- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੀਐੱਸਈਬੀ ਇੰਪਲਾਇਜ਼ ਜੁਆਇੰਟ ਪੀਐੱਸਈਬੀ ਇੰਪਲਾਇਜ਼ ਜੁਆਇੰਟ

- ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਹੋਵੇਗਾ ਹੋਰ ਤਿੱਖਾ
ਵਕੀਲ ਮਹਿਰੋਂ, ਪੰਜਾਬੀ ਜਾਗਰਣ
ਮੋਗਾ : ਪੀਐੱਸਈਬੀ ਇੰਪਲਾਈਜ਼ ਜੁਆਇੰਟ ਫੋਰਮ ਪੰਜਾਬ, ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ, ਐਸੋਸੀਏਸ਼ਨ ਆਫ਼ ਜੂਨੀਅਰ ਇੰਜੀਨੀਅਰਜ਼, ਗਰਿੱਡ ਸਬ ਸਟੇਸ਼ਨ ਇੰਪਲਾਈਜ਼ ਯੂਨੀਅਨ ਪਾਵਰਕਾਮ ਤੇ ਟਰਾਂਸਕੋ ਪੈਨਸ਼ਨ ਯੂਨੀਅਨ, ਪੈਨਸ਼ਨ ਵੈੱਲਫੇਅਰ ਫੈੱਡਰੇਸ਼ਨ ਅਤੇ ਮੁਲਾਜ਼ਮ ਯੂਨਾਈਟਡ ਦੇ ਸਾਂਝੇ ਸੱਦੇ ’ਤੇ ਸ਼ੁੱਕਰਵਾਰ ਨੂੰ ਮੋਗਾ ਵਿਖੇ ਕਨਵੀਨਰ ਮਨਜੋਤ ਸਿੰਘ ਬਰਾੜ ਦੀ ਅਗਵਾਈ ਹੇਠ ਵਿਸ਼ਾਲ ਰੋਸ ਰੈਲੀ ਕੀਤੀ ਗਈ। ਰੈਲੀ ਦੌਰਾਨ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਪੰਜਾਬ ਸਰਕਾਰ ਅਤੇ ਪਾਵਰਕਾਮ ਪ੍ਰਬੰਧਨ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਤੁਰੰਤ ਲਾਗੂ ਕਰਨ ਦੀ ਮੰਗ ਕੀਤੀ।
ਆਗੂਆਂ ਨੇ ਕਿਹਾ ਕਿ 20 ਜੁਲਾਈ 2020 ਤੋਂ ਬਾਅਦ ਭਰਤੀ ਹੋਏ ਕਰਮਚਾਰੀਆਂ ’ਤੇ ਕੇਂਦਰ ਦੇ ਪੇ-ਸਕੇਲ ਧੱਕੇਸ਼ਾਹੀ ਨਾਲ ਲਾਗੂ ਕਰਨ ਦੀ ਕੋਸ਼ਿਸ਼ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ, ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨ, ਪਾਵਰਕਾਮ ਨੂੰ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨ ਦੀਆਂ ਨੀਤੀਆਂ ਨੂੰ ਰੱਦ ਕਰਨ, ਸਾਢੇ ਚਾਰ ਸਾਲਾਂ ਤੋਂ ਬਕਾਇਆ 18 ਫ਼ੀਸਦੀ ਮਹਿੰਗਾਈ ਭੱਤਾ ਜਾਰੀ ਕਰਨ, ਖਾਲੀ ਅਸਾਮੀਆਂ ਤੁਰੰਤ ਭਰਨ ਅਤੇ ਗਰਿੱਡਾਂ ’ਤੇ ਰਾਤ ਸਮੇਂ ਇਕੱਲੇ ਡਿਊਟੀ ਕਰਦੇ ਕਰਮਚਾਰੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ। ਇਸ ਮੌਕੇ ਆਗੂਆਂ ਨੇ ਬਰਨਾਲਾ ਵਿਚ ਸੰਘਰਸ਼ ਕਰ ਰਹੇ ਸਫ਼ਾਈ ਕਰਮਚਾਰੀਆਂ ’ਤੇ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ। ਇਸ ਦੇ ਨਾਲ ਹੀ ਦਿੱਲੀ ਦੇ ਜੰਤਰ-ਮੰਤਰ ਤੋਂ ਸੰਸਦ ਵੱਲ ਮਾਰਚ ਕਰ ਰਹੇ ਵਿਦਿਆਰਥੀਆਂ ’ਤੇ ਕੀਤੇ ਗਏ ਲਾਠੀਚਾਰਜ ਨੂੰ ਵੀ ਲੋਕਤੰਤਰ ’ਤੇ ਹਮਲਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਅਣਡਿੱਠਾ ਕਰ ਰਹੀ ਹੈ, ਜਿਸ ਕਾਰਨ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ।
ਆਗੂਆਂ ਨੇ ਸਮੂਹ ਮੁਲਾਜ਼ਮਾਂ ਨੂੰ ਏਕਤਾ ਬਣਾਈ ਰੱਖਣ ਅਤੇ ਆਉਣ ਵਾਲੇ ਸੰਘਰਸ਼ਾਂ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਅਤੇ ਪਾਵਰਕਾਮ ਪ੍ਰਬੰਧਨ ਨੇ ਜਲਦੀ ਮੰਗਾਂ ਦਾ ਹੱਲ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਅਤੇ ਪਾਵਰਕਾਮ ਪ੍ਰਬੰਧਨ ਦੀ ਹੋਵੇਗੀ। ਇਸ ਮੌਕੇ ਦੱਸਿਆ ਗਿਆ ਕਿ ਪਹਿਲਾਂ ਐਲਾਨੀ ਸਮੂਹਿਕ ਛੁੱਟੀ ਨੂੰ ਵਧਾਉਂਦਿਆਂ ਹੁਣ 25 ਅਤੇ 26 ਜੁਲਾਈ ਤੱਕ ਦੋ ਦਿਨਾਂ ਦੀ ਸਮੂਹਿਕ ਛੁੱਟੀ ਦਾ ਸੱਦਾ ਦਿੱਤਾ ਗਿਆ ਹੈ। ਰੈਲੀ ਨੂੰ ਸਰਕਲ ਆਗੂ ਪਲਵਿੰਦਰ ਸਿੱਧੂ ਏਟਕ, ਪਾਲ ਸਿੰਘ ਪੈਨਸ਼ਨਰ ਆਗੂ, ਅਮਨਪ੍ਰੀਤ ਸਿੰਘ ਟੀਐੱਸਯੂ, ਜਗਤਾਰ ਸਿੰਘ ਏਟਕ, ਜਸਵਿੰਦਰ ਸਿੰਘ ਟੀਐੱਸਯੂ, ਪ੍ਰਦੀਪ ਕੁਮਾਰ, ਗੋਪਾਲ ਸਿੰਘ ਨੌਰਥ, ਜਸਪਾਲ ਸਿੰਘ ਡਵੀਜ਼ਨ ਆਗੂ, ਗੁਰਮੇਲ ਸਿੰਘ ਨਾਹਰ ਪੈਨਸ਼ਨਰ ਆਗੂ, ਬੂਟਾ ਸਿੰਘ ਜੇਈ, ਨਿਰਮਲ ਸਿੰਘ ਮਾਹਲਾ ਆਈਟੀਆਈ, ਗੁਰਪ੍ਰੀਤ ਸਿੰਘ ਧਰਮਕੋਟ ਅਤੇ ਬਲਵਿੰਦਰ ਸਿੰਘ ਉੱਭੀ ਜ਼ੋਨ ਸਕੱਤਰ, ਟੀਐੱਸਯੂ ਬਠਿੰਡਾ ਸਮੇਤ ਹੋਰ ਆਗੂਆਂ ਨੇ ਸੰਬੋਧਨ ਕੀਤਾ। ਰੈਲੀ ਵਿਚ ਵੱਡੀ ਗਿਣਤੀ ਵਿਚ ਬਿਜਲੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਸ਼ਮੂਲੀਅਤ ਕਰ ਕੇ ਸੰਘਰਸ਼ ਨੂੰ ਪੂਰਾ ਸਮਰਥਨ ਦਿੱਤਾ।