- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ

ਵਕੀਲ ਮਹਿਰੋਂ ਪੰਜਾਬੀ ਜਾਗਰਣ ਮੋਗਾ: ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਲੀਣਾ ਦੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਨੂੰ ਖੇਡ ਖੇਤਰ ਵਿਚ ਅੱਗੇ ਵਧਣ ਲਈ ਉਤਸ਼ਾਹਿਤ ਕਰਨ ਵਾਸਤੇ ਸਕੂਲ ਦੇ ਡੀਪੀਈ ਇਕਬਾਲ ਸਿੰਘ ਵੱਲੋਂ ਵਿਲੱਖਣ ਉਪਰਾਲਾ ਕੀਤਾ ਜਾ ਰਿਹਾ ਹੈ। ਇਸ ਸਾਲ ਸਟੇਟ ਪੱਧਰੀ ਖੇਡਾਂ ਲਈ ਚੁਣੇ ਗਏ 8 ਖਿਡਾਰੀਆਂ ਦਾ ਵਿਸ਼ੇਸ਼ ਸਨਮਾਨ ਕਰਦਿਆਂ ਡੀਪੀਈ ਇਕਬਾਲ ਸਿੰਘ ਆਪਣੀ ਨੇਕ ਕਮਾਈ ਵਿਚੋਂ 8 ਕਿੱਲੋ ਨੇਸਲੇ ਦੇਸੀ ਘਿਓ ਦੇਣਗੇ। ਉਨ੍ਹਾਂ ਕਿਹਾ ਕਿ ਇਸ ਸਾਲ ਵੀ ਵਿਦਿਆਰਥੀਆਂ ਨੂੰ ਖੇਡਾਂ ਵਿੱਚ ਵਧੀਆ ਪ੍ਰਦਰਸ਼ਨ ਕਰਨ ਲਈ ਉਤਸ਼ਾਹਿਤ ਕਰਨ ਵਾਸਤੇ ਵਿਸ਼ੇਸ਼ ਸਹੂਲਤ ਦਾ ਐਲਾਨ ਕੀਤਾ ਗਿਆ ਹੈ। ਸਟੇਟ ਪੱਧਰੀ ਮੁਕਾਬਲਿਆਂ ਵਿਚ ਪਹਿਲਾ ਅਤੇ ਦੂਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀ ਦੀ ਪੂਰੇ ਸਾਲ ਦੀ ਫੀਸ, ਜਦਕਿ ਤੀਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀ ਦੀ ਅੱਧੀ ਫੀਸ ਡੀਪੀਈ ਇਕਬਾਲ ਸਿੰਘ ਵੱਲੋਂ ਦਿੱਤੀ ਜਾਵੇਗੀ। ਡੀਪੀਈ ਇਕਬਾਲ ਸਿੰਘ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਨਾਲ ਜੋੜਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਉਹ ਵਿਦਿਆਰਥੀਆਂ ਨੂੰ ਲਗਾਤਾਰ ਪ੍ਰੇਰਿਤ ਕਰ ਰਹੇ ਹਨ ਤਾਂ ਜੋ ਉਹ ਖੇਡਾਂ ਦੇ ਖੇਤਰ ਵਿਚ ਆਪਣੀ ਪ੍ਰਤਿਭਾ ਨੂੰ ਨਿਖਾਰ ਸਕਣ ਅਤੇ ਸਕੂਲ, ਮਾਪਿਆਂ ਅਤੇ ਇਲਾਕੇ ਦਾ ਨਾਮ ਰੌਸ਼ਨ ਕਰ ਸਕਣ। ਜੇਤੂ ਵਿਦਿਆਰਥੀਆਂ ਨੂੰ ਦੇਸੀ ਘਿਓ ਦੇਣ ਦੇ ਨਾਲ-ਨਾਲ ਫੀਸ ਸਬੰਧੀ ਸਹੂਲਤ ਦੇਣ ਦਾ ਉਦੇਸ਼ ਵੀ ਬੱਚਿਆਂ ਦੀ ਹੌਸਲਾ ਅਫਜ਼ਾਈ ਕਰਨਾ ਹੈ। ਅੰਤ ਵਿਚ ਡੀਪੀਈ ਇਕਬਾਲ ਸਿੰਘ ਦੇ ਇਸ ਉਪਰਾਲੇ ਦੀ ਸਕੂਲ ਸਟਾਫ਼, ਪਿੰਡ ਵਾਸੀਆਂ, ਅਧਿਆਪਕ ਵਰਗ ਅਤੇ ਖਿਡਾਰੀਆਂ ਵੱਲੋਂ ਸ਼ਲਾਘਾ ਕੀਤੀ ਗਈ।