- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਾਮਵਰ ਸਿੱਖਿਆ ਸੰਸਥਾ ਦਸਮੇਸ਼

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਮੋਗਾ: ਨਾਮਵਰ ਸਿੱਖਿਆ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਵਿਖੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਉਤਸ਼ਾਹ ਪੂਰਬਕ ਮਨਾਇਆ ਗਿਆ। ਸਕੂਲ ਪ੍ਰਬੰਧਕਾਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਿਛਲੇ ਵਰ੍ਹਿਆਂ ਦੀ ਤਰ੍ਹਾਂ ਹੀ ਰੌਸ਼ਨੀਆਂ ਤੇ ਖ਼ੁਸ਼ੀਆਂ ਦੇ ਇਸ ਤਿਉਹਾਰ ਨੂੰ ਪ੍ਰਦੂਸ਼ਣ ਮੁਕਤ ਮਨਾਉਣ ’ਤੇ ਸਖ਼ਤੀ ਨਾਲ ਪਹਿਰਾ ਦਿੱਤਾ ਗਿਆ। ਵਿਦਿਆਰਥੀਆਂ ਨੇ ਸਾਰੇ ਕਮਰਿਆਂ ਨੂੰ ਰੰਗੋਲੀ ਦੇ ਦਿਲਕਸ਼ ਰੰਗਾਂ ਅਤੇ ਦੀਵਿਆਂ ਨਾਲ ਮਹਿਕਣ ਤੇ ਟਹਿਕਣ ਲਗਾ ਦਿੱਤਾ। ਵੱਖ-ਵੱਖ ਕਲਾਸਾਂ ਦੇ ਸ਼੍ਰੇਣੀ ਕਮਰੇ ਇਕ ਦੂਜੇ ਨਾਲੋਂ ਵੱਧ ਸਿੰਗਾਰੇ ਹੋਏ ਜਾਪਦੇ ਸਨ। ਪ੍ਰਿੰਸੀਪਲ ਗੁਰਪ੍ਰੀਤ ਕੌਰ, ਮੀਨਾ ਜੈਨ ਅਤੇ ਗੁਰਚਰਨ ਸਿੰਘ ਰਾਮਾਂ ਦੀ ਅਗਵਾਈ ਹੇਠ ਸਾਰੇ ਸਟਾਫ਼ ਨੇ ਵੱਖ-ਵੱਖ ਹਾਊਸਾਂ ਦੇ ਹੋਣਹਾਰ ਵਿਦਿਆਰਥੀਆਂ ਦੀ ਕਲਾ ਦੀ ਸਰਾਹਣਾ ਕਰਦਿਆਂ ਉਨ੍ਹਾਂ ਦੀ ਹੌਂਸਲਾ-ਅਫ਼ਜ਼ਾਈ ਕੀਤੀ। ਮੈਨੇਜਿੰਗ ਡਾਇਰੈਕਟਰ ਪ੍ਰਿੰਸੀਪਲ ਮਹਿੰਦਰ ਕੌਰ ਢਿੱਲੋਂ ਅਤੇ ਬਾਨੀ ਪ੍ਰਿੰਸੀਪਲ ਭੁਪਿੰਦਰ ਸਿੰਘ ਢਿੱਲੋਂ ਨੇ ਸਾਰੇ ਸਟਾਫ਼ ਅਤੇ ਵਿਦਿਆਰਥੀਆਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਮੁਬਾਰਕਾਂ ਦਿੰਦਿਆਂ ਕਿਹਾ ਕਿ ਲੋੜ ਹੈ ਅਸੀਂ ਆਪਣੇ ਅੰਦਰ ਵੀ ਗਿਆਨ ਦਾ ਉਜ਼ਾਲਾ ਕਰੀਏ ਅਤੇ ਅੰਧਕਾਰ, ਅੰਧਵਿਸ਼ਵਾਸ ਤੇ ਹੋਰ ਸਮਾਜਿਕ ਅਲਾਮਤਾਂ ਦੇ ਖ਼ਾਤਮੇ ਦਾ ਤਹੱਈਆ ਕਰਕੇ ਸੋਹਣੇ ਸਮਾਜ ਦੀ ਸਿਰਜਣਾ ’ਚ ਆਪਣਾ ਯੋਗਦਾਨ ਪਾਈਏ। ਉਨ੍ਹਾਂ ਨੇ ਬੱਚਿਆਂ ਨੂੰ ਕਲੀਨ ਤੇ ਗ੍ਰੀਨ ਦੀਵਾਲੀ ਮਨਾ ਕੇ ਦੂਸ਼ਿਤ ਹੋ ਰਹੇ ਵਾਤਾਵਰਣ ਨੂੰ ਬਚਾਉਣ ਦਾ ਸੰਦੇਸ਼ ਦਿੱਤਾ। ਪ੍ਰਿੰਸੀਪਲ ਗੁਰਪ੍ਰੀਤ ਕੌਰ ਅਤੇ ਹੋਰ ਸੀਨੀਅਰ ਅਧਿਆਪਕਾਂ ਨੇ ਦੀਵਾਲੀ ਦੇ ਇਤਿਹਾਸਕ ਪਿਛੋਕੜ ਅਤੇ ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ ਗਵਾਲੀਅਰ ਦੇ ਕਿਲ੍ਹੇ ਦੀ ਕੈਦ ’ਚੋਂ 52 ਰਾਜਿਆਂ ਨੂੰ ਰਿਹਾਅ ਕਰਵਾ ਕੇ ਬੰਦੀ ਛੋੜ ਅਖਵਾਉਣ ਦੇ ਮਾਨਵਵਾਦੀ ਇਤਿਹਾਸ ਤੇ ਵਿਸਥਾਰਤ ਰੌਸ਼ਨੀ ਪਾਈ। ਇਸ ਸਮੇਂ ਸਰਬੱਤ ਦੇ ਭਲੇ ਦੀ ਕਾਮਨਾ ਕਰਦਿਆਂ ਸਭ ਨੂੰ ਸ਼ੁਭਕਾਮਨਾਵਾਂ ਵੀ ਦਿੱਤੀਆਂ।