮੈਜਿਸਟ੍ਰੇਟ-ਕਮ ਡਿਪਟੀਡੀਸੀ ਸਾਗਰ ਸੇਤੀਆ।

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਮੋਗਾ: ਜ਼ਿਲ੍ਹਾ ਮੈਜਿਸਟ੍ਰੇਟ-ਕਮ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਮੋਗਾ ਵਿਚ ਲਾਊਡ ਸਪੀਕਰਾਂ ਦੀ ਵਰਤੋਂ, ਆਰਕੈਸਟਰਾ ਅਤੇ ਦੂਜੇ ਆਵਾਜ਼ ਸਬੰਧੀ ਪ੍ਰਦੂਸ਼ਣ ਪੈਦਾ ਕਰਨ ਵਾਲੇ ਯੰਤਰਾਂ ਦੀ ਵਰਤੋਂ ’ਤੇ ਪਾਬੰਦੀ ਲਗਾਈ ਗਈ ਹੈ। ਇਨ੍ਹਾਂ ਪਾਬੰਦੀ ਆਦੇਸ਼ਾਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਕੋਈ ਵੀ ਵਿਅਕਤੀ ਸ਼ੋਰ ਪ੍ਰਦੂਸ਼ਣ ਰੈਗੂਲੇਸ਼ਨ ਐਂਡ ਕੰਟਰੋਲ ਰੂਲਜ਼ 2000 ’ਚ ਉਪਬੰਧਾਂ ਦੇ ਅਨੁਸਾਰ ਸਮਰੱਥ ਅਧਿਕਾਰੀ ਦੀ ਲਿਖ਼ਤੀ ਮਨਜ਼ੂਰੀ ਤੋਂ ਬਿਨ੍ਹਾਂ ਕਿਸੇ ਵੀ ਅਜਿਹੇ ਯੰਤਰ ਜਾਂ ਸ਼ੋਰ ਪ੍ਰਦੂਸ਼ਣ ਪੈਦਾ ਕਰਨ ਵਾਲੀ ਸਮੱਗਰੀ ਦੀ ਵਰਤੋਂ ਨਹੀਂ ਕਰੇਗਾ, ਜਿਸਦੀ ਆਵਾਜ਼ ਉਸਦੀ ਹਦੂਦ ਤੋਂ ਬਾਹਰ ਸੁਣਦੀ ਹੋਵੇ ਪਰ ਇਹ ਹੁਕਮ ਉਨ੍ਹਾਂ ਲਾਊਡ ਸਪੀਕਰਾਂ ’ਤੇ ਲਾਗੂ ਨਹੀਂ ਹੋਵੇਗਾ ਜਿਨ੍ਹਾਂ ਦੀ ਵਰਤੋਂ ਸਰਕਾਰੀ ਮੰਤਵ ਲਈ ਕੀਤੀ ਜਾਂਦੀ ਹੈ। ਆਰਕੈਸਟਰਾ ਬੈਂਡ, ਡੀਜੇ ਅਤੇ ਲਾਊਡ ਸਪੀਕਰ/ਐਂਪਲੀਫਾਇਰ/ਢੋਲ, ਡਰੱਮ ਅਤੇ ਹੋਰ ਕਿਸੇ ਵੀ ਤਰ੍ਹਾਂ ਦੇ ਆਵਾਜ਼ ਪੈਦਾ ਕਰਨ ਵਾਲੇ ਯੰਤਰਾਂ ਨੂੰ ਵਜਾਉਣ ’ਤੇ (ਜਨ ਹਿੱਤ ਐਮਰਜੈਂਸੀ ਦੇ ਹਾਲਾਤ ਛੱਡ ਕੇ) ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਪੂਰੀ ਪਾਬੰਦੀ ਹੋਵੇਗੀ। ਸਵੇਰੇ 6 ਵਜੇ ਤੋਂ ਰਾਤ 10 ਵਜੇ ਤੱਕ ਜੇਕਰ ਕਿਸੇ ਨੇ ਲਾਊਡ ਸਪੀਕਰ ਚਲਾਉਣਾ ਹੈ ਤਾਂ ਉਹ ਕੇਵਲ ਸਬੰਧਤ ਉਪ ਮੰਡਲ ਮੈਜਿਸਟ੍ਰੇਟ ਦੀ ਮਨਜੂਰੀ ਉਪਰੰਤ ਹੀ ਚਲਾਇਆ ਜਾ ਸਕੇਗਾ। ਕਿਸੇ ਵੀ ਥਾਂ ’ਤੇ ਚਲਾਏ ਜਾ ਰਹੇ ਲਾਊਡ ਸਪੀਕਰ, ਪਬਲਿਕ ਐਡਰੈੱਸ ਸਿਸਟਮ ਆਦਿ ਦੀ ਆਵਾਜ਼ ਦੀ ਸੀਮਾ 10 ਡੀਬੀ (ਏ) ਅਤੇ 75 ਡੀਬੀ (ਏ) (ਸਬੰਧਤ ਜਗ੍ਹਾ ਦੇ ਆਵਾਜ਼ੀ ਸਟੈਂਡਰ ਅਨੁਸਾਰ) ਤੋਂ ਵੱਧ ਨਹੀਂ ਹੋਵੇਗੀ। ਇਹ ਹੁਕਮ ਸਾਰੇ ਅਦਾਰਿਆਂ ’ਤੇ ਲਾਗੂ ਹੋਵੇਗਾ। ਰਾਤ ਦੇ 10 ਵਜੇ ਤੋਂ ਸਵੇਰੇ 6 ਵਜੇ ਤੱਕ ਸ਼ੋਰ ਪੈਦਾ ਕਰਨ ਵਾਲੇ ਪਟਾਖ਼ਿਆਂ ਨੂੰ ਚਲਾਉਣ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਜਾਂਦੀ ਹੈ। ਇਹ ਪਾਬੰਦੀ ਕੇਵਲ ਰੰਗ ਪੈਦਾ ਕਰਨ ਵਾਲੇ ਪਟਾਖ਼ਿਆਂ ’ਤੇ ਲਾਗੂ ਨਹੀਂ ਹੋਵੇਗੀ। ਪਰੈਸ਼ਰ ਹਾਰਨ/ਹੂਟਰ ਅਤੇ ਹੋਰ ਅਜਿਹੇ ਜ਼ਿਆਦਾ ਆਵਾਜ਼ ਪੈਦਾ ਕਰਨ ਵਾਲੇ ਹਾਰਨ (ਨਿਰਧਾਰਤ ਸੀਮਾ ਤੋਂ ਵੱਧ) ਨੂੰ ਵਜਾਉਣ ’ਤੇ ਪੂਰਨ ਤੌਰ ’ਤੇ ਪਾਬੰਦੀ ਹੋਵੇਗੀ। ਮੈਰਿਜ ਪੈਲਿਸਾਂ ਵਿਚ ਲਾਊਡ ਸਪੀਕਰਾਂ ਦੀ ਆਵਾਜ਼ ਮੈਰਿਜ ਪੈਲਸ ਤੋਂ ਬਾਹਰ ਨਹੀਂ ਜਾਣੀ ਚਾਹੀਦੀ। ਜੇਕਰ ਇਸ ਦੀ ਉਲੰਘਣਾ ਹੋਵੇਗੀ ਤਾਂ ਸਬੰਧਤ ਆਰਕੈਸਟਰਾ, ਡੀਜੇ ਅਤੇ ਮੈਰਿਜ ਪੈਲੇਸ ਆਦਿ ਸਾਰਿਆਂ ਦੇ ਖ਼ਿਲਾਫ ਕਾਰਵਾਈ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲਾਊਡ ਸਪੀਕਰਾਂ ਕਾਰਨ ਬਿਰਧ ਅਤੇ ਬਿਮਾਰ ਵਿਅਕਤੀਆਂ ਅਤੇ ਪੜ੍ਹਾਈ ਵਾਲੇ ਵਿਦਿਆਰਥੀਆਂ ਆਦਿ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਸ਼ੋਰ ਸ਼ਰਾਬਾ ਅਤੇ ਪ੍ਰਦੂਸ਼ਣ ਦੇ ਫਲਸਰੂਪ ਆਮ ਲੋਕਾਂ ਦੀ ਮਾਨਸਿਕਤਾ ਅਤੇ ਬੱਚਿਆਂ ਦੀ ਸਿਹਤ ਉੱਤੇ ਪੈਂਦੇ ਭੈੜੇ ਅਸਰ ਤੋਂ ਇਲਾਵਾ ਅਣਅਧਿਕਾਰਤ ਤੌਰ ’ਤੇ ਚਲਾਏ ਜਾ ਰਹੇ ਲਾਊਡ ਸਪੀਕਰਾਂ ਕਾਰਨ ਉਤਪੰਨ ਹੋਣ ਵਾਲੀ ਸੰਭਾਵੀ ਕਾਨੂੰਨੀ ਵਿਵਸਥਾ ਨੂੰ ਧਿਆਨ ਵਿਚ ਰੱਖਦਿਆਂ ਇਹ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ 30 ਅਪ੍ਰੈਲ 2026 ਤੱਕ ਲਾਗੂ ਰਹਿਣਗੇ।