- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਲਕਾ ਧਰਮਕੋਟ ਦੀ ਸਿਆਸਤ ਨੂੰ ਨਵਾਂ

ਗੁਰਦੇਵ ਮਨੇਸ, ਪੰਜਾਬੀ ਜਾਗਰਣ ਕੋਟ ਈਸੇ ਖਾਂ : ਹਲਕਾ ਧਰਮਕੋਟ ਦੀ ਸਿਆਸਤ ਨੂੰ ਨਵਾਂ ਮੋੜ ਦੇਣ ਵਾਲਾ ਇਕ ਵਿਸ਼ਾਲ ਸਿਆਸੀ ਇਕੱਠ ਐਤਵਾਰ ਨੂੰ ਕੋਟ ਈਸੇ ਖਾਂ ਦੇ ਵਾਲੀਆਂ ਪੈਲੇਸ ਵਿਖੇ ਦੇਖਣ ਨੂੰ ਮਿਲਿਆ, ਜਿੱਥੇ ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਕਰਵਾਏ ਗਏ ਸ਼ਮੂਲੀਅਤ ਸਮਾਗਮ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਲੋਕਾਂ ਨੇ ਸ਼ਮੂਲੀਅਤ ਕਰਕੇ ਪਾਰਟੀ ਦੀ ਤਾਕਤ ਦਾ ਪ੍ਰਦਰਸ਼ਨ ਕੀਤਾ। ਇਸ ਮੌਕੇ ਪੰਜਾਬ ਗਮਾਡਾ ਦੇ ਸਾਬਕਾ ਡਾਇਰੈਕਟਰ, ਸੂਬਾਈ ਅਧਿਆਪਕ ਆਗੂ ਅਤੇ ਸਮਾਜ ਸੇਵੀ ਜਸਵਿੰਦਰ ਸਿੰਘ ਸਿੱਧੂ ਨੇ ਆਪਣੇ ਸਮਰਥਕਾਂ ਸਮੇਤ ਅਕਾਲੀ ਦਲ ਵਾਰਿਸ ਪੰਜਾਬ ਵਿਚ ਰਸਮੀ ਸ਼ਮੂਲੀਅਤ ਕੀਤੀ। ਸਮਾਗਮ ਦੌਰਾਨ ਨੌਜਵਾਨਾਂ ਦੇ ਜੋਸ਼, ਵਰਕਰਾਂ ਦੇ ਉਤਸ਼ਾਹ ਅਤੇ ਭਾਰੀ ਇਕੱਠ ਨੇ ਪੂਰੇ ਹਲਕੇ ਦੀ ਸਿਆਸਤ ਵਿਚ ਨਵੀਂ ਚਰਚਾ ਛੇੜ ਦਿੱਤੀ। ਸਮਾਗਮ ਤੋਂ ਪਹਿਲਾਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਆਪਣੇ ਸਾਥੀਆਂ ਸਮੇਤ ਜਸਵਿੰਦਰ ਸਿੰਘ ਸਿੱਧੂ ਦੇ ਗ੍ਰਹਿ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਜਸਵਿੰਦਰ ਸਿੰਘ ਸਿੱਧੂ ਨੂੰ ਹਲਕਾ ਧਰਮਕੋਟ ਦੇ ਪ੍ਰਮੁੱਖ ਆਗੂ ਵਜੋਂ ਅਕਾਲੀ ਦਲ ਵਾਰਿਸ ਪੰਜਾਬ ਵਿਚ ਰਸਮੀ ਤੌਰ ’ਤੇ ਸ਼ਾਮਲ ਕਰਦਿਆਂ ਭਵਿੱਖ ਵਿਚ ਪੰਜਾਬ ਦੇ ਹੱਕਾਂ ਦੀ ਲੜਾਈ ਹੋਰ ਮਜ਼ਬੂਤੀ ਨਾਲ ਲੜਨ ਦਾ ਸੰਦੇਸ਼ ਦਿੱਤਾ। ਉਪਰੰਤ ਵਾਲੀਆਂ ਪੈਲੇਸ ਵਿਖੇ ਹੋਏ ਵਿਸ਼ਾਲ ਜਨ ਇਕੱਠ ਵਿਚ ਪਾਰਟੀ ਦੇ ਸੀਨੀਅਰ ਆਗੂਆਂ ਨੇ ਪੰਜਾਬ ਦੇ ਅਹਿਮ ਮੁੱਦਿਆਂ ’ਤੇ ਆਪਣੇ ਵਿਚਾਰ ਰੱਖੇ। ਉਨ੍ਹਾਂ ਪੰਜਾਬ ਦੇ ਦਰਿਆਈ ਪਾਣੀਆਂ ਦੀ ਰੱਖਿਆ, ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ, 1984 ਦੀਆਂ ਘਟਨਾਵਾਂ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਅਤੇ ਪੰਜਾਬ ਦੇ ਸੰਵਿਧਾਨਕ ਤੇ ਆਰਥਿਕ ਹੱਕਾਂ ਦੀ ਰਾਖੀ ਲਈ ਲੋਕਾਂ ਨੂੰ ਇਕਜੁੱਟ ਹੋਣ ਦਾ ਸੱਦਾ ਦਿੱਤਾ। ਸਮਾਗਮ ਵਿਚ ਹਲਕਾ ਦਾਖਾ ਤੋਂ ਮਨਪ੍ਰੀਤ ਸਿੰਘ ਇਆਲੀ ਅਤੇ ਮੈਂਬਰ ਪਾਰਲੀਮੈਂਟ ਸਰਬਜੀਤ ਸਿੰਘ ਖ਼ਾਲਸਾ ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਆਪਣੇ ਸੰਬੋਧਨਾਂ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਵਿਚ ਨਸ਼ਾਖੋਰੀ, ਫਿਰੌਤੀਆਂ, ਕਤਲਾਂ ਅਤੇ ਕਾਨੂੰਨ-ਵਿਵਸਥਾ ਨਾਲ ਜੁੜੀਆਂ ਚੁਣੌਤੀਆਂ ਕਾਰਨ ਲੋਕ ਚਿੰਤਤ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਸੁਰੱਖਿਅਤ, ਖੁਸ਼ਹਾਲ ਅਤੇ ਨਿਆਂਪੂਰਨ ਬਣਾਉਣ ਲਈ ਲੋਕਾਂ ਨੂੰ ਇੱਕ ਮੰਚ ’ਤੇ ਇਕੱਠੇ ਹੋਣ ਦੀ ਲੋੜ ਹੈ। ਰਸਮੀ ਸ਼ਮੂਲੀਅਤ ਤੋਂ ਬਾਅਦ ਜਸਵਿੰਦਰ ਸਿੰਘ ਸਿੱਧੂ ਨੇ ਸਮੂਹ ਪਾਰਟੀ ਆਗੂਆਂ, ਬਾਪੂ ਤਰਸੇਮ ਸਿੰਘ, ਮੋਗਾ ਟੀਮ, ਨੌਜਵਾਨਾਂ ਅਤੇ ਵੱਡੀ ਗਿਣਤੀ ਵਿਚ ਪਹੁੰਚੇ ਇਲਾਕਾ ਨਿਵਾਸੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਸੰਦੀਪ ਸਿੰਘ ਮੋਜਗੜ, ਹਰਮਨ ਦੀਪ ਕੋਰ ਇਸਤਰੀ ਵਿੰਗ ਪੰਜਾਬ, ਰਸ਼ਪਾਲ ਸਿੰਘ ਸ਼ੋਸ਼ਨ, ਅਮਰਜੀਤ ਸਿੰਘ ਨਿਹਾਲਗੜ, ਭਾਈ ਕਰਮਜੀਤ ਸਿੰਘ ਰਸੂਲਪੁਰ, ਜਸਵੀਰ ਸਿੰਘ, ਸੁਰਜੀਤ ਸਿੰਘ ਸਿੱਧੂ ਅਤੇ ਗੁਰਪ੍ਰੀਤ ਸਿੰਘ ਸਿੱਧੂ ਸੋਨੂੰ ਹਾਜ਼ਰ ਸਨ।