ਬੰਬ ਦੀ ਧਮਕੀ ਤੋਂ ਬਾਅਦ ਪੁਲਿਸ ਅਲਰਟ
ਪੰਜਾਬ ਵਿਚ ਉਸ ਸਮੇਂ ਦਹਿਸ਼ਤ ਦਾ ਮਹੌਲ
Publish Date: Thu, 08 Jan 2026 05:38 PM (IST)
Updated Date: Fri, 09 Jan 2026 04:06 AM (IST)

ਬਾਘਾਪੁਰਾਣਾ ਤੇ ਨਿਹਾਲ ਸਿੰਘ ਵਾਲਾ ਅਦਾਲਤਾਂ ’ਚ ਸੁਰੱਖਿਆ ਏਜੰਸੀਆਂ ਮੁਸਤੈਦ, ਡਾਗ ਸਕੁਐਡ ਨਾਲ ਕੀਤੀ ਜਾਂਚ ਵਕੀਲ ਮਹਿਰੋਂ, ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਮੋਗਾ : ਪੰਜਾਬ ਵਿਚ ਉਸ ਸਮੇਂ ਦਹਿਸ਼ਤ ਦਾ ਮਹੌਲ ਬਣ ਗਿਆ ਜਦੋਂ ਰਾਜ ਦੇ ਕਈ ਜ਼ਿਲ੍ਹਿਆਂ ਵਿਚ ਸਥਿਤ ਕੋਰਟ ਕੰਪਲੈਕਸਾਂ ਨੂੰ ਬੰਬ ਨਾਲ ਉਡਾਉਣ ਸਬੰਧੀ ਧਮਕੀ ਭਰੀਆਂ ਈਮੇਲਾਂ ਮਿਲਣ ਦੀ ਜਾਣਕਾਰੀ ਸਾਹਮਣੇ ਆਈ। ਫਿਰੋਜ਼ਪੁਰ ਆਦਲ਼ਤ ਕੰਪਲੈਕਸ ਨੂੰ ਮਿਲੀ ਧਮਕੀ ਤੋਂ ਬਾਅਦ ਮੋਗਾ ਜ਼ਿਲ੍ਹਾ ਅਦਾਲਤ, ਬਾਘਾਪੁਰਾਣਾ ਅਤੇ ਨਿਹਾਲ ਸਿੰਘ ਵਾਲਾ ਕੋਰਟ ਨੂੰ ਵੀ ਅਜਿਹੀਆਂ ਹੀ ਈਮੇਲਾਂ ਪ੍ਰਾਪਤ ਹੋਣ ਕਾਰਨ ਪ੍ਰਸ਼ਾਸਨ ਵਿਚ ਹਫ਼ੜਾ ਦਫੜੀ ਮੱਚ ਗਈ ਅਤੇ ਸਾਰੇ ਸੁਰੱਖਿਆ ਵਿਭਾਗ ਤੁਰੰਤ ਅਲਰਟ ਮੋਡ ’ਤੇ ਆ ਗਏ। ਧਮਕੀ ਮਿਲਦੇ ਹੀ ਮੋਗਾ ਪੁਲਿਸ ਪ੍ਰਸ਼ਾਸਨ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਸੁਰੱਖਿਆ ਦੇ ਮੱਦੇਨਜ਼ਰ ਪੂਰੇ ਕੋਰਟ ਕੰਪਲੈਕਸ ਨੂੰ ਖਾਲੀ ਕਰਵਾ ਲਿਆ ਗਿਆ। ਕੋਰਟ ਵਿਚ ਮੌਜੂਦ ਵਕੀਲਾਂ, ਮੁਕੱਦਮੇਬਾਜ਼ਾਂ, ਅਦਾਲਤੀ ਕਰਮਚਾਰੀਆਂ ਅਤੇ ਆਮ ਲੋਕਾਂ ਨੂੰ ਤੁਰੰਤ ਬਾਹਰ ਕੱਢਿਆ ਗਿਆ। ਸਥਿਤੀ ਦੀ ਗੰਭੀਰਤਾ ਨੂੰ ਦੇਖਦੇ ਹੋਏ ਕੋਰਟ ਕੰਪਲੈਕਸ ਦੇ ਸਾਰੇ ਮੁੱਖ ਅਤੇ ਸਹਾਇਕ ਗੇਟ ਸੀਲ ਕਰ ਦਿੱਤੇ ਗਏ ਅਤੇ ਅੰਦਰ, ਬਾਹਰ ਆਵਾਜਾਈ ’ਤੇ ਪੂਰੀ ਤਰ੍ਹਾਂ ਰੋਕ ਲਗਾ ਦਿੱਤੀ ਗਈ। ਧਮਕੀ ਦੀ ਸੂਚਨਾ ਮਿਲਣ ਉਪਰੰਤ ਮੋਗਾ ਦੇ ਐੱਸਐੱਸਪੀ ਅਜੇ ਗਾਂਧੀ ਸਮੇਤ ਪੁਲਿਸ ਦੇ ਉੱਚ ਅਧਿਕਾਰੀ ਤੁਰੰਤ ਮੌਕੇ ’ਤੇ ਪਹੁੰਚੇ। ਉਨ੍ਹਾਂ ਦੀ ਅਗਵਾਈ ਹੇਠ ਕੋਰਟ ਕੰਪਲੈਕਸ ਦੀ ਸੁਰੱਖਿਆ ਵਧਾਉਂਦਿਆਂ ਪੁਲਿਸ ਫੋਰਸ ਤਾਇਨਾਤ ਕੀਤੀ ਗਈ। ਕੋਰਟ ਦੇ ਹਰ ਕਮਰੇ, ਦਫ਼ਤਰ, ਰਿਕਾਰਡ ਰੂਮ, ਬੇਸਮੈਂਟ, ਛੱਤਾਂ ਅਤੇ ਆਸ-ਪਾਸ ਦੇ ਖੇਤਰਾਂ ਦੀ ਬਰੀਕੀ ਨਾਲ ਜਾਂਚ ਕਰਨ ਲਈ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ। ਸੁਰੱਖਿਆ ਕਾਰਨਾਂ ਕਰਕੇ ਡਾਗ ਸਕੁਐਡ ਦੀ ਮਦਦ ਨਾਲ ਵੀ ਪੂਰੀ ਇਮਾਰਤ ਦੀ ਬਰੀਕੀ ਨਾਲ ਤਲਾਸ਼ੀ ਲਈ ਗਈ। ਬੰਬ ਨਿਪਟਾਰਾ ਦਸਤੇ ਨੂੰ ਵੀ ਅਲਰਟ ’ਤੇ ਰੱਖਿਆ ਗਿਆ ਤਾਂ ਜੋ ਕਿਸੇ ਵੀ ਸੰਭਾਵਿਤ ਖ਼ਤਰੇ ਨਾਲ ਤੁਰੰਤ ਨਜਿੱਠਿਆ ਜਾ ਸਕੇ। ਕੋਰਟ ਕੰਪਲੈਕਸ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿਚ ਵੀ ਪੁਲਿਸ ਵੱਲੋਂ ਸਖ਼ਤ ਨਾਕਾਬੰਦੀ ਅਤੇ ਨਿਗਰਾਨੀ ਕੀਤੀ ਗਈ। ਇਸੇ ਤਰ੍ਹਾਂ ਬਾਘਾਪੁਰਾਣਾ ਕੋਰਟ ਕੰਪਲੈਕਸ ਵਿਚ ਡੀਐੱਸਪੀ ਦਲਬੀਰ ਸਿੰਘ ਅਤੇ ਇੰਸਪੈਕਟਰ ਜਤਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮਾਂ ਨੇ ਵੱਡੇ ਪੱਧਰ ’ਤੇ ਤਲਾਸ਼ੀ ਮੁਹਿੰਮ ਚਲਾਈ। ਇੱਥੇ ਵੀ ਵਕੀਲਾਂ, ਮੁਕੱਦਮੇਬਾਜ਼ਾਂ ਅਤੇ ਆਮ ਲੋਕਾਂ ਨੂੰ ਕੋਰਟ ਕੰਪਲੈਕਸ ਤੋਂ ਬਾਹਰ ਕੱਢ ਕੇ ਹਰ ਕੋਨੇ ਦੀ ਬਰੀਕੀ ਨਾਲ ਜਾਂਚ ਕੀਤੀ ਗਈ। ਨਿਹਾਲ ਸਿੰਘ ਵਾਲਾ ਕੋਰਟ ਕੰਪਲੈਕਸ ਵਿਚ ਵੀ ਲੋਕਾਂ ਨੂੰ ਤੁਰੰਤ ਬਾਹਰ ਕੱਢ ਕੇ ਪੂਰੀ ਇਮਾਰਤ ਨੂੰ ਖੰਗਾਲਿਆ ਗਿਆ। ਮੌਕੇ ’ਤੇ ਮੀਡੀਆ ਨਾਲ ਗੱਲਬਾਤ ਕਰਦਿਆਂ ਐੱਸਐੱਸਪੀ ਅਜੇ ਗਾਂਧੀ ਨੇ ਦੱਸਿਆ ਕਿ ਮੋਗਾ ਜ਼ਿਲ੍ਹਾ ਅਦਾਲਤ ਨੂੰ ਬੰਬ ਨਾਲ ਉਡਾਉਣ ਸਬੰਧੀ ਇਕ ਧਮਕੀ ਭਰੀ ਈਮੇਲ ਪ੍ਰਾਪਤ ਹੋਈ ਸੀ। ਉਨ੍ਹਾਂ ਕਿਹਾ ਕਿ ਲੋਕਾਂ ਦੀ ਜਾਨ–ਮਾਲ ਦੀ ਸੁਰੱਖਿਆ ਪੁਲਿਸ ਦੀ ਪਹਿਲ ਹੈ ਅਤੇ ਕਿਸੇ ਵੀ ਅਣਚਾਹੀ ਘਟਨਾ ਤੋਂ ਬਚਾਅ ਲਈ ਪੂਰੀ ਸਾਵਧਾਨੀ ਵਰਤੀ ਜਾ ਰਹੀ ਹੈ। ਫਿਲਹਾਲ ਤਲਾਸ਼ੀ ਦੌਰਾਨ ਕੋਈ ਵੀ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ, ਪਰ ਜਾਂਚ ਜਾਰੀ ਹੈ। ਐੱਸਐੱਸਪੀ ਨੇ ਇਹ ਵੀ ਦੱਸਿਆ ਕਿ ਧਮਕੀ ਭਰੀ ਈਮੇਲ ਦੇ ਸਰੋਤ ਦੀ ਪੜਤਾਲ ਲਈ ਸਾਇਬਰ ਸੈੱਲ ਦੀ ਮਦਦ ਲਈ ਜਾ ਰਹੀ ਹੈ। ਈਮੇਲ ਭੇਜਣ ਵਾਲੇ ਵਿਅਕਤੀ ਜਾਂ ਕਿਸੇ ਸੰਭਾਵਿਤ ਗਿਰੋਹ ਦੀ ਪਛਾਣ ਕਰਨ ਲਈ ਤਕਨੀਕੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਜਿਵੇਂ ਹੀ ਕੋਈ ਠੋਸ ਸੁਰਾਗ ਮਿਲਦਾ ਹੈ, ਉਸ ਅਧਾਰ ’ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਇਸ ਘਟਨਾ ਤੋਂ ਬਾਅਦ ਕੋਰਟ ਕੰਪਲੈਕਸਾਂ ਵਿਚ ਆਉਣ ਵਾਲੇ ਵਕੀਲਾਂ, ਮੁਕੱਦਮੇਬਾਜ਼ਾਂ ਅਤੇ ਆਮ ਲੋਕਾਂ ਵਿਚ ਡਰ ਅਤੇ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਹਾਲਾਂਕਿ ਪੁਲਿਸ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਅਫਵਾਹਾਂ ਤੋਂ ਦੂਰ ਰਹਿਣ ਅਤੇ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਗਈ ਹੈ। ਇਹ ਵੀ ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਪੰਜਾਬ ਦੇ ਕਈ ਧਾਰਮਿਕ ਸਥਾਨਾਂ, ਸਕੂਲਾਂ ਅਤੇ ਅਦਾਲਤਾਂ ਨੂੰ ਅਜਿਹੀਆਂ ਧਮਕੀ ਭਰੀਆਂ ਈਮੇਲਾਂ ਮਿਲ ਚੁੱਕੀਆਂ ਹਨ, ਪਰ ਜਾਂਚ ਦੌਰਾਨ ਹਰ ਵਾਰ ਇਹ ਝੂਠੀਆਂ ਸਾਬਤ ਹੋਈਆਂ ਹਨ। ਫਿਲਹਾਲ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ ਅਤੇ ਸਥਿਤੀ ’ਤੇ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ, ਜਦਕਿ ਇਸ ਮਾਮਲੇ ਸਬੰਧੀ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।