ਐੱਨਐੱਸ ਲਾਲੀ, ਕੋਟ ਈਸੇ ਖਾਂ : ਪਿਛਲੇ ਦਿਨੀਂ 26 ਸਤੰਬਰ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਥਾਨਕ ਰਿਹਾਇਸ਼ ਦੇ ਬਾਹਰ ਨੈਸ਼ਨਲ ਹੈਲਥ ਮਿਸ਼ਨ ਪੰਜਾਬ ਦੇ ਸਿਹਤ ਕਰਮਚਾਰੀਆਂ ਵੱਲੋਂ ਆਪਣੀ ਰੈਗੂਲਾਈਜੇਸ਼ਨ ਦੀ ਮੰਗ ਨੂੰ ਲੈ ਕੇ ਰੋਸ ਰੈਲੀ ਅਤੇ ਧਰਨਾ ਪ੍ਰਦਰਸ਼ਨ ਰੱਖਿਆ ਕੀਤਾ ਸੀ। ਸੰਗਰੂਰ ਪ੍ਰਸ਼ਾਸਨ ਵੱਲੋਂ ਮੌਕੇ 'ਤੇ ਪਹੁੰਚ ਕੇ ਮੁਲਾਜ਼ਮਾਂ ਨੂੰ ਸ਼ਾਂਤ ਕਰਵਾਇਆ ਗਿਆ।

ਇਸ ਮੌਕੇ ਉੱਚ ਅਧਿਕਾਰੀਆਂ ਨਾਲ ਗੱਲਬਾਤ ਕਰਨ ਤੋਂ ਬਾਅਦ ਯੂਨੀਅਨ ਦੇ ਨੁਮਾਇੰਦਿਆਂ ਦੀ ਪੰਜਾਬ ਦੇ ਦੋ ਸੀਨੀਅਰ ਮੰਤਰੀਆਂ ਐਡਵੋਕੇਟ ਹਰਪਾਲ ਸਿੰਘ ਚੀਮਾ ਵਿੱਤ ਮੰਤਰੀ ਅਤੇ ਚੇਤਨ ਸਿੰਘ ਜੋੜੇਮਾਜਰਾ ਸਿਹਤ ਮੰਤਰੀ ਨਾਲ 29 ਸਤੰਬਰ ਨੂੰ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਮੀਟਿੰਗ ਤੈਅ ਕੀਤੀ ਗਈ ਸੀ। ਪਰ ਐਨ ਮੌਕੇ 'ਤੇ ਸਰਕਾਰ ਮੀਟਿੰਗ ਕਰਨ ਤੋਂ ਭੱਜ ਗਈ ਅਤੇ ਵਿਧਾਨ ਸਭਾ ਸੈਸ਼ਨ ਦਾ ਹਵਾਲਾ ਦੇ ਕੇ ਮੀਟਿੰਗ ਨੂੰ ਮੁਲਤਵੀ ਕਰ ਦਿੱਤਾ ਗਿਆ, ਜਿਸ ਕਾਰਨ ਨੈਸ਼ਨਲ ਹੈਲਥ ਮਿਸ਼ਨ ਦੇ ਮੁਲਾਜ਼ਮਾਂ ਵਿਚ ਰੋਸ ਪਾਇਆ ਜਾ ਰਿਹਾ ਹੈ। ਨੈਸ਼ਨਲ ਹੈਲਥ ਮਿਸ਼ਨ ਇੰਪਲਾਈਜ਼ ਯੂਨੀਅਨ ਦੇ ਸੂਬਾ ਆਗੂ ਗੁਰਜਿੰਦਰ ਸਿੰਘ ਨੇ ਦੱਸਿਆ ਕਿ ਯੂਨੀਅਨ ਆਉਣ ਵਾਲੇ ਦਿਨਾਂ ਵਿਚ ਕਿਸੇ ਵੇਲੇ ਵੀ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਵਿਸ਼ਾਲ ਰੋਸ ਰੈਲੀ ਅਤੇ ਧਰਨਾ ਪ੍ਰਦਰਸ਼ਨ ਕਰੇਗੀ, ਜਿਸ ਦੀ ਜ਼ਿੰਮੇਦਾਰੀ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਬਣੇਗੀ। ਯੂਨੀਅਨ ਵੱਲੋਂ ਆਉਣ ਵਾਲੇ ਦੀਵਾਲੀ ਦੇ ਤਿਉਹਾਰ ਨੂੰ ਕਾਲੀ ਦੀਵਾਲੀ ਦੇ ਰੂਪ ਵਿਚ ਮਨਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਯੂਨੀਅਨ ਆਗੂ ਨੇ ਸਰਕਾਰ ਅਤੇ ਜ਼ਿਲ੍ਹਾ ਸੰਗਰੂਰ ਦੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਰੱਦ ਕੀਤੀ ਗਈ ਮੀਟਿੰਗ ਜਲਦੀ ਆਉਣ ਵਾਲੇ ਦੋ-ਚਾਰ ਦਿਨਾਂ ਵਿਚ ਨਹੀਂ ਕਰਵਾਈ ਗਈ ਤਾਂ ਮੁੱਖ ਮੰਤਰੀ ਪੰਜਾਬ ਦੇ ਨਾਲ-ਨਾਲ ਪੰਜਾਬ ਸਰਕਾਰ ਦੇ ਸਾਰੇ ਮੰਤਰੀਆਂ ਅਤੇ ਵਿਧਾਇਕਾਂ ਦਾ ਉਨ੍ਹਾਂ ਦੇ ਹਲਕਿਆਂ ਵਿਚ ਿਘਰਾਓ ਕੀਤਾ ਜਾਵੇਗਾ।