ਅਕਾਲੀ ਦਲ ਦੀ ਸਰਕਾਰ ਸਮੇਂ ਪਿੰਡਾਂ ਤੇ ਸ਼ਹਿਰਾਂ ਦਾ ਵਿਕਾਸ ਹੋਇਆ : ਬਾਦਲ ਸ੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਦੇ
Publish Date: Wed, 09 Sep 2026 05:29 PM (IST)
Updated Date: Wed, 09 Sep 2026 05:31 PM (IST)
ਕਿਹਾ, ਪੰਜਾਬ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਵੱਲ ਧਿਆਨ ਦੇਵੇ ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਧਰਮਕੋਟ : ਸ੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਦੇ ਵੱਖ-ਵੱਖ ਹਲਕਿਆਂ ਵਿਚ ਕੀਤੀਆਂ ਜਾ ਰਹੀਆਂ ਸਿਆਸੀ ਸਰਗਰਮੀਆਂ ਤਹਿਤ ਧਰਮਕੋਟ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੀ ਮੌਜੂਦਾ ਸਿਆਸੀ ਸਥਿਤੀ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖੇ ਸਿਆਸੀ ਹਮਲੇ ਕੀਤੇ। ਸੁਖਬੀਰ ਸਿੰਘ ਬਾਦਲ ਨੇ ਜਥੇਦਾਰ ਤੋਤਾ ਸਿੰਘ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਕਿਹਾ ਕਿ ਦੋਵਾਂ ਆਗੂਆਂ ਨੇ ਆਪਣੀ ਪੂਰੀ ਜ਼ਿੰਦਗੀ ਪੰਜਾਬ, ਪੰਜਾਬੀਅਤ ਅਤੇ ਕੌਮ ਦੀ ਸੇਵਾ ਲਈ ਸਮਰਪਿਤ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਲੋਕਾਂ ਦੇ ਹੱਕਾਂ ਅਤੇ ਪੰਜਾਬ ਦੇ ਹਿੱਤਾਂ ਲਈ ਲੰਮਾ ਸਮਾਂ ਸੰਘਰਸ਼ ਕੀਤਾ ਅਤੇ ਸ੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਵਿਚ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਦੇ ਸਮੇਂ ਪੰਜਾਬ ਦੇ ਪਿੰਡਾਂ ਅਤੇ ਸ਼ਹਿਰਾਂ ਵਿਚ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਗਈ। ਉਨ੍ਹਾਂ ਬਠਿੰਡਾ ਦੇ ਘੁੱਦਾ ਪਿੰਡ ਦਾ ਜ਼ਿਕਰ ਕਰਦਿਆਂ ਕਿਹਾ ਕਿ ਕਾਲਜ ਅਤੇ ਸਪੋਰਟਸ ਸਕੂਲ ਬਣਾਇਆ ਗਿਆ, ਤਾਂ ਜੋ ਇਲਾਕੇ ਦੇ ਨੌਜਵਾਨਾਂ ਨੂੰ ਸਿੱਖਿਆ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿਚ ਵੀ ਅੱਗੇ ਵਧਣ ਦੇ ਮੌਕੇ ਮਿਲ ਸਕਣ। ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਨਿਸ਼ਾਨਾ ਸਾਧਦਿਆਂ ਦੋਸ਼ ਲਾਇਆ ਕਿ ਮੁੱਖ ਮੰਤਰੀ ਘੁੱਦਾ ਪਿੰਡ ਵਿਚ ਸ਼ਰਾਬ ਦਾ ਸੇਵਨ ਕਰਕੇ ਗਏ ਸਨ। ਉਨ੍ਹਾਂ ਮੁੱਖ ਮੰਤਰੀ ਦੀ ਕਾਰਜਸ਼ੈਲੀ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਪੰਜਾਬ ਦੀ ਸਰਕਾਰ ਨੂੰ ਲੋਕਾਂ ਦੀਆਂ ਸਮੱਸਿਆਵਾਂ ਵੱਲ ਧਿਆਨ ਦੇਣ ਦੀ ਲੋੜ ਹੈ। ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਪੰਜਾਬ ਵਿਚ ਕਾਨੂੰਨ ਵਿਵਸਥਾ ਨੂੰ ਲੈ ਕੇ ਵੀ ਸਰਕਾਰ ਨੂੰ ਘੇਰਿਆ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਵਿਚ ਗੈਂਗਸਟਰ ਰਾਜ ਚੱਲ ਰਿਹਾ ਹੈ ਅਤੇ ਆਮ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਰੈਲੀ ਨੂੰ ਸੰਬੋਧਨ ਕਰਦਿਆਂ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਨੇ ਦੋਸ਼ ਲਾਇਆ ਕਿ ਖੇਤੀਬਾੜੀ ਮੋਟਰ ਕੁਨੈਕਸ਼ਨ 18 ਲੱਖ ਰੁਪਏ ਵਿਚ ਵਿਕ ਰਿਹਾ ਹੈ, ਜਿਸ ਕਾਰਨ ਕਿਸਾਨਾਂ ਵਿਚ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀਆਂ ਖੇਤੀਬਾੜੀ ਲੋੜਾਂ ਲਈ ਬਿਜਲੀ ਕੁਨੈਕਸ਼ਨ ਹਾਸਲ ਕਰਨ ਵਾਸਤੇ ਕਥਿਤ ਤੌਰ ਤੇ ਵੱਡੀਆਂ ਰਕਮਾਂ ਖਰਚ ਕਰਨੀਆਂ ਪੈ ਰਹੀਆਂ ਹਨ। ਮਲੂਕਾ ਨੇ ਕਿਹਾ ਕਿ ਪੰਜਾਬ ਦਾ ਕਿਸਾਨ ਪਹਿਲਾਂ ਹੀ ਖੇਤੀ ਲਾਗਤਾਂ, ਫਸਲਾਂ ਦੀ ਵਿਕਰੀ ਅਤੇ ਹੋਰ ਮੁਸ਼ਕਲਾਂ ਨਾਲ ਜੂਝ ਰਿਹਾ ਹੈ। ਅਜਿਹੇ ਹਾਲਾਤ ਵਿਚ ਮੋਟਰ ਕੁਨੈਕਸ਼ਨਾਂ ਨਾਲ ਜੁੜੀਆਂ ਕਥਿਤ ਬੇਨਿਯਮੀਆਂ ਕਿਸਾਨਾਂ ਲਈ ਹੋਰ ਮੁਸ਼ਕਲਾਂ ਪੈਦਾ ਕਰ ਰਹੀਆਂ ਹਨ। ਵੱਡੇ ਇਕੱਠ ਨੂੰ ਦੇਖਦਿਆਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਨੂੰ ਇਸਾਰਾ ਕਰਦਿਆਂ ਕਿਹਾ ਸਭ ਤੋਂ ਪਹਿਲਾਂ 2027 ਦਾ ਨਤੀਜਾ ਤੁਹਾਡੇ ਹਲਕਾ ਧਰਮਕੋਟ ਤੋਂ ਹੀ ਆਵੇਗਾ। ਇਸ ਮੌਕੇ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਰੈਲੀ ਵਿਚ ਪਹੁੰਚੇ ਪਾਰਟੀ ਆਗੂਆਂ ਅਤੇ ਵਰਕਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਖਣਮੁੱਖ ਭਾਰਤੀ ਪੱਤੋ, ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸੰਨੀ ਗਿੱਲ, ਜਥੇਦਾਰ ਤੀਰਥ ਸਿੰਘ ਮਾਹਲਾ, ਰਜਿੰਦਰ ਸਿੰਘ ਡੱਲਾ ਸੀਨੀਅਰ ਅਕਾਲੀ ਆਗੂ, ਰਾਜਵਿੰਦਰ ਸਿੰਘ ਧਰਮਕੋਟ, ਰਣਇੰਦਰ ਸਿੰਘ ਪੱਪੂ ਰਾਮੂਵਾਲਾ ਤੋਂ ਇਲਾਵਾ ਸ੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਵਰਕਰ ਹਾਜਰ ਸਨ।