ਨਸ਼ਾ ਛੁਡਾਓ ਮੁਲਾਜ਼ਮ ਯੂਨੀਅਨ ਵੱਲੋਂ ਹੜਤਾਲ ਦਾ ਐਲਾਨ
ਯੁੱਧ ਨਸ਼ਿਆਂ ਵਿਰੁੱਧ ਤਹਿਤ
Publish Date: Fri, 27 Feb 2026 04:29 PM (IST)
Updated Date: Sat, 28 Feb 2026 03:59 AM (IST)

ਗੁਰਦੇਵ ਮਨੇਸ, ਪੰਜਾਬੀ ਜਾਗਰਣ, ਕੋਟ ਈਸੇ ਖਾਂ: ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਾ ਛਡਾਓ ਮੁਲਾਜ਼ਮ ਯੂਨੀਅਨ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ 5 ਮਾਰਚ ਨੂੰ ਇਕ ਵਿਸ਼ਾਲ ਹੜ੍ਹਤਾਲ ਤਾਂ ਐਲਾਨ ਕੀਤਾ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਪਰਮਿੰਦਰ ਸਿੰਘ ਨੇ ਦੱਸਿਆ ਕਿ ਇਹ ਬੜੇ ਦੁੱਖ ਦੀ ਗੱਲ ਹੈ ਕਿ ਸਾਡੇ ਮੁਲਾਜ਼ਮ ਜੋ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਦਿਨ ਰਾਤ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮੂਹਰਲੀ ਕਤਾਰ ਵਿਚ ਰਹਿ ਕੇ ਕੰਮ ਕਰ ਰਹੇ ਹਨ, ਅੱਜ ਖੁਦ ਆਪਣੀਆਂ ਜਾਇਜ਼ ਮੰਗਾਂ ਲਈ ਸੰਘਰਸ਼ ਕਰਨ ਲਈ ਮਜ਼ਬੂਰ ਹਨ। ਸਰਕਾਰ ਇਕ ਪਾਸੇ ਨਸ਼ਾ ਖ਼ਤਮ ਕਰਨ ਦੇ ਦਾਅਵੇ ਕਰਦੀ ਹੈ ਪਰ ਦੂਜੇ ਪਾਸੇ ਇਸ ਮੁਹਿੰਮ ਦੀ ਰੀੜ੍ਹ ਦੀ ਹੱਡੀ ਕਹੇ ਜਾਣ ਵਾਲੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲਗਾਤਾਰ ਅਣਗੌਲਿਆਂ ਕੀਤਾ ਜਾ ਰਿਹਾ ਹੈ। ਸਮੇਂ ਸਮੇਂ ਸਿਰ ਸਰਕਾਰ ਦੇ ਨਾਲ ਮੀਟਿੰਗਾਂ ਹੋਈਆਂ ਪਰੰਤੂ ਬੇਸਿੱਟਾ ਰਹੀਆਂ। ਅਸੀਂ ਲੰਬੇ ਸਮੇਂ ਤੋਂ ਸਰਕਾਰ ਨੂੰ ਆਪਣੀਆਂ ਮੁਸ਼ਕਿਲਾਂ ਬਾਰੇ ਜਾਣੂੰ ਕਰਵਾ ਰਹੇ ਹਾਂ ਪਰੰਤੂ ਹਰ ਵਾਰ ਡੰਗ ਟਪਾਊ ਨੀਤੀ ਅਪਣਾਈ ਜਾਂਦੀ ਹੈ। ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੇ ਵੀ ਯੂਨੀਅਨ ਨੂੰ ਪੰਜ ਵਾਰ ਮੀਟਿੰਗ ਦਾ ਸਮਾਂ ਦੇਣ ਦੇ ਬਾਵਜੂਦ ਯੂਨੀਅਨ ਨਾਲ ਇਕ ਵੀ ਮੀਟਿੰਗ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਕੋਈ ਵੀ ਸੁਣਵਾਈ ਨਾ ਹੋਣ ਕਾਰਨ ਹੁਣ ਸਾਨੂੰ ਸੰਘਰਸ਼ ਦਾ ਰਾਹ ਚੁਣਨਾ ਪਿਆ ਹੈ ਅਤੇ ਆਉਣ ਵਾਲੇ 5 ਮਾਰਚ ਨੂੰ ਚੰਡੀਗੜ੍ਹ ਵਿਖੇ ਵਿਸ਼ਾਲ ਹੜ੍ਹਤਾਲ ਕੀਤੀ ਜਾਵੇਗੀ ਅਤੇ ਯੁੱਧ ਨਸ਼ਿਆਂ ਵਿਰੁੱਧ ਤਹਿਤ ਗਰਾਉਂਡ ਪੱਧਰ ’ਤੇ ਹੋ ਰਹੇ ਮੁਲਾਜ਼ਮਾਂ ਦੇ ਸ਼ੋਸ਼ਣ ਬਾਰੇ ਜਨਤਾ ਨੂੰ ਜਾਣੂੰ ਕਰਵਾਇਆ ਜਾਵੇਗਾ। ਸਾਡੀ ਇਹ ਹੜ੍ਹਤਾਲ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਸਰਕਾਰ ਸਾਡੀਆਂ ਮੰਗਾਂ ਨੂੰ ਪ੍ਰਵਾਨ ਨਹੀਂ ਕਰਦੀ। ਅਸੀਂ ਮੀਡੀਆ ਰਾਹੀਂ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਨਸ਼ਾ ਮੁਕਤ ਪੰਜਾਬ ਦੇ ਸੁਪਨੇ ਨੂੰ ਸਾਕਾਰ ਕਰਨ ਵਾਲੇ ਇਨ੍ਹਾਂ ਮੁਲਾਜ਼ਮਾਂ ਦੇ ਹੱਕਾਂ ਵੱਲ ਤੁਰੰਤ ਧਿਆਨ ਦਿੱਤਾ ਜਾਵੇ ਅਤੇ ਜਲਦ ਮੁਲਾਜ਼ਮਾਂ ਦਾ 12 ਫ਼ੀਸਦੀ ਬਕਾਇਆ ਜਾਰੀ ਕੀਤਾ ਜਾਵੇ।