ਕਾਮਿਆਂ ਦੀ ਭਲਾਈ ਲਈ ਸਫ਼ਾਈ ਕਮਿਸ਼ਨ ਵਚਨਬੱਧ : ਕਲਿਆਣ
ਪੰਜਾਬ ਰਾਜ ਦੇ ਸਫ਼ਾਈ ਕਰਮਚਾਰੀ
Publish Date: Wed, 25 Mar 2026 04:52 PM (IST)
Updated Date: Thu, 26 Mar 2026 04:02 AM (IST)

ਕਿਹਾ, ਮੁਲਾਜ਼ਮਾਂ ਲਈ ਸੁਰੱਖਿਆ ਉਪਕਰਨ ਯਕੀਨੀ ਬਣਾਏ ਜਾਣ ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ, ਮੋਗਾ : ਪੰਜਾਬ ਰਾਜ ਦੇ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਵਾਈਸ ਚੇਅਰਮੈਨ ਸੁਰਿੰਦਰ ਕਲਿਆਣ ਵੱਲੋਂ ਸਥਾਨਕ ਨਗਰ ਨਿਗਮ ਵਿਖੇ ਵਿਖੇ ਜ਼ਿਲ੍ਹਾ ਮੋਗਾ ਦੇ ਸਫ਼ਾਈ ਕਰਮਚਾਰੀਆਂ ਅਤੇ ਸੀਵਰਮੈਨਾਂ ਨਾਲ ਸਬੰਧਤ ਜੱਥੇਬੰਦੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕੀਤੀ।ਮੀਟਿੰਗ ਦੌਰਾਨ ਉਨ੍ਹਾਂ ਨਾਲ ਮੇਅਰ ਨਗਰ ਨਿਗਮ ਮੋਗਾ ਪ੍ਰਵੀਨ ਸ਼ਰਮਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਵਾਈਸ ਚੇਅਰਮੈਨ ਸੁਰਿੰਦਰ ਕਲਿਆਣ ਨੇ ਕਿਹਾ ਕਿ ਸਫ਼ਾਈ ਕਮਿਸ਼ਨ ਸਫ਼ਾਈ ਸੇਵਕਾਂ/ਸੀਵਰਮੈਨਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ ਸਫ਼ਾਈ ਕਰਮਚਾਰੀਆਂ ਅਤੇ ਸੀਵਰਮੈਨਾਂ ਦੇ ਹੱਕਾਂ ਦੀ ਰਾਖੀ ਲਈ ਹਮੇਸ਼ਾ ਚੱਟਾਨ ਵਾਂਗ ਉਨ੍ਹਾਂ ਦੇ ਨਾਲ ਖੜ੍ਹਾ ਹੈ ਅਤੇ ਡੱਟ ਕੇ ਖੜ੍ਹਾ ਰਹੇਗਾ। ਉਨ੍ਹਾਂ ਕਿਹਾ ਕਿ ਸਫ਼ਾਈ ਕਰਮਚਾਰੀਆਂ ਨੂੰ ਵਰਦੀ, ਸਮੇਂ ਸਿਰ ਤਨਖ਼ਾਹ, ਸਿਹਤ ਸਹੂਲਤਾਂ ਅਤੇ ਕੰਮ ਲਈ ਉਪਕਰਨ ਮੁਹੱਈਆ ਕਰਵਾਉਣ ਸਮੇਤ ਜਿਨ੍ਹਾਂ ਕਰਮਚਾਰੀਆਂ ਨੂੰ ਆਪਣੇ ਬੈਂਕ ਖਾਤੇ ਸਬੰਧੀ ਕੇਵਾਈਸੀ ਆਦਿ ਦੀ ਸਮੱਸਿਆ ਹੈ, ਨੂੰ ਵੀ ਹੱਲ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਨਗਰ ਨਿਗਮਾਂ ਦੇ ਪੱਧਰ ’ਤੇ ਹੱਲ ਹੋਣ ਵਾਲੀਆਂ ਮੁਸ਼ਕਲਾਂ ਦੇ ਹੱਲ ਲਈ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ ਜਦਕਿ ਜੋ ਸਮੱਸਿਆਵਾਂ ਮੁੱਖ ਦਫ਼ਤਰਾਂ ਨਾਲ ਸਬੰਧਤ ਹਨ, ਉਨ੍ਹਾਂ ਬਾਰੇ ਕਮਿਸ਼ਨ ਵਲੋਂ ਪੰਜਾਬ ਸਰਕਾਰ ਨਾਲ ਰਾਬਤਾ ਕਾਇਮ ਕੀਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕੀਤੇ ਕਿ ਸਫ਼ਾਈ ਕਰਮਚਾਰੀਆਂ ਤੇ ਸੀਵਰਮੈਨਾਂ ਨੂੰ ਸਾਰੇ ਸੁਰੱਖਿਆ ਪੁਕਰਨ ਮੁਹੱਈਆ ਕਰਵਾਉਣੇ ਯਕੀਨੀ ਬਣਾਏ ਜਾਣ ਤਾਂ ਕਿ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ ਅਤੇ ਉਹ ਬਿਨ੍ਹਾਂ ਕਿਸੇ ਜੋਖਿਮ ਤੋਂ ਆਪਣਾ ਕੰਮ ਕਰ ਸਕਣ। ਮੀਟਿੰਗ ਦੌਰਾਨ ਉਨ੍ਹਾਂ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੇ ਵੱਖ ਵੱਖ ਮੁੱਦਿਆਂ ’ਤੇ ਵਿਚਾਰ ਵਟਾਂਦਰੇ ਕੀਤੇ। ਉਨ੍ਹਾਂ ਵੱਖ ਵੱਖ ਜਥੇਬੰਦੀਆਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਜਲਦ ਨਿਪਟਾਰੇ ਦਾ ਵੀ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਕਮਿਸ਼ਨ ਸਫ਼ਾਈ ਕਰਮਚਾਰੀਆਂ, ਸੀਵਰਮੈਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵਚਨਬੱਧ ਹੈ। ਉਨ੍ਹਾਂ ਕਮਿਸ਼ਨਰ ਨਗਰ ਨਿਗਮ ਨੂੰ ਸਫ਼ਾਈ ਸੇਵਕਾਂ/ਸੀਵਰਮੇਂਨਾ ਦੀਆਂ ਮੁਸ਼ਕਲਾਂ ਨੂੰ ਪਹਿਲ ਦੇਣ ਲਈ ਨਿਰਦੇਸ਼ ਦਿੱਤੇl ਉਨ੍ਹਾਂ ਕਿਹਾ ਕਿ ਸਮੂਹ ਕਾਰਜ ਸਾਧਕ ਅਫ਼ਸਰ ਸਫ਼ਾਈ ਕਰਮਚਾਰੀਆਂ ਦੀ ਮੈਡੀਕਲ ਸਹੂਲਤ ਲਈ ਈਐੱਸਆਈ ਕਾਰਡ ਜ਼ਰੂਰ ਬਣਵਾਉਣ ਤਾਂ ਜੋ ਉਹ ਵੀ ਲੋੜ ਅਨੁਸਾਰ ਮੁਫ਼ਤ ਇਲਾਜ ਦੀ ਸਹੂਲਤ ਦਾ ਲਾਭ ਲੈ ਸਕਣ। ਵਾਈਸ ਚੇਅਰਮੈਨ ਨੇ ਇਹ ਵੀ ਹਦਾਇਤ ਕੀਤੀ ਕਿ ਕਰਮਚਾਰੀਆਂ ਦੇ ਆਈਡੀ ਕਾਰਡ ਵਿਚ ਈਐੱਸਆਈ ਅਤੇ ਈਪੀਐੱਫ ਨੰਬਰ ਦਰਜ ਜ਼ਰੂਰ ਕੀਤਾ ਜਾਵੇ।