- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼ਹਿਰ ਦੀ ਪ੍ਰਮੁੱਖ ਸਿੱਖਿਆ ਸੰਸਥਾ

ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਸ਼ਹਿਰ ਦੀ ਪ੍ਰਮੁੱਖ ਸਿੱਖਿਆ ਸੰਸਥਾ ਡਾ. ਸੈਫੂਦੀਨ ਕਿਚਲੂ ਪਬਲਿਕ ਸਕੂਲ, ਮੋਗਾ ਵਿਖੇ ਦੀਵਾਲੀ ਦਾ ਪਵਿੱਤਰ ਤਿਉਹਾਰ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਕੈਂਪਸ ਵਿਚ ਵਿਦਿਆਰਥੀਆਂ ਲਈ ਵੱਖ-ਵੱਖ ਰਚਨਾਤਮਕ ਗਤੀਵਿਧੀਆਂ ਅਤੇ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ। ਪ੍ਰੋਗਰਾਮ ਤਹਿਤ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਬੇਕਾਰ ਵਸਤਾਂ ਤੋਂ ਉਪਯੋਗੀ ਅਤੇ ਸੁੰਦਰ ਚੀਜ਼ਾਂ ਬਣਾਉਣ ਦੀ ਗਤੀਵਿਧੀ ਕਰਵਾਈ ਗਈ। ਇਸ ਵਿਚ ਵਿਦਿਆਰਥੀਆਂ ਨੇ ਬੇਕਾਰ ਪਈਆਂ ਵਸਤਾਂ ਤੋਂ ਆਕਰਸ਼ਕ ਸਜਾਵਟੀ ਸਮਾਨ ਤਿਆਰ ਕਰਕੇ ਆਪਣੀ ਰਚਨਾਤਮਕ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ, ਉੱਥੇ ਹੀ ਨੌਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਕਲਾਸਰੂਮ ਸਜਾਵਟ ਅਤੇ ਰੰਗੋਲੀ ਮੁਕਾਬਲੇ ਕਰਵਾਏ ਗਏ। ਵਿਦਿਆਰਥੀਆਂ ਨੇ ਆਪਣੀਆਂ ਕਲਾਸਾਂ ਨੂੰ ਸੁੰਦਰ ਢੰਗ ਨਾਲ ਸਜਾਇਆ ਅਤੇ ਮਨਮੋਹਕ ਰੰਗੋਲੀਆਂ ਬਣਾਈਆਂ। ਇਸ ਮੌਕੇ ਸਕੂਲ ਦੇ ਚੇਅਰਮੈਨ ਐਡਵੋਕੇਟ ਸੁਨੀਲ ਕੁਮਾਰ ਗਰਗ ਨੇ ਵਿਦਿਆਰਥੀਆਂ, ਮਾਪਿਆਂ ਅਤੇ ਸਮੂਹ ਸਟਾਫ਼ ਮੈਂਬਰਾਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਤਿਉਹਾਰ ਸਾਡੇ ਸੱਭਿਆਚਾਰ ਅਤੇ ਪਰੰਪਰਾਵਾਂ ਦਾ ਅਹਿਮ ਹਿੱਸਾ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਦੀਵਾਲੀ ਦਾ ਤਿਉਹਾਰ ਆਪਸੀ ਪਿਆਰ, ਭਾਈਚਾਰੇ ਅਤੇ ਸਦਭਾਵਨਾ ਨਾਲ ਮਨਾਉਣ ਲਈ ਪ੍ਰੇਰਿਤ ਕੀਤਾ। ਸਕੂਲ ਦੀ ਡਾਇਰੈਕਟਰ ਸੁਨੀਤਾ ਗਰਗ ਨੇ ਵਿਦਿਆਰਥੀਆਂ ਵੱਲੋਂ ਤਿਆਰ ਕੀਤੀਆਂ ਕਲਾਕ੍ਰਿਤੀਆਂ, ਰੰਗੋਲੀਆਂ ਅਤੇ ਕਲਾਸਾਂ ਦੀ ਸਜਾਵਟ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਬੱਚਿਆਂ ਦੀ ਰਚਨਾਤਮਕਤਾ, ਆਤਮ-ਵਿਸ਼ਵਾਸ ਅਤੇ ਮਿਲਜੁਲ ਕੇ ਕੰਮ ਕਰਨ ਦੀ ਭਾਵਨਾ ਨੂੰ ਉਤਸ਼ਾਹਿਤ ਕਰਦੀਆਂ ਹਨ। ਪ੍ਰੋਗਰਾਮ ਦੇ ਅੰਤ ਵਿੱਚ ਵੱਖ-ਵੱਖ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ ਗਈ। ਸਮੁੱਚੇ ਸਕੂਲ ਵਿਚ ਦੀਵਾਲੀ ਦਾ ਤਿਉਹਾਰ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ।