
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਵਿਧਾਨ ਸਭਾ ਹਲਕਾ ਮੋਗਾ ਦੀ

ਪੱਤਰ ਪ੍ਰੇਰਕ ਪੰਜਾਬੀ ਜਾਗਰਣ, ਮੋਗਾ: ਵਿਧਾਨ ਸਭਾ ਹਲਕਾ ਮੋਗਾ ਦੀ ਕਾਂਗਰਸ ਪਾਰਟੀ ਦੀ ਇੰਚਾਰਜ ਮਾਲਵਿਕਾ ਸੂਦ ਨੇ ਸਰਕਾਰੀ ਮੁਲਾਜ਼ਮਾਂ ਵੱਲੋਂ ਆਪਣੇ ਬਕਾਇਆ ਮਹਿੰਗਾਈ ਭੱਤੇ ਡੀਏ ਜਾਰੀ ਕਰਵਾਉਣ ਅਤੇ ਪੁਰਾਣੀ ਪੈਨਸ਼ਨ ਸਕੀਮ ਓਪੀਐੱਸ ਬਹਾਲ ਕਰਨ ਦੀ ਮੰਗ ਨੂੰ ਲੈ ਕੇ ਕੀਤੇ ਜਾ ਰਹੇ ਸੰਘਰਸ਼ ਦੀ ਹਮਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਸਰਕਾਰੀ ਕਰਮਚਾਰੀਆਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਇਨ੍ਹਾਂ ਨੂੰ ਤੁਰੰਤ ਮੰਨ ਕੇ ਲਾਗੂ ਕਰਨਾ ਚਾਹੀਦਾ ਹੈ। ਮਾਲਵਿਕਾ ਸੂਦ ਨੇ ਕਿਹਾ ਕਿ ਸਰਕਾਰੀ ਮੁਲਾਜ਼ਮਾਂ ਵੱਲੋਂ ਬਕਾਇਆ ਡੀਏ ਜਾਰੀ ਕਰਨ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਸਬੰਧੀ ਉਠਾਈਆਂ ਜਾ ਰਹੀਆਂ ਮੰਗਾਂ ਪੂਰੀ ਤਰ੍ਹਾਂ ਜਾਇਜ਼ ਹਨ। ਉਨ੍ਹਾਂ ਕਿਹਾ ਕਿ ਕਰਮਚਾਰੀ ਸਰਕਾਰ ਤੋਂ ਕੋਈ ਵਿਸ਼ੇਸ਼ ਰਿਆਇਤ ਜਾਂ ਵਾਧੂ ਸਹੂਲਤ ਦੀ ਮੰਗ ਨਹੀਂ ਕਰ ਰਹੇ, ਸਗੋਂ ਆਪਣੇ ਹੱਕਾਂ ਦੀ ਮੰਗ ਕਰ ਰਹੇ ਹਨ। ਅਜਿਹੇ ਵਿਚ ਸਰਕਾਰ ਦਾ ਫਰਜ਼ ਬਣਦਾ ਹੈ ਕਿ ਉਹ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਕੱਢੇ ਅਤੇ ਉਨ੍ਹਾਂ ਨੂੰ ਲੰਬੇ ਸਮੇਂ ਤੱਕ ਸੰਘਰਸ਼ ਕਰਨ ਲਈ ਮਜਬੂਰ ਨਾ ਹੋਣਾ ਪਵੇ। ਉਨ੍ਹਾਂ ਕਿਹਾ ਕਿ ਮਹਿੰਗਾਈ ਦੇ ਮੌਜੂਦਾ ਦੌਰ ਵਿਚ ਮੁਲਾਜ਼ਮਾਂ ਦੇ ਡੀਏ ਦੇ ਬਕਾਏ ਜਾਰੀ ਕਰਨਾ ਬੇਹੱਦ ਜ਼ਰੂਰੀ ਹੈ। ਇਸੇ ਤਰ੍ਹਾਂ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਵੀ ਸਰਕਾਰੀ ਕਰਮਚਾਰੀਆਂ ਨਾਲ ਜੁੜਿਆ ਇਕ ਅਹਿਮ ਮੁੱਦਾ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਇਨ੍ਹਾਂ ਦੋਵੇਂ ਮਸਲਿਆਂ ਸਬੰਧੀ ਬਿਨ੍ਹਾਂ ਕਿਸੇ ਹੋਰ ਦੇਰੀ ਦੇ ਠੋਸ ਫੈਸਲਾ ਲਿਆ ਜਾਵੇ। ਮਾਲਵਿਕਾ ਸੂਦ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਸਰਕਾਰੀ ਮੁਲਾਜ਼ਮਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਦੀ ਰਹੀ ਹੈ ਅਤੇ ਭਵਿੱਖ ਵਿਚ ਵੀ ਮੁਲਾਜ਼ਮਾਂ ਦੇ ਸੰਘਰਸ਼ ਦੀ ਹਮਾਇਤ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਸਰਕਾਰੀ ਕਰਮਚਾਰੀ ਸਰਕਾਰੀ ਪ੍ਰਬੰਧ ਦਾ ਅਹਿਮ ਹਿੱਸਾ ਹਨ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਨਜ਼ਰਅੰਦਾਜ਼ ਕਰਨਾ ਠੀਕ ਨਹੀਂ ਹੈ। ਇਸ ਮੌਕੇ ਉਨ੍ਹਾਂ ਲੰਘੀ 27 ਅਗਸਤ ਨੂੰ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਗਈ ਮਹਾਂ ਹੜਤਾਲ ਦੌਰਾਨ ਕਰਮਚਾਰੀਆਂ ’ਤੇ ਕੀਤੀ ਗਈ ਕਾਰਵਾਈ ਦੀ ਵੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਆਪਣੇ ਹੱਕਾਂ ਲਈ ਲੋਕਤੰਤਰਿਕ ਢੰਗ ਨਾਲ ਸੰਘਰਸ਼ ਕਰ ਰਹੇ ਮੁਲਾਜ਼ਮਾਂ ਨੂੰ ਦਬਾਉਣ ਦੀ ਬਜਾਏ ਸਰਕਾਰ ਨੂੰ ਉਨ੍ਹਾਂ ਨਾਲ ਗੱਲਬਾਤ ਕਰ ਕੇ ਮਸਲਿਆਂ ਦਾ ਹੱਲ ਕਰਨਾ ਚਾਹੀਦਾ ਹੈ। ਉਨ੍ਹਾਂ ਮੁਲਾਜ਼ਮਾਂ ਨੂੰ ਜਾਰੀ ਕੀਤੇ ਗਏ ਕਾਰਨ ਦੱਸੋ ਨੋਟਿਸਾਂ ਦੀ ਵੀ ਨਿੰਦਾ ਕਰਦਿਆਂ ਕਿਹਾ ਕਿ ਸਰਕਾਰ ਨੂੰ ਟਕਰਾਅ ਵਾਲਾ ਰੁਖ ਅਪਣਾਉਣ ਦੀ ਬਜਾਏ ਮੁਲਾਜ਼ਮਾਂ ਦੀਆਂ ਮੰਗਾਂ ’ਤੇ ਵਿਚਾਰ ਕਰ ਕੇ ਉਨ੍ਹਾਂ ਨੂੰ ਬਣਦਾ ਹੱਕ ਦੇਣਾ ਚਾਹੀਦਾ ਹੈ।