ਨਸ਼ਾ ਮੁਕਤ ਪੰਜਾਬ ਸੰਕਲਪ ਯਾਤਰਾ ਦਾ ਭਾਜਪਾ ਵਰਕਰਾਂ ਵੱਲੋਂ ਭਰਵਾਂ ਸਵਾਗਤ ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ
Publish Date: Tue, 29 Sep 2026 03:28 PM (IST)
Updated Date: Wed, 30 Sep 2026 04:01 AM (IST)
ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਾਂਝੇ ਯਤਨਾਂ ਦੀ ਲੋੜ : ਰੱਤੀਆਂ, ਨਸ਼ਿਆਂ ਵਿਰੁੱਧ ਮਹਿਲਾਵਾਂ ਨੂੰ ਅੱਗੇ ਆਉਣ ਦੀ ਅਪੀਲ : ਕਮਲਜੀਤ ਕੌਰ ਧੱਲੇਕੇ ਵਕੀਲ ਮਹਿਰੋਂ, ਪੰਜਾਬੀ ਜਾਗਰਣ, ਮੋਗਾ : ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਸੰਕਲਪ ਨਾਲ ਕੱਢੀ ਜਾ ਰਹੀ ਨਸ਼ਾ ਮੁਕਤ ਪੰਜਾਬ ਸੰਕਲਪ ਯਾਤਰਾ ਦੇ ਮੋਗਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਪਹੁੰਚਣ ’ਤੇ ਭਾਜਪਾ ਆਗੂਆਂ ਅਤੇ ਵਰਕਰਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਭਾਜਪਾ ਐੱਸਸੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਸਤਿੰਦਰਪ੍ਰੀਤ ਸਿੰਘ ਰੱਤੀਆਂ ਅਤੇ ਮਹਿਲਾ ਮੋਰਚਾ ਦੀ ਜ਼ਿਲ੍ਹਾ ਪ੍ਰਧਾਨ ਕਮਲਜੀਤ ਕੌਰ ਧੱਲੇਕੇ ਨੇ ਯਾਤਰਾ ਵਿਚ ਸਹਿਯੋਗ ਦੇਣ ਵਾਲੇ ਪਾਰਟੀ ਆਗੂਆਂ, ਅਹੁਦੇਦਾਰਾਂ ਅਤੇ ਵਰਕਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸਤਿੰਦਰਪ੍ਰੀਤ ਸਿੰਘ ਰੱਤੀਆਂ ਨੇ ਕਿਹਾ ਕਿ ਪੰਜਾਬ ਨੂੰ ਨਸ਼ਿਆਂ ਦੀ ਸਮੱਸਿਆ ਤੋਂ ਮੁਕਤ ਕਰਵਾਉਣਾ ਸਮਾਜ ਦੇ ਹਰ ਵਰਗ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਕਿਸੇ ਵੀ ਸੂਬੇ ਦੀ ਤਾਕਤ ਹੁੰਦੇ ਹਨ ਅਤੇ ਜੇਕਰ ਨੌਜਵਾਨ ਨਸ਼ਿਆਂ ਦੀ ਲਪੇਟ ਵਿਚ ਆ ਜਾਂਦੇ ਹਨ ਤਾਂ ਇਸ ਦਾ ਪ੍ਰਭਾਵ ਪੂਰੇ ਪਰਿਵਾਰ ਅਤੇ ਸਮਾਜ ’ਤੇ ਪੈਂਦਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਅਤੇ ਨਸ਼ਾ ਮੁਕਤ ਪੰਜਾਬ ਦਾ ਸੰਕਲਪ ਘਰ-ਘਰ ਪਹੁੰਚਾਉਣ ਲਈ ਇਹ ਯਾਤਰਾ ਕੱਢੀ ਜਾ ਰਹੀ ਹੈ। ਰੱਤੀਆਂ ਨੇ ਕਿਹਾ ਕਿ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਲੋਕਾਂ ਨਾਲ ਨਸ਼ਿਆਂ ਨੂੰ ਖ਼ਤਮ ਕਰਨ ਸਬੰਧੀ ਵੱਡੇ ਵਾਅਦੇ ਕੀਤੇ ਗਏ ਸਨ। ਉਨ੍ਹਾਂ ਦੋਸ਼ ਲਾਇਆ ਕਿ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਨਸ਼ਿਆਂ ਦੀ ਸਮੱਸਿਆ ਖ਼ਤਮ ਹੋਣ ਦੀ ਬਜਾਏ ਗੰਭੀਰ ਰੂਪ ਧਾਰਨ ਕਰਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਪ੍ਰਭਾਵ ਪੰਜਾਬ ਦੇ ਕਈ ਪਰਿਵਾਰਾਂ ਨੂੰ ਪ੍ਰਭਾਵਿਤ ਕਰ ਰਿਹਾ ਹੈ ਅਤੇ ਇਸ ਸਮੱਸਿਆ ਨਾਲ ਨਜਿੱਠਣ ਲਈ ਸਰਕਾਰ ਨੂੰ ਠੋਸ ਅਤੇ ਪ੍ਰਭਾਵਸ਼ਾਲੀ ਕਦਮ ਚੁੱਕਣੇ ਚਾਹੀਦੇ ਹਨ। ਇਸ ਮੌਕੇ ਮਹਿਲਾ ਮੋਰਚਾ ਦੀ ਜ਼ਿਲ੍ਹਾ ਪ੍ਰਧਾਨ ਕਮਲਜੀਤ ਕੌਰ ਧੱਲੇਕੇ ਨੇ ਕਿਹਾ ਕਿ ਨਸ਼ਿਆਂ ਦਾ ਸਭ ਤੋਂ ਵੱਧ ਦਰਦ ਪਰਿਵਾਰਾਂ ਨੂੰ ਸਹਿਣਾ ਪੈਂਦਾ ਹੈ ਅਤੇ ਇਸ ਸਮੱਸਿਆ ਨਾਲ ਨਜਿੱਠਣ ਵਿਚ ਮਹਿਲਾਵਾਂ ਦੀ ਭੂਮਿਕਾ ਅਹਿਮ ਹੈ। ਉਨ੍ਹਾਂ ਕਿਹਾ ਕਿ ਮਾਵਾਂ ਅਤੇ ਭੈਣਾਂ ਆਪਣੇ ਬੱਚਿਆਂ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖ ਕੇ ਅਤੇ ਉਨ੍ਹਾਂ ਨਾਲ ਖੁੱਲ੍ਹ ਕੇ ਗੱਲਬਾਤ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿੱਚ ਵੱਡਾ ਯੋਗਦਾਨ ਪਾ ਸਕਦੀਆਂ ਹਨ। ਇਸ ਮੌਕੇ ਐੱਸਸੀ ਮੋਰਚਾ ਦੇ ਜਨਰਲ ਸਕੱਤਰ ਇਕਬਾਲ ਸਿੰਘ, ਜ਼ਿਲ੍ਹਾ ਮੋਗਾ ਦੇ ਮੀਤ ਪ੍ਰਧਾਨ ਦਵਿੰਦਰ ਸਿੰਘ, ਐੱਸਸੀ ਮੋਰਚਾ ਦੇ ਜਨਰਲ ਸਕੱਤਰ ਗਗਨਦੀਪ ਸਿੰਘ, ਮਹਿਲਾ ਮੋਰਚਾ ਦੀ ਜਨਰਲ ਸਕੱਤਰ ਮਨਪ੍ਰੀਤ ਕੌਰ ਮਾਣੂੰਕੇ, ਨਿਹਾਲ ਸਿੰਘ ਵਾਲਾ, ਵੀਰਪਾਲ ਕੌਰ ਮੱਲੇਆਣਾ, ਬਿੱਕਰ ਸਿੰਘ ਸਮੇਤ ਹੋਰ ਭਾਜਪਾ ਆਗੂ ਅਤੇ ਵਰਕਰ ਹਾਜ਼ਰ ਸਨ।