ਨਸ਼ਾ ਮੁਕਤ ਨੌਜਵਾਨ ਹੀ ਵਿਕਸਿਤ ਭਾਰਤ ਦੀ ਅਸਲ ਤਾਕਤ : ਗੁਰਪ੍ਰੀਤ ਸਿੰਘ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ
Publish Date: Tue, 24 Nov 2026 04:26 PM (IST)
Updated Date: Tue, 24 Nov 2026 04:28 PM (IST)
ਗੁਰਦੇਵ ਮਨੇਸ, ਪੰਜਾਬੀ ਜਾਗਰਣ, ਕੋਟ ਈਸੇ ਖਾਂ : ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਲਾਹਨਤ ਤੋਂ ਬਚਾਉਣ ਅਤੇ ਦੇਸ਼ ਦੇ ਵਿਕਾਸ ਵਿਚ ਉਨ੍ਹਾਂ ਦੀ ਸਰਗਰਮ ਭੂਮਿਕਾ ਯਕੀਨੀ ਬਣਾਉਣ ਦੇ ਉਦੇਸ਼ ਨਾਲ ਮਾਈ ਭਾਰਤ ਮੇਰਾ ਯੁਵਾ ਭਾਰਤ ਮੋਗਾ ਵੱਲੋਂ 25 ਨਵੰਬਰ ਨੂੰ ਬਾਬਾ ਕੁੰਦਨ ਸਿੰਘ ਲਾਅ ਮੈਮੋਰੀਅਲ ਕਾਲਜ ਧਰਮਕੋਟ ਵਿਖੇ ਵਿਕਸਿਤ ਭਾਰਤ ਯੁਵਾ ਸੰਵਾਦ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਥ ਅਫ਼ਸਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ, ਭਾਰਤ ਸਰਕਾਰ ਅਧੀਨ ਕਰਵਾਏ ਜਾ ਰਹੇ ਇਸ ਪ੍ਰੋਗਰਾਮ ਦਾ ਮੁੱਖ ਥੀਮ ਨਸ਼ਾ ਮੁਕਤ ਯੁਵਾ ਫ਼ਾਰ ਵਿਕਸਿਤ ਭਾਰਤ ਰੱਖਿਆ ਗਿਆ ਹੈ। ਪ੍ਰੋਗਰਾਮ ਸਵੇਰੇ 10 ਵਜੇ ਸ਼ੁਰੂ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਪਹਿਲਕਦਮੀ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਸਾਲ 2047 ਤੱਕ ਭਾਰਤ ਨੂੰ ਵਿਕਸਿਤ ਰਾਸ਼ਟਰ ਬਣਾਉਣ ਦੇ ਟੀਚੇ ਨਾਲ ਜੋੜਨਾ ਅਤੇ ਨਸ਼ਿਆਂ ਦੇ ਵਿਅਕਤੀਗਤ ਜੀਵਨ, ਪਰਿਵਾਰ ਅਤੇ ਸਮਾਜ ਉੱਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਹੈ। ਯੂਥ ਅਫਸਰ ਨੇ ਦੱਸਿਆ ਕਿ ਇਹ ਮੁਹਿੰਮ ਦੇਸ਼ ਦੇ 30 ਤੋਂ ਵੱਧ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ 600 ਤੋਂ ਵੱਧ ਜ਼ਿਲ੍ਹਿਆਂ ਵਿਚ 500 ਤੋਂ ਵੱਧ ਲਾਅ ਕਾਲਜਾਂ ਵਿਚ ਚਲਾਈ ਜਾ ਰਹੀ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਪ੍ਰੋਗਰਾਮ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਅਤੇ ਨਸ਼ਾ ਮੁਕਤ ਤੇ ਵਿਕਸਿਤ ਭਾਰਤ ਦੀ ਸਿਰਜਣਾ ਵਿਚ ਆਪਣਾ ਯੋਗਦਾਨ ਪਾਉਣ।