ਟੀਐੱਲਐੱਫ਼ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਸ਼ਹਿਰ ਦੀ ਪ੍ਰਮੁੱਖ ਸਿੱਖਿਆ ਸੰਸਥਾ
Publish Date: Mon, 09 Nov 2026 04:05 PM (IST)
Updated Date: Mon, 09 Nov 2026 04:05 PM (IST)
ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਸ਼ਹਿਰ ਦੀ ਪ੍ਰਮੁੱਖ ਸਿੱਖਿਆ ਸੰਸਥਾ ਦਿ ਲਰਨਿੰਗ ਫੀਲਡ ਏ ਗਲੋਬਲ ਸਕੂਲ ਟੀਐੱਲਐੱਫ਼ ਦੀ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਪ੍ਰਵੀਣ ਗਰਗ, ਚੇਅਰਮੈਨ ਇੰਜੀ. ਜਨੇਸ਼ ਗਰਗ ਅਤੇ ਡਾਇਰੈਕਟਰ ਡਾ. ਮੁਸਕਾਨ ਗਰਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਸਕੂਲ ਵਿਖੇ ਬੰਦੀ ਛੋੜ ਦਿਵਸ ਅਤੇ ਦੀਵਾਲੀ ਦੇ ਪਵਿੱਤਰ ਮੌਕੇ ਤੇ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਬੜੇ ਉਤਸ਼ਾਹ ਅਤੇ ਸ਼ਰਧਾ ਨਾਲ ਕੀਤਾ ਗਿਆ। ਸਮਾਗਮ ਦੀ ਸ਼ੁਰੂਆਤ ਸਕੂਲ ਦੀ ਪ੍ਰਾਰਥਨਾ ਨਾਲ ਹੋਈ। ਇਸ ਤੋਂ ਬਾਅਦ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ, ਅੱਜ ਦਾ ਵਿਚਾਰ ਅਤੇ ਅੱਜ ਦਾ ਸ਼ਬਦ ਪੇਸ਼ ਕੀਤਾ ਗਿਆ। ਇਸ ਉਪਰੰਤ ਵਿਦਿਆਰਥੀਆਂ ਨੇ ਖ਼ਬਰਾਂ ਪੜ੍ਹੀਆਂ, ਜਿੰਨ੍ਹਾਂ ਵਿਚ ਦੇਸ਼ ਭਰ ਵਿੱਚ ਦੀਵਾਲੀ ਦੇ ਜਸ਼ਨਾਂ, ਮੋਗਾ ਦੇ ਬਾਜ਼ਾਰਾਂ ਦੀ ਖੂਬਸੂਰਤ ਸਜਾਵਟ ਅਤੇ ਸਕੂਲ ਵਿੱਚ ਕਰਵਾਏ ਗਏ ਅੰਤਰ-ਕਲਾਸ ਕਮਰਾ ਸਜਾਵਟ ਮੁਕਾਬਲੇ ਨਾਲ ਸਬੰਧਤ ਖ਼ਬਰਾਂ ਸ਼ਾਮਲ ਸਨ। ਇਸ ਮੁਕਾਬਲੇ ਵਿੱਚ ਸਾਰੀਆਂ ਕਲਾਸਾਂ ਦੇ ਵਿਦਿਆਰਥੀਆਂ ਨੇ ਦੀਵਿਆਂ, ਮੋਮਬੱਤੀਆਂ, ਰੰਗੋਲੀਆਂ, ਤੋਰਨਾਂ, ਕਾਗਜ਼ ਦੀਆਂ ਲਾਲਟੈਣਾਂ, ਰੰਗ-ਬਿਰੰਗੇ ਚਾਰਟਾਂ ਅਤੇ ਪੋਸਟਰਾਂ ਨਾਲ ਆਪਣੇ ਕਲਾਸਰੂਮਾਂ ਨੂੰ ਬਹੁਤ ਹੀ ਸੁੰਦਰ ਢੰਗ ਨਾਲ ਸਜਾਇਆ। ਕਲਾਸਾਂ ਵਿਚ ਰੌਸ਼ਨੀ, ਰੰਗਾਂ ਅਤੇ ਤਿਉਹਾਰਾਂ ਦਾ ਮਨਮੋਹਕ ਮਾਹੌਲ ਦੇਖਣ ਨੂੰ ਮਿਲਿਆ। ਵਿਦਿਆਰਥੀਆਂ ਦੀ ਰਚਨਾਤਮਕਤਾ, ਸਮੂਹਿਕ ਯਤਨਾਂ ਅਤੇ ਮਿਹਨਤ ਦੀ ਭਰਪੂਰ ਸ਼ਲਾਘਾ ਕੀਤੀ ਗਈ। ਇਸ ਮੌਕੇ ਮੁਕਾਬਲੇ ਦੇ ਨਤੀਜੇ ਵੀ ਐਲਾਨੇ ਗਏ ਅਤੇ ਸ਼ਾਨਦਾਰ ਸਜਾਵਟ ਕਰਨ ਵਾਲੀਆਂ ਜੇਤੂ ਕਲਾਸਾਂ ਨੂੰ ਵਧਾਈ ਦਿੱਤੀ ਗਈ। ਇਸ ਤੋਂ ਬਾਅਦ ਵਿਦਿਆਰਥੀਆਂ ਨੇ ਬੰਦੀ ਛੋੜ ਦਿਵਸ ਅਤੇ ਦੀਵਾਲੀ ਦੇ ਮਹੱਤਵ ਬਾਰੇ ਆਪਣੇ ਵਿਚਾਰ ਪੇਸ਼ ਕੀਤੇ। ਉਨ੍ਹਾਂ ਨੇ ਪੰਜਾਬੀ ਸੱਭਿਆਚਾਰ, ਪਰੰਪਰਾਵਾਂ ਅਤੇ ਆਪਸੀ ਭਾਈਚਾਰੇ ਦੀ ਮਹੱਤਤਾ ਬਾਰੇ ਚਾਨਣਾ ਪਾਇਆ। ਵਿਦਿਆਰਥੀਆਂ ਨੇ ਦੱਸਿਆ ਕਿ ਬੰਦੀ ਛੋੜ ਦਿਵਸ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਗਵਾਲੀਅਰ ਦੇ ਕਿਲ੍ਹੇ ਤੋਂ 52 ਰਾਜਿਆਂ ਸਮੇਤ ਰਿਹਾਈ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ। ਇਹ ਪਵਿੱਤਰ ਦਿਹਾੜਾ ਸਾਨੂੰ ਆਜ਼ਾਦੀ, ਹਿੰਮਤ, ਦਇਆ ਅਤੇ ਦੂਜਿਆਂ ਦੀ ਮਦਦ ਕਰਨ ਦੀ ਪ੍ਰੇਰਣਾ ਦਿੰਦਾ ਹੈ। ਇਸ ਦੇ ਨਾਲ ਹੀ ਦੀਵਾਲੀ ਦਾ ਤਿਉਹਾਰ ਬੁਰਾਈ ਉੱਤੇ ਚੰਗਿਆਈ ਅਤੇ ਹਨੇਰੇ ਉੱਤੇ ਰੌਸ਼ਨੀ ਦੀ ਜਿੱਤ ਦਾ ਸੰਦੇਸ਼ ਦਿੰਦਾ ਹੈ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਸੁੰਦਰ ਦੀਵਾਲੀ ਗੀਤ ਅਤੇ ਕਵਿਤਾ ਪੇਸ਼ ਕਰਕੇ ਸਾਰਿਆਂ ਦਾ ਮਨ ਮੋਹ ਲਿਆ। ਅੰਤ ਵਿਚ ਸਕੂਲ ਪ੍ਰਬੰਧਕਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸੁਰੱਖਿਅਤ, ਸਾਫ਼-ਸੁਥਰੀ ਅਤੇ ਵਾਤਾਵਰਨ ਪੱਖੀ ਦੀਵਾਲੀ ਮਨਾਉਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਨੇ ਪਟਾਕਿਆਂ ਦੀ ਬਜਾਏ ਦੀਵੇ ਜਗਾਉਣ ਅਤੇ ਸਾਰਿਆਂ ਨਾਲ ਖੁਸ਼ੀਆਂ ਸਾਂਝੀਆਂ ਕਰਨ ਲਈ ਪ੍ਰੇਰਿਤ ਕੀਤਾ। ਸਮਾਗਮ ਦੀ ਸਮਾਪਤੀ ਪਿਆਰ, ਦਇਆ, ਸਦਭਾਵਨਾ ਅਤੇ ਹਰ ਪਾਸੇ ਖੁਸ਼ੀਆਂ ਦੀ ਰੌਸ਼ਨੀ ਫੈਲਾਉਣ ਦੇ ਸੰਦੇਸ਼ ਨਾਲ ਹੋਈ।