ਡਾ. ਅੰਮ੍ਰਿਤਪਾਲ ਸਿੰਘ ਨੇ ਮੁੱਖ ਖੇਤੀਬਾੜੀ ਅਫ਼ਸਰ ਦਾ ਅਹੁਦਾ ਸੰਭਾਲਿਆ
ਖੇਤੀਬਾੜੀ ਵਿਭਾਗ ਨੂੰ ਨਵੀਂ
Publish Date: Sat, 11 Apr 2026 03:22 PM (IST)
Updated Date: Sun, 12 Apr 2026 04:00 AM (IST)

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਮੋਗਾ: ਖੇਤੀਬਾੜੀ ਵਿਭਾਗ ਨੂੰ ਨਵੀਂ ਦਿਸ਼ਾ ਦੇਣ ਵੱਲ ਇਕ ਮਹੱਤਵਪੂਰਨ ਕਦਮ ਦੇ ਤੌਰ ’ਤੇ ਡਾ. ਅੰਮ੍ਰਿਤਪਾਲ ਸਿੰਘ ਨੇ ਮੁੱਖ ਖੇਤੀਬਾੜੀ ਅਫ਼ਸਰ ਵਜੋਂ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਦੇ ਹੀ ਉਨ੍ਹਾਂ ਨੇ ਵਿਭਾਗ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਪਲੇਠੀ ਮੀਟਿੰਗ ਕਰਕੇ ਕੰਮਕਾਜ ਵਿਚ ਪਾਰਦਰਸ਼ਤਾ ਅਤੇ ਜ਼ਿੰਮੇਵਾਰੀ ਯਕੀਨੀ ਬਣਾਉਣ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ। ਮੀਟਿੰਗ ਦੌਰਾਨ ਡਾ. ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਕਿਸਾਨਾਂ ਨਾਲ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਵਿਭਾਗ ਦੀਆਂ ਸੇਵਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾਵੇਗਾ। ਉਨ੍ਹਾਂ ਕਿਸਾਨ ਭਰਾਵਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਉਹ ਕੀਟਨਾਸ਼ਕ ਦਵਾਈਆਂ ਜਾਂ ਖਾਦ ਖ਼ਰੀਦਦੇ ਹਨ ਤਾਂ ਹਮੇਸ਼ਾ ਪੱਕਾ ਬਿੱਲ ਲੈਣ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇ ਕੋਈ ਵੀ ਡੀਲਰ ਬਿੱਲ ਦੇਣ ਤੋਂ ਇਨਕਾਰ ਕਰਦਾ ਹੈ ਤਾਂ ਉਸ ਖ਼ਿਲਾਫ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸਦੇ ਨਾਲ ਹੀ ਉਨ੍ਹਾਂ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਕਿ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਦਾ ਲਾਭ ਲੈਣ ਲਈ ਆਪਣੀ ਰਜਿਸਟਰੇਸ਼ਨ ਜ਼ਰੂਰ ਕਰਵਾਉਣ। ਉਨ੍ਹਾਂ ਕਿਹਾ ਕਿ ਰਜਿਸਟਰੇਸ਼ਨ ਹੋਣ ਨਾਲ ਹੀ ਕਿਸਾਨ ਕਿਸਾਨ ਨਿਧੀ ਯੋਜਨਾ ਅਤੇ ਹੋਰ ਸਬਸਿਡੀਆਂ ਦਾ ਪੂਰਾ ਫਾਇਦਾ ਲੈ ਸਕਦੇ ਹਨ, ਇਸ ਲਈ ਜਲਦ ਤੋਂ ਜਲਦ ਆਪਣਾ ਰਜਿਸਟਰੇਸ਼ਨ ਕਾਰਡ ਬਣਵਾਇਆ ਜਾਵੇ। ਇਸ ਮੌਕੇ ਸਾਬਕਾ ਬਲਾਕ ਅਫ਼ਸਰ ਡਾ. ਕੁਲਦੀਪ ਸਿੰਘ ਬੁੱਟਰ ਨੇ ਡਾ. ਅੰਮ੍ਰਿਤਪਾਲ ਸਿੰਘ ਨੂੰ ਨਵੇਂ ਅਹੁਦੇ ਦੀ ਮੁਬਾਰਕਬਾਦ ਦਿੰਦਿਆਂ ਬੁੱਕਾ ਭੇਟ ਕੀਤਾ ਅਤੇ ਭਵਿੱਖ ਵਿਚ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ। ਡਾ. ਅੰਮ੍ਰਿਤਪਾਲ ਸਿੰਘ ਦੇ ਅਹੁਦਾ ਸੰਭਾਲਣ ਨਾਲ ਮੋਗਾ ਜ਼ਿਲ੍ਹੇ ਵਿਚ ਖੇਤੀਬਾੜੀ ਵਿਭਾਗ ਦੇ ਕੰਮਕਾਜ ਵਿਚ ਤੇਜ਼ੀ, ਪਾਰਦਰਸ਼ਤਾ ਅਤੇ ਕਿਸਾਨ-ਹਿਤੀ ਪਹੁੰਚ ਹੋਰ ਮਜ਼ਬੂਤ ਹੋਣ ਦੀ ਉਮੀਦ ਜਤਾਈ ਜਾ ਰਹੀ ਹੈ। ਇਸ ਮੌਕੇ ਡਾ. ਕੁਲਦੀਪ ਸਿੰਘ ਆਦਿ ਹਾਜ਼ਰ ਸਨ।