- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ

ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜ਼ਿਲ੍ਹਾ ਮੋਗਾ ਵੱਲੋਂ ਬਰਸਾਤੀ ਮੌਸਮ ਤੋਂ ਪਹਿਲਾਂ ਡਰੇਨਾਂ ਦੀ ਤੁਰੰਤ ਸਫ਼ਾਈ ਅਤੇ ਮੁਰੰਮਤ ਦੀ ਮੰਗ ਨੂੰ ਲੈ ਕੇ ਡਰੇਨੇਜ਼ ਵਿਭਾਗ ਕੋਲ ਜ਼ੋਰਦਾਰ ਢੰਗ ਨਾਲ ਮੰਗ ਉਠਾਈ ਗਈ। ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ ਦੀ ਅਗਵਾਈ ਹੇਠ ਕਿਸਾਨ ਆਗੂਆਂ ਨੇ ਡਰੇਨੇਜ਼ ਵਿਭਾਗ ਮੋਗਾ ਦੇ ਐੱਸਡੀਓ ਸੰਦੀਪ ਕੁਮਾਰ ਨੂੰ ਮੰਗ ਪੱਤਰ ਸੌਂਪਿਆ ਅਤੇ ਮੌਸਮ ਤੋਂ ਪਹਿਲਾਂ ਲੋੜੀਂਦੀ ਕਾਰਵਾਈ ਕਰਨ ਦੀ ਅਪੀਲ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੀਡੀਆ ਸਕੱਤਰ ਬਲਕਰਨ ਸਿੰਘ ਢਿੱਲੋਂ ਨੇ ਦੱਸਿਆ ਕਿ ਮੰਗ ਪੱਤਰ ਵਿਚ ਜ਼ਿਲ੍ਹਾ ਮੋਗਾ ਸਮੇਤ ਪੰਜਾਬ ਭਰ ਦੀਆਂ ਡਰੇਨਾਂ ਦੀ ਤੁਰੰਤ ਸਫ਼ਾਈ ਦੀ ਮੰਗ ਕੀਤੀ ਗਈ ਹੈ ਤਾਂ ਜੋ ਆਉਣ ਵਾਲੀਆਂ ਬਰਸਾਤਾਂ ਦੌਰਾਨ ਕਿਸਾਨਾਂ ਅਤੇ ਆਮ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ ਨੇ ਕਿਹਾ ਕਿ ਇਸ ਵੇਲੇ ਬਹੁਤੀਆਂ ਡਰੇਨਾਂ ਵਿਚ ਘਾਹ-ਫੂਸ, ਝਾੜੀਆਂ, ਗਾਰ ਅਤੇ ਹੋਰ ਕੂੜਾ-ਕਰਕਟ ਜਮ੍ਹਾਂ ਹੋਣ ਕਾਰਨ ਪਾਣੀ ਦੀ ਨਿਕਾਸੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ। ਹਰ ਸਾਲ ਬਰਸਾਤਾਂ ਦੌਰਾਨ ਡਰੇਨਾਂ ਦੀ ਸਹੀ ਸਮੇਂ ਸਫ਼ਾਈ ਨਾ ਹੋਣ ਕਰਕੇ ਹਜ਼ਾਰਾਂ ਏਕੜ ਫ਼ਸਲ ਪਾਣੀ ਵਿੱਚ ਡੁੱਬ ਜਾਂਦੀ ਹੈ, ਜਿਸ ਨਾਲ ਕਿਸਾਨਾਂ ਨੂੰ ਭਾਰੀ ਆਰਥਿਕ ਨੁਕਸਾਨ ਝੱਲਣਾ ਪੈਂਦਾ ਹੈ। ਇਸ ਤੋਂ ਇਲਾਵਾ ਪਿੰਡਾਂ ਅਤੇ ਸ਼ਹਿਰਾਂ ਦੇ ਨੀਵੇਂ ਇਲਾਕਿਆਂ ਵਿਚ ਪਾਣੀ ਖੜ੍ਹਾ ਹੋ ਜਾਣ ਕਾਰਨ ਆਮ ਲੋਕਾਂ ਦੀ ਜ਼ਿੰਦਗੀ ਵੀ ਪ੍ਰਭਾਵਿਤ ਹੁੰਦੀ ਹੈ। ਉਨ੍ਹਾਂ ਮੰਗ ਕੀਤੀ ਕਿ ਡਰੇਨਾਂ ਵਿਚ ਜਮ੍ਹਾਂ ਗਾਰ, ਘਾਹ-ਫੂਸ ਅਤੇ ਹੋਰ ਰੁਕਾਵਟਾਂ ਨੂੰ ਤੁਰੰਤ ਹਟਾਇਆ ਜਾਵੇ, ਟੁੱਟੇ ਹੋਏ ਕੰਢਿਆਂ ਦੀ ਮੁਰੰਮਤ ਕਰਵਾਈ ਜਾਵੇ ਅਤੇ ਬਰਸਾਤਾਂ ਸ਼ੁਰੂ ਹੋਣ ਤੋਂ ਪਹਿਲਾਂ ਸਾਰਾ ਸਫ਼ਾਈ ਕਾਰਜ ਮੁਕੰਮਲ ਕੀਤਾ ਜਾਵੇ। ਨਾਲ ਹੀ ਡਰੇਨਾਂ ਦੀ ਨਿਯਮਿਤ ਨਿਗਰਾਨੀ ਲਈ ਪੱਕਾ ਪ੍ਰਬੰਧ ਬਣਾਇਆ ਜਾਵੇ ਤਾਂ ਜੋ ਭਵਿੱਖ ਵਿੱਚ ਨੁਕਸਾਨ ਤੋਂ ਬਚਿਆ ਜਾ ਸਕੇ। ਇਸ ਮੌਕੇ ਐੱਸਡੀਓ ਸੰਦੀਪ ਕੁਮਾਰ ਨੇ ਕਿਸਾਨ ਆਗੂਆਂ ਨੂੰ ਭਰੋਸਾ ਦਵਾਇਆ ਕਿ ਵਿਭਾਗ ਵੱਲੋਂ ਡਰੇਨਾਂ ਦੀ ਸਫ਼ਾਈ ਅਤੇ ਲੋੜੀਂਦੀ ਮੁਰੰਮਤ ਸਬੰਧੀ ਕਾਰਵਾਈ ਨੂੰ ਪਹਿਲ ਦੇ ਆਧਾਰ ’ਤੇ ਅਮਲ ਵਿਚ ਲਿਆਂਦਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਵਿਅਕਤੀਆਂ ਨੇ ਡਰੇਨਾਂ ਦੀ ਜ਼ਮੀਨ ਉੱਪਰ ਨਾਜਾਇਜ਼ ਕਬਜ਼ੇ ਕੀਤੇ ਹੋਏ ਹਨ, ਉਹ ਖੁਦ ਹੀ ਕਬਜ਼ੇ ਹਟਾ ਲੈਣ। ਉਨ੍ਹਾਂ ਕਿਹਾ ਕਿ ਡਰੇਨਾਂ ਦੇ ਰਸਤੇ ਵਿਚ ਕੀਤੇ ਕਬਜ਼ੇ ਪਾਣੀ ਦੀ ਨਿਕਾਸੀ ਵਿੱਚ ਵੱਡੀ ਰੁਕਾਵਟ ਬਣਦੇ ਹਨ, ਜਿਸ ਨਾਲ ਬਰਸਾਤਾਂ ਦੌਰਾਨ ਫ਼ਸਲਾਂ ਅਤੇ ਆਬਾਦੀ ਵਾਲੇ ਇਲਾਕਿਆਂ ਨੂੰ ਨੁਕਸਾਨ ਪਹੁੰਚਣ ਦਾ ਖ਼ਤਰਾ ਕਾਫ਼ੀ ਵੱਧ ਜਾਂਦਾ ਹੈ। ਭੁਪਿੰਦਰ ਸਿੰਘ ਦੌਲਤਪੁਰਾ ਨੇ ਚੇਤਾਵਨੀ ਦਿੱਤੀ ਕਿ ਜੇਕਰ ਡਰੇਨਾਂ ਦੀ ਸਫ਼ਾਈ ਅਤੇ ਮੁਰੰਮਤ ਸਮੇਂ ਸਿਰ ਨਾ ਕੀਤੀ ਗਈ ਅਤੇ ਬਰਸਾਤਾਂ ਦੌਰਾਨ ਕਿਸਾਨਾਂ ਜਾਂ ਆਮ ਲੋਕਾਂ ਦਾ ਨੁਕਸਾਨ ਹੋਇਆ ਤਾਂ ਇਸ ਦੀ ਪੂਰੀ ਜ਼ਿੰਮੇਵਾਰੀ ਸੰਬੰਧਤ ਵਿਭਾਗ ਅਤੇ ਪੰਜਾਬ ਸਰਕਾਰ ਦੀ ਹੋਵੇਗੀ। ਉਨ੍ਹਾਂ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਹਮੇਸ਼ਾ ਕਿਸਾਨਾਂ ਦੇ ਹੱਕਾਂ ਅਤੇ ਹਿਤਾਂ ਦੀ ਰੱਖਿਆ ਲਈ ਸੰਘਰਸ਼ ਕਰਦੀ ਰਹੇਗੀ। ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ਲਖਬੀਰ ਸਿੰਘ ਸੰਧੂਆਣਾ, ਮੋਦਨ ਸਿੰਘ ਨਿਧਾਂਵਾਲਾ, ਜ਼ਿਲ੍ਹਾ ਮੀਡੀਆ ਇੰਚਾਰਜ ਬਲਕਰਨ ਸਿੰਘ ਢਿੱਲੋਂ, ਲਖਵਿੰਦਰ ਸਿੰਘ ਰੌਲੀ, ਬੰਤ ਸਿੰਘ ਨਿਧਾਂਵਾਲਾ, ਗੁਰਮੀਤ ਸਿੰਘ ਸੰਧੂਆਣਾ ਸਮੇਤ ਹੋਰ ਕਿਸਾਨ ਆਗੂ ਵੀ ਹਾਜ਼ਰ ਸਨ।